ਅੰਮ੍ਰਿਤਸਰ ’ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, 3 ਜ਼ਖਮੀ; ਇੱਕ ਕਾਬੂ

ਅੰਮ੍ਰਿਤਸਰ (ਅਰਸ਼ਦੀਪ ਸਿੰਘ ਕਾਲੜਾ) :  ਛੇਹਰਟਾ ਇਲਾਕੇ ਵਿੱਚ ਪੁਲਿਸ ਅਤੇ ਸ਼ਿਵਮ ਗੈਂਗ ਨਾਲ ਸਬੰਧਤ ਦੱਸੇ ਜਾ ਰਹੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਮੁਤਾਬਕ ਮੁਕਾਬਲੇ ਦੌਰਾਨ ਤਿੰਨ ਮੁਲਜ਼ਮ ਜ਼ਖਮੀ ਹੋ ਗਏ, ਜਦਕਿ ਇੱਕ ਨੂੰ ਮੌਕੇ ਤੋਂ ਕਾਬੂ ਕਰ ਲਿਆ ਗਿਆ।

ਜਾਣਕਾਰੀ ਅਨੁਸਾਰ ਛੇਹਰਟਾ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁੱਛਗਿੱਛ ਦੌਰਾਨ ਉਸ ਨੇ ਪੁਲਿਸ ਨੂੰ ਦੱਸਿਆ ਕਿ ਥਾਣੇ ਦੇ ਰੋਡ ਨੇੜੇ ਝਾੜੀਆਂ ਵਿੱਚ ਚਾਰ ਬਦਮਾਸ਼ ਲੁਕੇ ਹੋਏ ਹਨ। ਸੂਚਨਾ ਮਿਲਣ ’ਤੇ ਪੁਲਿਸ ਟੀਮ ਮੌਕੇ ’ਤੇ ਪਹੁੰਚੀ।

ਪੁਲਿਸ ਦੇ ਅਨੁਸਾਰ ਮੁਲਜ਼ਮਾਂ ਨੇ ਪੁਲਿਸ ਟੀਮ ’ਤੇ ਫਾਇਰਿੰਗ ਕਰ ਦਿੱਤੀ, ਜਿਸ ਦੇ ਜਵਾਬ ਵਿੱਚ ਪੁਲਿਸ ਵੱਲੋਂ ਵੀ ਗੋਲੀਬਾਰੀ ਕੀਤੀ ਗਈ। ਇਸ ਦੌਰਾਨ ਤਿੰਨ ਮੁਲਜ਼ਮ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਏ। ਤਿੰਨਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਦਕਿ ਇੱਕ ਹੋਰ ਮੁਲਜ਼ਮ ਨੂੰ ਪੁਲਿਸ ਨੇ ਕਾਬੂ ਕਰ ਲਿਆ।

ਪੁਲਿਸ ਵੱਲੋਂ ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ ਅਤੇ ਜਿੰਦਾ ਕਾਰਤੂਸ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰਦਿਆਂ ਮੁਲਜ਼ਮਾਂ ਦੇ ਹੋਰ ਸਾਥੀਆਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਟੀਮਾਂ ਬਣਾਈਆਂ ਹਨ ਅਤੇ ਸੰਭਾਵਿਤ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।