Skip to content
ਇੱਕ ਪਿਸਤੌਲ, ਮੋਬਾਈਲ ਫ਼ੋਨ ਅਤੇ ਮੋਟਰਸਾਈਕਲ ਵੀ ਕੀਤਾ ਬਰਾਮਦ
ਅੰਮ੍ਰਿਤਸਰ (ਅਮਿਤ ਨੱਖਵਾਲ) ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਹੈਰੋਇਨ ਤਸਕਰੀ ਦੇ ਦੋ ਵੱਖ-ਵੱਖ ਮਾਮਲਿਆਂ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਕੁੱਲ 23 ਕਿਲੋਗ੍ਰਾਮ 18 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਇੱਕ ਪਿਸਤੌਲ, ਇੱਕ ਮੈਗਜ਼ੀਨ, ਮੋਬਾਈਲ ਫ਼ੋਨ ਅਤੇ ਇੱਕ ਮੋਟਰਸਾਈਕਲ ਵੀ ਜ਼ਬਤ ਕੀਤਾ ਗਿਆ ਹੈ।
ਪੁਲਿਸ ਅਨੁਸਾਰ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਦੋਵਾਂ ਮਾਮਲਿਆਂ ਵਿੱਚ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤੇ ਗਏ ਹਨ, ਜਦਕਿ ਪਹਿਲੇ ਮਾਮਲੇ ਵਿੱਚ ਆਰਮਜ਼ ਐਕਟ ਦੀਆਂ ਧਾਰਾਵਾਂ ਵੀ ਜੋੜੀਆਂ ਗਈਆਂ ਹਨ।
ਪਹਿਲੇ ਮਾਮਲੇ ਵਿੱਚ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਪਾਕਿਸਤਾਨ ਸਥਿਤ ਇੱਕ ਤਸਕਰ ਦੇ ਸੰਪਰਕ ਵਿੱਚ ਸਨ ਅਤੇ ਉੱਥੋਂ ਹੈਰੋਇਨ ਤੇ ਹਥਿਆਰਾਂ ਦੀਆਂ ਖੇਪਾਂ ਮੰਗਵਾਉਂਦੇ ਸਨ। ਇਸ ਸੂਚਨਾ ਦੇ ਆਧਾਰ ‘ਤੇ ਪੁਲਿਸ ਵੱਲੋਂ ਸੈਦਪੁਰਾ ਪਿੰਡ ਨੇੜੇ ਸੜਕ ‘ਤੇ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਇੱਕ ਮੁਲਜ਼ਮ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 13 ਕਿਲੋਗ੍ਰਾਮ ਹੈਰੋਇਨ, ਇੱਕ ਪਿਸਤੌਲ ਅਤੇ ਇੱਕ ਮੈਗਜ਼ੀਨ ਬਰਾਮਦ ਹੋਈ।
ਇਸੇ ਤਰ੍ਹਾਂ ਦੂਜੇ ਮਾਮਲੇ ਵਿੱਚ ਘਰਿੰਡਾ ਪੁਲਿਸ ਵੱਲੋਂ ਜੀ.ਟੀ. ਰੋਡ ‘ਤੇ ਸਰਕਾਰੀ ਬਾਗ ਨੇੜੇ ਨਾਕਾਬੰਦੀ ਦੌਰਾਨ ਗੁਰਬਖਸ਼ੀਸ਼ ਸਿੰਘ ਉਰਫ਼ ਬਖਸ਼ੀਸ਼ ਅਤੇ ਬਿਕਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੋਵੇਂ ਵਿਅਕਤੀ ਹੈਰੋਇਨ ਦੀ ਖੇਪ ਲੈ ਕੇ ਜਾ ਰਹੇ ਹਨ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 10 ਕਿਲੋਗ੍ਰਾਮ 18 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮਾਂ ਪਾਸੋਂ ਇੱਕ ਮੋਬਾਈਲ ਫ਼ੋਨ ਅਤੇ ਇੱਕ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ।
ਪੁਲਿਸ ਵੱਲੋਂ ਦੋਵਾਂ ਮਾਮਲਿਆਂ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਦੇ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।
ਰਿਪੋਰਟ: ਅਮਿਤ ਨੱਖਵਾਲ
Related