ਅੰਮ੍ਰਿਤਸਰ: ਪੰਜਾਬ ਵਿੱਚ ਕਾਨੂੰਨ-ਵਿਵਸਥਾ ਨੂੰ ਲੈ ਕੇ ਇੱਕ ਵਾਰ ਫਿਰ ਸਵਾਲ ਖੜ੍ਹੇ ਹੋ ਗਏ ਹਨ। ਜ਼ਿਲ੍ਹਾ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਰਾਣਾ ਕਾਲਾ ਅਤੇ ਨਰੈਣਗੜ੍ਹ ਡ੍ਰੇਨ ਨੇੜੇ ਦਿਨ-ਦਿਹਾੜੇ ਇੱਕ ਸਰਕਾਰੀ ਅਧਿਆਪਕ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਖ਼ੌਫ਼ਨਾਕ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਅਤੇ ਸੋਗ ਦਾ ਮਾਹੌਲ ਹੈ।

ਮ੍ਰਿਤਕ ਦੀ ਪਛਾਣ ਜਗਦੀਪ ਸਿੰਘ ਪੁੱਤਰ ਸਤਨਾਮ ਸਿੰਘ ਵਜੋਂ ਹੋਈ ਹੈ, ਜੋ ਪਿੰਡ ਤਲਵੰਡੀ (ਨੇੜੇ ਮਾਲੋਵਾਲ) ਦੇ ਰਹਿਣ ਵਾਲੇ ਅਤੇ ਪੇਸ਼ੇ ਵਜੋਂ ਸਰਕਾਰੀ ਅਧਿਆਪਕ ਸਨ।

ਪਰਿਵਾਰਕ ਮੈਂਬਰਾਂ ਮੁਤਾਬਕ ਜਗਦੀਪ ਸਿੰਘ ਆਪਣੀ ਧੀ ਨੂੰ ਟਿਊਸ਼ਨ ਛੱਡਣ ਲਈ ਜਾ ਰਹੇ ਸਨ। ਜਿਵੇਂ ਹੀ ਉਹ ਨਰੈਣਗੜ੍ਹ ਡ੍ਰੇਨ ਕੋਲ ਪਹੁੰਚੇ ਤਾਂ ਚਾਰ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਸਿਰ ਤੇ ਗਰਦਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਕਈ ਵਾਰ ਕੀਤੇ। ਹਮਲਾ ਇੰਨਾ ਭਿਆਨਕ ਸੀ ਕਿ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਪੀੜਤ ਪਰਿਵਾਰ ਨੇ ਇਸ ਕਤਲ ਪਿੱਛੇ ਲੁੱਟ-ਖੋਹ ਦੀ ਸੰਭਾਵਨਾ ਜਤਾਈ ਹੈ ਅਤੇ ਸੂਬੇ ਦੀ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਉਠਾਏ ਹਨ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐੱਸਪੀ ਬਲਜੀਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਡੀਐੱਸਪੀ ਮੁਤਾਬਕ ਮ੍ਰਿਤਕ ਦੇ ਸਿਰ ਅਤੇ ਗਰਦਨ ’ਤੇ ਡੂੰਘੇ ਜ਼ਖ਼ਮ ਮਿਲੇ ਹਨ। ਸ਼ੁਰੂਆਤੀ ਜਾਂਚ ਦੌਰਾਨ ਕੁਝ ਘਰੇਲੂ ਵਿਵਾਦ ਦੀ ਗੱਲ ਵੀ ਸਾਹਮਣੇ ਆਈ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਲੁੱਟ-ਖੋਹ ਅਤੇ ਨਿੱਜੀ ਰੰਜਿਸ਼ ਸਮੇਤ ਹਰ ਪੱਖ ਤੋਂ ਜਾਂਚ ਕਰ ਰਹੀ ਹੈ।

ਪੁਲਿਸ ਵੱਲੋਂ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਦਾਅਵਾ ਕੀਤਾ ਗਿਆ ਹੈ ਕਿ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।