ਫਗਵਾੜਾ,(ਨਰੇਸ਼ ਪਾਸੀ/ਇੰਦਰਜੀਤ ਸ਼ਰਮਾ)- ਨਵੀਂ ਦਾਣਾ ਮੰਡੀ ਫਗਵਾੜਾ ਵਿਖੇ ਅੱਜ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ “ਰੈਲੀ” ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਯਕੀਨੀ ਬਣਾਇਆ ਕਿ ਇਸ ਵਿਸ਼ਵਾਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਵਰਕਰਾਂ ਦਾ ਉਤਸ਼ਾਹ ਤੇ ਜੋਸ਼ ਬਰਕਰਾਰ ਰੱਖਣ ਲਈ ਪੂਰੇ ਪੁਖਤਾ ਪ੍ਰਬੰਧ ਹੋਣਗੇ।

    ਉਨ੍ਹਾਂ ਦੱਸਿਆ ਕਿ ਇਸ ਰੈਲੀ ਦੌਰਾਨ ਨਵਜੋਤ ਸਿੰਘ ਸਿੱਧੂ ਸੂਬੇ ਦੀ ਕਾਂਗਰਸ ਸਰਕਾਰ ਦੀਆਂ ਨੀਤੀਆਂ ਤੇ ਭਵਿੱਖ ਵਿੱਚ ਸ਼ੁਰੂ ਹੋਣ ਵਾਲੀਆਂ ਲੋਕਹਿਤ ਦੀਆਂ ਯੋਜਨਾਵਾਂ ਬਾਰੇ ਵਿਚਾਰ ਸਾਂਝੇ ਕਰਨਗੇ। ਇਸ ਦੌਰਾਨ ਵਿਧਾਇਕ ਧਾਲੀਵਾਲ ਨੇ ਨਵਜੋਤ ਸਿੰਘ ਸਿੱਧੂ ਦੇ ਵਡਮੁੱਲੇ ਵਿਚਾਰਾਂ ਤੇ ਤਕਰੀਰਾਂ ਨੂੰ ਸੁਣਨ ਲਈ ਸਮੂਹ ਆਗੂਆਂ, ਵਰਕਰਾਂ ਅਤੇ ਹਲਕਾ ਨਿਵਾਸੀਆਂ ਨੂੰ ਇਸ ਵਿਸ਼ਾਲ ਰੈਲੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।