ਪੰਜਾਬ ਪੁਲਿਸ ਨੇ 28 ਸਤੰਬਰ ਦੀ ਸਵੇਰ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਨੂੰ ਕਰੀਬ 9 ਸਾਲ ਪੁਰਾਣੇ ਇੱਕ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਦੱਸ ਦੇਈਏ ਕਿ ਖਹਿਰਾ ਖਿਲਾਫ ਅਪ੍ਰੈਲ 2023 ਤੋਂ ਜਾਂਚ ਚੱਲ ਰਹੀ ਸੀ, ਜਿਸ ਦੇ ਆਧਾਰ ‘ਤੇ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਹੈ।
ਆਮ ਆਦਮੀ ਪਾਰਟੀ ਦੇ ਆਗੂ ਮਾਲਵਿੰਦਰ ਸਿੰਘ ਕੰਗ ਨੇ ਖਹਿਰਾ ਦੀ ਗ੍ਰਿਫ਼ਤਾਰੀ ‘ਤੇ ਕਿਹਾ ਕਿ ਪੰਜਾਬ ਦੇ ਲੋਕ ਲੰਬੇ ਸਮੇਂ ਤੋਂ ਨਸ਼ੇ ਦਾ ਸ਼ਿਕਾਰ ਹਨ। ਅੱਜ ਪੰਜਾਬ ਪੁਲਿਸ ਨੇ ਨਸ਼ਿਆਂ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈਐਸਆਈਟੀ ਦੀ ਜਾਂਚ ਵਿੱਚ ਉਨ੍ਹਾਂ ਖ਼ਿਲਾਫ਼ ਨਸ਼ਾ ਤਸਕਰੀ ਦੇ ਸਬੂਤ ਮਿਲੇ ਹਨ। ਇਸ ਮਾਮਲੇ ਵਿੱਚ ਪੁਲਿਸ ਅਤੇ ਜਾਂਚ ਏਜੰਸੀਆਂ ਕਾਨੂੰਨ ਅਨੁਸਾਰ ਆਪਣਾ ਕੰਮ ਕਰਨਗੀਆਂ।
ਗ੍ਰਿਫਤਾਰੀ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨੂੰ ਕਰੀਬ ਡੇਢ ਵਜੇ ਜਲਾਲਾਬਾਦ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਅਤੇ ਮੈਡੀਕਲ ਕਰਵਾਇਆ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਥਾਣੇ ਲਿਆਂਦਾ ਗਿਆ। ਇਸ ਮਗਰੋਂ ਉਨ੍ਹਾਂ ਨੂੰ ਜਲਾਲਾਬਾਦ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਪੁਲਿਸ ਨੂੰ ਉਨ੍ਹਾਂ ਦਾ 2 ਦਿਨ ਦਾ ਰਿਮਾਂਡ ਮਿਲਿਆ।
ਪੁਲਿਸ ਦਾ ਕਹਿਣਾ ਹੈ ਕਿ ਸੁਖਪਾਲ ਸਿੰਘ ਖਹਿਰਾ ਖਿਲਾਫ ਐਨ.ਡੀ.ਪੀ.ਐਸ ਐਕਟ ਤਹਿਤ ਇੱਕ ਪੁਰਾਣਾ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਦੇ ਸਬੰਧ ਵਿੱਚ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।