ਕੇਜਰੀਵਾਲ ਅੱਜ ਜੰਤਰ-ਮੰਤਰ ‘ਤੇ ਸੋਨਮ ਵਾਂਗਚੁਕ ਨਾਲ ਕਰਨਗੇ ਮੁਲਾਕਾਤ, ਪ੍ਰੀਖਿਆ ਪ੍ਰਣਾਲੀ ਦੇ ਮੁੱਦੇ ‘ਤੇ ਦੇਣਗੇ ਸਮਰਥਨ

ਨਵੀਂ ਦਿੱਲੀ (ਅਰਸ਼ਦੀਪ ਸਿੰਘ ਕਾਲੜਾ) :- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਜੰਤਰ-ਮੰਤਰ ਵਿਖੇ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨਾਲ ਮੁਲਾਕਾਤ ਕਰਨਗੇ। ਇਹ ਜਾਣਕਾਰੀ ‘ਆਪ’ ਵਿਧਾਇਕ ਸੰਜੀਵ ਝਾਅ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕੇਜਰੀਵਾਲ ਸ਼ਾਮ 4 ਵਜੇ ਜੰਤਰ-ਮੰਤਰ ਪਹੁੰਚ ਕੇ ਵਾਂਗਚੁਕ ਦੇ ਚੱਲ ਰਹੇ ਅੰਦੋਲਨ ਨੂੰ ਆਪਣਾ ਸਮਰਥਨ ਦੇਣਗੇ।

ਸੰਜੀਵ ਝਾਅ ਨੇ ਦੱਸਿਆ ਕਿ ਸੋਨਮ ਵਾਂਗਚੁਕ ਪਿਛਲੇ 17 ਦਿਨਾਂ ਤੋਂ ਭੁੱਖ ਹੜਤਾਲ ‘ਤੇ ਹਨ। ਉਨ੍ਹਾਂ ਕਿਹਾ ਕਿ ਵਾਂਗਚੁਕ ਕਿਸੇ ਨਿੱਜੀ ਮੰਗ ਲਈ ਨਹੀਂ, ਸਗੋਂ ਦੇਸ਼ ਦੇ ਨੌਜਵਾਨਾਂ ਦੇ ਭਵਿੱਖ, ਪਾਰਦਰਸ਼ੀ ਪ੍ਰੀਖਿਆ ਪ੍ਰਣਾਲੀ ਅਤੇ ਰੁਜ਼ਗਾਰ ਦੇ ਮੌਕਿਆਂ ਨੂੰ ਯਕੀਨੀ ਬਣਾਉਣ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਵੀ ਵੱਡੀ ਗਿਣਤੀ ਵਿੱਚ ਜੰਤਰ-ਮੰਤਰ ਪਹੁੰਚ ਕੇ ਇਸ ਅੰਦੋਲਨ ਦਾ ਹਿੱਸਾ ਬਣਨ ਦੀ ਅਪੀਲ ਕੀਤੀ।

‘ਐਕਸ’ (ਪਹਿਲਾਂ ਟਵਿੱਟਰ) ‘ਤੇ ਜਾਰੀ ਵੀਡੀਓ ਸੰਦੇਸ਼ ਵਿੱਚ ਝਾਅ ਨੇ ਕਿਹਾ ਕਿ ਵਾਂਗਚੁਕ ਨੇ ਆਪਣੀ ਜ਼ਿੰਦਗੀ ਖ਼ਾਸ ਕਰਕੇ ਲੱਦਾਖ ਵਿੱਚ ਪਾਣੀ ਦੀ ਸੰਭਾਲ ਅਤੇ ਪਹਾੜੀ ਖੇਤਰਾਂ ਦੇ ਟਿਕਾਊ ਵਿਕਾਸ ਲਈ ਸਮਰਪਿਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਲੰਬੇ ਸਮੇਂ ਤੋਂ ਮਰਨ ਵਰਤ ‘ਤੇ ਰਹਿਣ ਕਾਰਨ ਉਨ੍ਹਾਂ ਦੀ ਸਿਹਤ ਵੀ ਪ੍ਰਭਾਵਿਤ ਹੋ ਰਹੀ ਹੈ।

ਝਾਅ ਨੇ ਇਹ ਵੀ ਦੱਸਿਆ ਕਿ ਦੋ ਦਿਨ ਪਹਿਲਾਂ ਉਨ੍ਹਾਂ ਨੇ ਵਾਂਗਚੁਕ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਭੁੱਖ ਹੜਤਾਲ ਖ਼ਤਮ ਕਰਨ ਦੀ ਅਪੀਲ ਕੀਤੀ ਸੀ, ਪਰ ਵਾਂਗਚੁਕ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਨੌਜਵਾਨਾਂ ਨਾਲ ਜੁੜੇ ਮੁੱਦਿਆਂ ਦਾ ਹੱਲ ਨਹੀਂ ਹੁੰਦਾ, ਉਹ ਆਪਣਾ ਅੰਦੋਲਨ ਜਾਰੀ ਰੱਖਣਗੇ।

ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਵਿੱਚ ਵਾਰ-ਵਾਰ ਪ੍ਰੀਖਿਆਵਾਂ ਦੇ ਪ੍ਰਸ਼ਨ ਪੱਤਰ ਲੀਕ ਹੋਣ ਕਾਰਨ ਯੋਗ ਉਮੀਦਵਾਰਾਂ ਦਾ ਭਵਿੱਖ ਪ੍ਰਭਾਵਿਤ ਹੋ ਰਿਹਾ ਹੈ ਅਤੇ ਨੌਕਰੀਆਂ ਤੋਂ ਵਾਂਝੇ ਰਹਿਣਾ ਪੈ ਰਿਹਾ ਹੈ। ਇਸੇ ਮਾਮਲੇ ਨੂੰ ਲੈ ਕੇ ਉਨ੍ਹਾਂ ਨੇ ਕੇਂਦਰੀ ਸਿੱਖਿਆ ਮੰਤਰੀ ਤੋਂ ਅਸਤੀਫ਼ੇ ਦੀ ਵੀ ਮੰਗ ਕੀਤੀ ਅਤੇ ਕਿਹਾ ਕਿ ਪ੍ਰੀਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਲਿਆਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।