Skip to content
ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਸੰਗਰੂਰ ਜ਼ਿਲ੍ਹੇ ਦੇ ਥਾਣਾ ਸ਼ੇਰਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਰਸ਼ਨ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਬਿੰਦਰ ਸਿੰਘ ਵਾਸੀ ਪਿੰਡ ਹੇੜੀਕੇ, ਜ਼ਿਲ੍ਹਾ ਸੰਗਰੂਰ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਗਾਇਆ ਕਿ ਉਕਤ ਏ.ਐਸ.ਆਈ. ਨੇ ਇਸੇ ਪਿੰਡ ਦੇ ਰਹਿਣ ਵਾਲੇ ਉਸ ਦੇ ਦੋਸਤ ਗੁਰਜੋਤ ਸਿੰਘ ਅਤੇ ਉਸ ਦੀ ਮਾਤਾ ਕਰਮਜੀਤ ਕੌਰ, ਜਿਨ੍ਹਾਂ ਖਿਲਾਫ ਥਾਣਾ ਸ਼ੇਰਪੁਰ ਵਿਖੇ ਦਰਜ ਇਕ ਪੁਲਿਸ ਕੇਸ ਵਿਚ ਹੈ, ਕੋਲੋਂ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਉਨ੍ਹਾਂ ਕੋਲੋਂ ਪਹਿਲਾਂ ਵੀ ਇਸੇ ਕੇਸ ਵਿਚ ਅਦਾਲਤ ਵਿਚ ਸਪਲੀਮੈਂਟਰੀ ਚਲਾਨ ਪੇਸ਼ ਕਰਨ ਬਦਲੇ ਵੱਖ-ਵੱਖ ਮੌਕਿਆਂ ’ਤੇ ਰਿਸ਼ਵਤ ਲੈ ਚੁੱਕਾ ਹੈ ਅਤੇ ਹੁਣ ਸ਼ਿਕਾਇਤਕਰਤਾ ਤੋਂ 20,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਦਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਏ.ਐਸ.ਆਈ. ਦਰਸ਼ਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Post Views: 2,294
Related