
Skip to content
ਜਲੰਧਰ (ਪਰਦੀਪ ਕੰਗ) : ਪੰਜਾਬ ਸਰਕਾਰ ਵੱਲੋਂ ਪ੍ਰੈਸ ਦੀ ਆਜ਼ਾਦੀ ’ਤੇ ਕੀਤਾ ਗਿਆ ਸਿੱਧਾ ਹਮਲਾ ਅਤਿ ਨਿੰਦਨਯੋਗ ਹੈ ਅਤੇ ਇਹ ਦਿਨ ਪੰਜਾਬ ਦੇ ਇਤਿਹਾਸ ਵਿੱਚ ਇੱਕ “ਕਾਲੇ ਦਿਨ” ਵਜੋਂ ਜਾਣਿਆ ਜਾਵੇਗਾ। ਇਹ ਸ਼ਬਦ ਲੱਖਾ ਸਿੰਘ, ਸਾਬਕਾ ਮੈਂਬਰ ਕਮਿਸ਼ਨ ਪੰਜਾਬ ਸਰਕਾਰ ਨੇ ਕਹਿੰਦੇ ਹੋਏ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੀ ਤਿੱਖੀ ਨਿੰਦਾ ਕੀਤੀ।ਲੱਖਾ ਸਿੰਘ ਨੇ ਕਿਹਾ ਕਿ ਸਰਕਾਰ ਆਪਣੀਆਂ ਨਕਾਮੀਆਂ, ਭ੍ਰਿਸ਼ਟਾਚਾਰ ਅਤੇ ਪ੍ਰਸ਼ਾਸਕੀ ਅਸਫਲਤਾਵਾਂ ਨੂੰ ਛਪਾਉਣ ਲਈ ਸੋਚੀ-ਸਮਝੀ ਸਾਜ਼ਿਸ਼ ਤਹਿਤ ਪ੍ਰੈਸ ਦੀ ਆਜ਼ਾਦੀ ’ਤੇ ਹਮਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਰਬਾਦੀ ਦੇ ਕੰਢੇ ’ਤੇ ਲਿਆਉਣ ਤੋਂ ਬਾਅਦ ਹੁਣ ਆਪ ਸਰਕਾਰ ਜਨਤਕ ਰੋਸ ਤੋਂ ਡਰ ਕੇ ਪੂਰੀ ਤਰ੍ਹਾਂ ਬੁਖਲਾਹਟ ਵਿੱਚ ਆ ਗਈ ਹੈ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪ੍ਰੈਸ ਦੀ ਆਜ਼ਾਦੀ ਦਰਅਸਲ ਲੋਕਾਂ ਦੀ ਆਜ਼ਾਦੀ ਹੈ ਅਤੇ ਕਿਸੇ ਵੀ ਸਰਕਾਰ ਨੂੰ ਲੋਕਾਂ ਦੀ ਆਵਾਜ਼ ਦਬਾਉਣ ਦਾ ਹੱਕ ਨਹੀਂ। ਲੋਕਤੰਤਰ ਵਿੱਚ ਮੀਡੀਆ ਦੀ ਆਜ਼ਾਦੀ ’ਤੇ ਇਸ ਤਰ੍ਹਾਂ ਦੇ ਹਮਲੇ ਕਦੇ ਵੀ ਸਵੀਕਾਰਯੋਗ ਨਹੀਂ ਹੋ ਸਕਦੇ।ਲੱਖਾ ਸਿੰਘ ਨੇ ਕਿਹਾ ਕਿ ਪੰਜਾਬ ਕੇਸਰੀ ਗਰੁੱਪ ਨੇ ਹਮੇਸ਼ਾ ਦੇਸ਼ ਅਤੇ ਸਮਾਜ ਦੀ ਭਲਾਈ ਲਈ ਕੰਮ ਕੀਤਾ ਹੈ। ਇਸ ਗਰੁੱਪ ਨੇ ਅੱਤਵਾਦ ਦੇ ਕਾਲੇ ਦੌਰ ਵਿੱਚ ਵੀ ਆਪਣੇ ਪਰਿਵਾਰਾਂ ਦੀਆਂ ਕੁਰਬਾਨੀਆਂ ਦੇ ਕੇ ਲੋਕਾਂ ਦੀ ਗੂੰਗੀ ਆਵਾਜ਼ ਨੂੰ ਸਰਕਾਰਾਂ ਦੇ ਕੰਨਾਂ ਤੱਕ ਪਹੁੰਚਾਇਆ। ਅੱਜ ਉਸੇ ਪ੍ਰੈਸ ਘਰ ’ਤੇ ਹਮਲਾ ਕਰਨਾ ਬਹੁਤ ਹੀ ਨਿੰਦਣਯੋਗ ਅਤੇ ਦੁਖਦਾਈ ਹੈ।ਉਨ੍ਹਾਂ ਸਾਰੀਆਂ ਰਾਜਨੀਤਿਕ ਪਾਰਟੀਆਂ, ਸਮਾਜਿਕ ਅਤੇ ਪੱਤਰਕਾਰ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਇਸ ਕਾਰਵਾਈ ਦੀ ਸਖ਼ਤ ਨਿੰਦਾ ਕਰਨ ਅਤੇ ਪ੍ਰੈਸ ਦੀ ਆਜ਼ਾਦੀ ਦੀ ਰੱਖਿਆ ਲਈ ਅੱਗੇ ਆਉਣ।ਲੱਖਾ ਸਿੰਘ ਨੇ ਕਿਹਾ, “ਪੰਜਾਬ ਵਿੱਚ ਜੋ ਕੁਝ ਹੋ ਰਿਹਾ ਹੈ, ਉਹ ਬਦਲਾਅ ਨਹੀਂ ਸਗੋਂ ਬਦਲਾ ਹੈ। ਕੇਜਰੀਵਾਲ ਦੇ ਹੁਕਮਾਂ ’ਤੇ ਪੰਜਾਬ ਨੂੰ ਕੰਟਰੋਲ ਕੀਤਾ ਜਾ ਰਿਹਾ ਹੈ। ਮੈਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੁੱਛਣਾ ਚਾਹੁੰਦਾ ਹਾਂ ਕਿ ਕੀ ਇਹੀ ਤੁਹਾਡਾ ਰੰਗਲਾ ਪੰਜਾਬ ਹੈ?”ਅੰਤ ਵਿੱਚ ਉਨ੍ਹਾਂ ਪੰਜਾਬ ਕੇਸਰੀ ਸਮੂਹ ’ਤੇ ਕੀਤੇ ਗਏ ਇਸ ਸਿੱਧੇ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਮੀਡੀਆ ਨੂੰ ਡਰਾਉਣ ਦੀਆਂ ਕੋਸ਼ਿਸ਼ਾਂ ਲੋਕਤੰਤਰ ਨੂੰ ਕਮਜ਼ੋਰ ਕਰਦੀਆਂ ਹਨ, ਜਿਸਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।Related