ਜਲੰਧਰ,(ਵਿੱਕੀ ਸੂਰੀ)-ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਮਨਾਏ ਜਾ ਰਹੇ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਤਹਿਤ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਗਤੀਵਿਧੀਆਂ ਵਿਆਪਕ ਜਨ ਭਾਗੀਦਾਰੀ ਨਾਲ ਕਰਵਾਈਆਂ ਜਾਣਗੀਆਂ ਤਾਂ ਜੋ ਲੋਕਾਂ ਖਾਸ ਕਰ ਨੌਜਵਾਨ ਪੀੜ੍ਹੀ ਨੂੰ ਦੇਸ਼ ਦੇ ਸੁੰਤਤਰਤਾ ਸੰਗਰਾਮ ਅਤੇ ਆਜ਼ਾਦੀ ਘੁਲਾਟੀਆਂ ਵੱਲੋਂ ਦਿੱਤੇ ਬਲਿਦਾਨਾਂ ਤੋਂ ਜਾਣੂ ਕਰਵਾ ਕੇ ਉਨ੍ਹਾਂ ’ਚ ਦੇਸ਼ ਭਗਤੀ ਦੀ ਭਾਵਨਾ ਨੂੰ ਹੋਰ ਦ੍ਰਿੜ ਕੀਤਾ ਜਾ ਸਕੇ ।ਮੁੱਖ ਸਕੱਤਰ ਅਨਿਰੁੱਧ ਤਿਵਾੜੀ ਦੀ ਪ੍ਰਧਾਨਗੀ ਹੇਠ ਹੋਈ ਵਰਚੁਲਅ ਸਮੀਖਿਆ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਤਹਿਤ ਵੱਖ-ਵੱਖ ਵਿਭਾਗਾਂ ਵੱਲੋਂ ਜ਼ਿਲ੍ਹੇ ਵਿੱਚ ਕਈ ਗਤੀਵਿਧੀਆਂ ਕਰਵਾਈਆਂ ਗਈਆਂ ਹਨ, ਜਿਨ੍ਹਾਂ ਵਿੱਚ ‘ਭਾਸ਼ਾ ਸਿੱਖੋ’ ਪ੍ਰੋਗਰਾਮ ਦੌਰਾਨ ਤੇਲਗੂ ਭਾਸ਼ਾ ਦੇ ਸ਼ਬਦਾਂ ਤੇ ਵਾਕਾਂ ਬਾਰੇ ਜਾਣਕਾਰੀ, ਰਾਸ਼ਟਰੀ ਸੈਰ-ਸਪਾਟਾ ਦਿਵਸ ਮੌਕੇ 100 ਤੋਂ ਵੱਧ ਵਿਦਿਆਰਥੀਆਂ ਲਈ ਜੰਗ-ਏ-ਆਜ਼ਾਦੀ ਯਾਦਗਾਰ ਦਾ ਆਨਲਾਈਨ ਟੂਰ ਤੇ ਸੈਮੀਨਾਰ, ਸਵੀਪ ਗਤੀਵਿਧੀਆਂ ਤਹਿਤ ਜਨਤਕ ਸਮਾਗਮ ਦੌਰਾਨ ਆਜ਼ਾਦੀ ਦੇ 75 ਸਾਲਾਂ ਨੂੰ ਸਮਰਪਿਤ 75 ਫੁੱਟ ਲੰਮਾ ਕੇਕ ਕੱਟਣਾ ਆਦਿ ਸ਼ਾਮਲ ਹਨ।

    ਇਸੇ ਤਰ੍ਹਾਂ ਸਿਹਤ ਵਿਭਾਗ ਵੱਲੋਂ ਬਲਾਕ ਪੱਧਰੀ ਸਿਹਤ ਮੇਲੇ ਵੀ ਲਗਾਏ ਗਏ। ਇਸ ਤੋਂ ਇਲਾਵਾ ਆਜ਼ਾਦੀ ਸੰਗਰਾਮ ਦਾ ਹਿੱਸਾ ਰਹੇ ਜ਼ਿਲ੍ਹੇ ਦੇ 10 ਤੋਂ ਵੱਧ ਗੁੰਮਨਾਮ ਨਾਇਕਾਂ ‘ਤੇ ਆਧਾਰਿਤ ਜ਼ਿਲ੍ਹਾ ਡਿਜੀਟਲ ਰਿਪੋਜ਼ਟਰੀ ਵੀ ਤਿਆਰ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਜ਼ਿਲ੍ਹੇ ਵਿੱਚ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਤਹਿਤ ਹੋਣ ਵਾਲੀਆਂ ਸਰਗਰਮੀਆਂ ਨੂੰ ਲੋਕ ਸਹਿਯੋਗ ਨਾਲ ਸੁਚੱਜੇ ਢੰਗ ਨਾਲ ਕਰਾਇਆ ਜਾਵੇਗਾ । ਉਨ੍ਹਾਂ ਕਿਹਾ ਕਿ ਇਸ ਸਬੰਧੀ ਵੱਖ-ਵੱਖ ਵਿਭਾਗਾਂ ਨੂੰ ਅਗਸਤ 2023 ਤੱਕ ਕਰਵਾਈਆਂ ਜਾਣ ਵਾਲੀਆਂ ਸਾਰੀਆਂ ਗਤੀਵਿਧੀਆਂ ਨੂੰ ਸੂਚੀਬੱਧ ਕਰਦੇ ਹੋਏ ਸਮਾਗਮਾਂ ਦਾ ਕੈਲੰਡਰ ਤਿਆਰ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਇਨ੍ਹਾਂ ਗਤੀਵਿਧੀਆਂ ਨੂੰ ਸੁਚੱਜੇ ਢੰਗ ਨਾਲ ਕਰਵਾਇਆ ਜਾ ਸਕੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਅਜਿਹੀਆਂ ਸਾਰੀਆਂ ਗਤੀਵਿਧੀਆਂ ਨੂੰ ਸਰਕਾਰ ਦੀ ਵੈਬਸਾਈਟ ‘ਤੇ ਅਪਲੋਡ ਕਰਨ ਨੂੰ ਵੀ ਯਕੀਨੀ ਬਣਾਇਆ ਜਾਵੇ।ਇਸ ਮੌਕੇ ਸਿਵਲ ਸਰਜਨ ਡਾ. ਰਣਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਭਜਨ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜੀ.ਐਸ. ਰੰਧਾਵਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ) ਰਾਜੀਵ ਜੋਸ਼ੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।