
Skip to content

ਲੁਧਿਆਣਾ ਵਿੱਚ ਮੂਰਤੀ ਨਾਲ ਹੋਈ ਬੇਅਦਬੀ ਦੇ ਵਿਰੋਧ ’ਚ ਭਾਜਪਾ ਵੱਲੋਂ ਡਾ. ਬੀ.ਆਰ. ਅੰਬੇਡਕਰ ਚੌਕ ’ਚ ਰੋਸ ਧਰਨਾ
ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਭਰੋਸੇ ਤੋਂ ਬਾਅਦ ਧਰਨਾ ਸਮਾਪਤ
ਜਲੰਧਰ, 8 ਸਤੰਬਰ (ਨਵੀਨ ਪੁਰੀ): ਲੁਧਿਆਣਾ ਵਿੱਚ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਹੋਈ ਬੇਅਦਬੀ ਦੀ ਘਟਨਾ ਦੇ ਵਿਰੋਧ ਵਿੱਚ ਭਾਰਤੀ ਜਨਤਾ ਪਾਰਟੀ ਜਲੰਧਰ ਵੱਲੋਂ ਮੰਗਲਵਾਰ ਨੂੰ ਡਾ. ਬੀ.ਆਰ. ਅੰਬੇਡਕਰ ਚੌਕ ਵਿਖੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ। ਧਰਨੇ ਵਿੱਚ ਵੱਡੀ ਗਿਣਤੀ ਵਿੱਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕਰਦਿਆਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਜ਼ਾਹਰ ਕੀਤਾ।
ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਕਿਸੇ ਇੱਕ ਸਮਾਜ ਜਾਂ ਵਰਗ ਦੇ ਆਗੂ ਨਹੀਂ, ਸਗੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਦੇਸ਼ ਦੇ ਕਰੋੜਾਂ ਲੋਕਾਂ ਦੇ ਸਨਮਾਨ, ਅਧਿਕਾਰਾਂ ਤੇ ਸਮਾਜਿਕ ਨਿਆਂ ਦੇ ਪ੍ਰਤੀਕ ਹਨ। ਉਨ੍ਹਾਂ ਦੀ ਮੂਰਤੀ ਨਾਲ ਬੇਅਦਬੀ ਦੀ ਘਟਨਾ ਬੇਹੱਦ ਨਿੰਦਣਯੋਗ ਅਤੇ ਮੰਦਭਾਗੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਅਸ਼ੋਕ ਸਰੀਨ ਹਿੱਕੀ ਨੇ ਕਿਹਾ ਕਿ ਲੁਧਿਆਣਾ ਦੀ ਘਟਨਾ ਵਿੱਚ ਸ਼ਾਮਲ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਪੰਜਾਬ ਭਰ ਵਿੱਚ ਸਥਾਪਿਤ ਬਾਬਾ ਸਾਹਿਬ ਦੀਆਂ ਮੂਰਤੀਆਂ ਦੀ ਸੁਰੱਖਿਆ ਲਈ ਸਥਾਈ ਅਤੇ ਪੁਖ਼ਤਾ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੂਰਤੀਆਂ ਦੀ ਸੁਰੱਖਿਆ ਯਕੀਨੀ ਨਹੀਂ ਬਣਾਈ ਜਾਂਦੀ, ਭਾਜਪਾ ਲੋਕਤੰਤਰਿਕ ਅਤੇ ਸ਼ਾਂਤੀਪੂਰਨ ਢੰਗ ਨਾਲ ਆਪਣਾ ਸੰਘਰਸ਼ ਜਾਰੀ ਰੱਖੇਗੀ।
ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਸਨਮਾਨ ਪੂਰੇ ਦੇਸ਼ ਦਾ ਸਨਮਾਨ ਹੈ। ਉਨ੍ਹਾਂ ਦੀ ਮੂਰਤੀ ਨਾਲ ਬੇਅਦਬੀ ਵਰਗੀ ਘਟਨਾ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਘਟਨਾ ਵਿੱਚ ਸ਼ਾਮਲ ਦੋਸ਼ੀਆਂ ਨੂੰ ਜਲਦ ਕਾਬੂ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਮਹਾਨ ਸ਼ਖ਼ਸੀਅਤਾਂ ਦੀਆਂ ਮੂਰਤੀਆਂ ਦੀ ਸੁਰੱਖਿਆ ਲਈ ਪ੍ਰਭਾਵਸ਼ਾਲੀ ਪ੍ਰਬੰਧ ਕੀਤੇ ਜਾਣ।
ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ਼ੀਤਲ ਅੰਗੂਰਾਲ ਨੇ ਕਿਹਾ ਕਿ ਬਾਬਾ ਸਾਹਿਬ ਨੇ ਦੇਸ਼ ਦੇ ਵਾਂਝੇ ਅਤੇ ਕਮਜ਼ੋਰ ਵਰਗਾਂ ਨੂੰ ਅਧਿਕਾਰ, ਸਨਮਾਨ ਅਤੇ ਬਰਾਬਰੀ ਦਾ ਰਸਤਾ ਦਿਖਾਇਆ। ਉਨ੍ਹਾਂ ਦੀ ਮੂਰਤੀ ਦਾ ਅਪਮਾਨ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਘਟਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਨੂੰ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਹੀਂ ਵਰਤਣੀ ਚਾਹੀਦੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਭਾਜਪਾ ਜਲੰਧਰ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਡਕਰ ਦੀ ਮੂਰਤੀ ਸੰਵਿਧਾਨ, ਸਮਾਜਿਕ ਨਿਆਂ ਅਤੇ ਬਰਾਬਰੀ ਦੇ ਮੁੱਲਾਂ ਦੀ ਪ੍ਰਤੀਕ ਹੈ। ਇਸ ਲਈ ਇਸ ਦੀ ਸੁਰੱਖਿਆ ਸਰਕਾਰ ਅਤੇ ਪ੍ਰਸ਼ਾਸਨ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮਹਾਨ ਸ਼ਖ਼ਸੀਅਤਾਂ ਦੇ ਸਨਮਾਨ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਸਵੀਕਾਰ ਨਹੀਂ ਕੀਤਾ ਜਾਵੇਗਾ।
ਭਾਜਪਾ ਆਗੂ ਵਿਪਨ ਸਭਰਵਾਲ ਨੇ ਕਿਹਾ ਕਿ ਬਾਬਾ ਸਾਹਿਬ ਦੀਆਂ ਮੂਰਤੀਆਂ ਸਿਰਫ਼ ਧਾਤੂ ਜਾਂ ਪੱਥਰ ਦੀਆਂ ਮੂਰਤੀਆਂ ਨਹੀਂ, ਸਗੋਂ ਸੰਵਿਧਾਨ, ਬਰਾਬਰੀ ਅਤੇ ਸਮਾਜਿਕ ਨਿਆਂ ਦੇ ਮਹਾਨ ਵਿਚਾਰਾਂ ਦੀਆਂ ਪ੍ਰਤੀਕ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਹੱਤਵਪੂਰਨ ਸਥਾਨਾਂ ’ਤੇ ਸੀਸੀਟੀਵੀ ਕੈਮਰੇ, ਲੋੜੀਂਦੀ ਪੁਲਿਸ ਸੁਰੱਖਿਆ ਅਤੇ ਨਿਯਮਿਤ ਨਿਗਰਾਨੀ ਦੇ ਪ੍ਰਬੰਧ ਕੀਤੇ ਜਾਣ।
ਧਰਨੇ ਦੌਰਾਨ ਭਾਜਪਾ ਵਰਕਰਾਂ ਨੇ “ਬਾਬਾ ਸਾਹਿਬ ਦਾ ਅਪਮਾਨ ਨਹੀਂ ਸਹੇਗਾ ਹਿੰਦੁਸਤਾਨ” ਅਤੇ “ਮੂਰਤੀ ਦੀ ਸੁਰੱਖਿਆ ਯਕੀਨੀ ਬਣਾਓ” ਸਮੇਤ ਵੱਖ-ਵੱਖ ਨਾਅਰੇ ਲਗਾ ਕੇ ਆਪਣਾ ਰੋਸ ਪ੍ਰਗਟ ਕੀਤਾ। ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਕਿ ਸੂਬੇ ਵਿੱਚ ਮਹਾਨ ਸ਼ਖ਼ਸੀਅਤਾਂ ਦੀਆਂ ਮੂਰਤੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।
ਧਰਨੇ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਡਾ. ਬੀ.ਆਰ. ਅੰਬੇਡਕਰ ਚੌਕ ਵਿਖੇ ਸਥਿਤ ਬਾਬਾ ਸਾਹਿਬ ਦੀ ਮੂਰਤੀ ਦੀ ਸੁਰੱਖਿਆ ਲਈ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ। ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਸਬੰਧੀ ਦਿੱਤੇ ਭਰੋਸੇ ਤੋਂ ਬਾਅਦ ਭਾਜਪਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਕੇ ਧਰਨਾ ਸਮਾਪਤ ਕਰਨ ਦਾ ਐਲਾਨ ਕੀਤਾ।
ਭਾਜਪਾ ਆਗੂਆਂ ਨੇ ਸਪੱਸ਼ਟ ਕੀਤਾ ਕਿ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਕੀਤੇ ਜਾਣ ਤੋਂ ਬਾਅਦ ਫਿਲਹਾਲ ਧਰਨਾ ਸਮਾਪਤ ਕੀਤਾ ਗਿਆ ਹੈ। ਜੇਕਰ ਭਵਿੱਖ ਵਿੱਚ ਬਾਬਾ ਸਾਹਿਬ ਦੀਆਂ ਮੂਰਤੀਆਂ ਦੀ ਸੁਰੱਖਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਭਾਜਪਾ ਲੋਕਤੰਤਰਿਕ ਢੰਗ ਨਾਲ ਇਸ ਦੇ ਖ਼ਿਲਾਫ਼ ਜ਼ੋਰਦਾਰ ਆਵਾਜ਼ ਉਠਾਏਗੀ।
ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਸ਼ੀਤਲ ਅੰਗੂਰਾਲ, ਸਾਬਕਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ, ਜ਼ਿਲ੍ਹਾ ਮਹਾਮੰਤਰੀ ਰਾਜੇਸ਼ ਕਪੂਰ, ਜ਼ਿਲ੍ਹਾ ਉਪ ਪ੍ਰਧਾਨ ਮਨੀਸ਼ ਵਿਜ, ਦਵਿੰਦਰ ਭਾਰਦਵਾਜ, ਜ਼ਿਲ੍ਹਾ ਸਕੱਤਰ ਅਮਿਤ ਭਾਟੀਆ, ਦੀਪਕ ਬਾਵਾ, ਸੋਨੂ ਹੰਸ, ਜਤਿੰਦਰ ਨਿੱਕਾ, ਰਾਜਨ ਅੰਗੂਰਾਲ, ਜੇਮਸ, ਅਜਮੇਰ ਬਾਦਲ, ਬੋਬੀ ਢੱਲ, ਵਿੱਕੀ ਕੌਸ਼ਲ, ਵਿਪਨ ਸਭਰਵਾਲ, ਦੀਪਕ ਤੇਲੂ, ਪ੍ਰਮੋਦ ਕਸ਼ਯਪ, ਮਹਿੰਦਰ ਭਗਤ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਅਤੇ ਵਰਕਰ ਮੌਜੂਦ ਸਨ।
Related