ਡੋਨਾਲਡ ਟਰੰਪ ਦੇ ਸੰਯੁਕਤ ਰਾਜ ਦੇ 47ਵੇਂ ਰਾਸ਼ਟਰਪਤੀ ਬਣਨ ਤੋਂ ਬਾਅਦ, ਸਥਾਨਕ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ ਹੈ। ਇਸ ਸਬੰਧ ਵਿੱਚ ਯੂਐਸ ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ (ਆਈਸੀਈ) ਨੇ ਨਿਊਯਾਰਕ ਦੇ ਬਰੁਕਲਿਨ ਖੇਤਰ ਤੋਂ ਚਾਰ ਬੰਗਲਾਦੇਸ਼ੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

    ਬੰਗਲਾਦੇਸ਼ ਦੇ ਇੱਕ ਅਖ਼ਬਾਰ ਨੇ ਰਿਪੋਰਟ ਦਿੱਤੀ ਕਿ ਇਹ ਚਾਰ ਲੋਕ ਬਰੁਕਲਿਨ ਦੇ ਫੁਲਟਨ ਖੇਤਰ ਵਿੱਚ ਫੜੇ ਗਏ ਹਨ। ਰਿਪੋਰਟ ਦੇ ਅਨੁਸਾਰ, ਟਰੰਪ ਦੇ ਸਹੁੰ ਚੁੱਕ ਸਮਾਗਮ ਅਤੇ ਇਮੀਗ੍ਰੇਸ਼ਨ ਨਾਲ ਸਬੰਧਤ ਆਦੇਸ਼ਾਂ ਤੋਂ ਬਾਅਦ ਗੈਰ-ਕਾਨੂੰਨੀ ਪ੍ਰਵਾਸੀ ਡਰ ਵਿੱਚ ਜੀਅ ਰਹੇ ਹਨ। ਨਿਊਯਾਰਕ ਦੇ ਬੰਗਲਾਦੇਸ਼ੀ ਭਾਈਚਾਰਕ ਖੇਤਰ ਜੋ ਪਹਿਲਾਂ ਭੀੜ-ਭੜੱਕੇ ਵਾਲੇ ਹੁੰਦੇ ਸਨ, ਹੁਣ ਸ਼ਾਂਤ ਹਨ ਅਤੇ ਸੁਰੱਖਿਆ ਵਧਾ ਦਿੱਤੀ ਗਈ ਹੈ।

    ਨਿਊਯਾਰਕ ਵਿੱਚ ਇੱਕ ਇਮੀਗ੍ਰੇਸ਼ਨ ਅਧਿਕਾਰੀ ਖਾਦੀਜਾ ਮੁਨਤਾਹਾ ਰੂਬਾ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਤਾਂ ਇਹ ਬੰਗਲਾਦੇਸ਼ੀ ਬਿਨਾਂ ਦਸਤਾਵੇਜ਼ਾਂ ਦੇ ਘੁੰਮ ਰਹੇ ਸਨ। ਉਨ੍ਹਾਂ ਬੰਗਲਾਦੇਸ਼ੀ ਨਾਗਰਿਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਅਤੇ ਕਿਹਾ ਕਿ ਜੇਕਰ ਪੁਲਿਸ ਉਨ੍ਹਾਂ ਤੋਂ ਪੁੱਛਗਿੱਛ ਕਰਦੀ ਹੈ ਤਾਂ ਉਨ੍ਹਾਂ ਨੂੰ ਸਹਿਯੋਗ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਿਸੇ ਹੋਰ ਦੇ ਵਰਕ ਪਰਮਿਟ ‘ਤੇ ਕੰਮ ਨਹੀਂ ਕਰਨਾ ਚਾਹੀਦਾ ਅਤੇ ਬੇਲੋੜੇ ਵਿਵਾਦਾਂ ਤੋਂ ਬਚਣਾ ਚਾਹੀਦਾ ਹੈ।

    20 ਜਨਵਰੀ ਨੂੰ ਅਹੁਦਾ ਸੰਭਾਲਣ ਤੋਂ ਤੁਰਤ ਬਾਅਦ, ਟਰੰਪ ਨੇ ਇੱਕ ਕਾਰਜਕਾਰੀ ਆਦੇਸ਼ ‘ਤੇ ਦਸਤਖ਼ਤ ਕੀਤੇ ਜਿਸ ਵਿੱਚ ਕਿਹਾ ਗਿਆ ਸੀ ਕਿ ਪਿਛਲੇ ਚਾਰ ਸਾਲਾਂ ਵਿੱਚ ਗੈਰ-ਕਾਨੂੰਨੀ ਇਮੀਗ੍ਰੇਸ਼ਨ ਵਿੱਚ ਕਾਫ਼ੀ ਵਾਧਾ ਹੋਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲੱਖਾਂ ਲੋਕ ਅਮਰੀਕਾ ਵਿੱਚ ਗੈਰ-ਕਾਨੂੰਨੀ ਢੰਗ ਨਾਲ ਆ ਕੇ ਵਸ ਗਏ ਹਨ, ਜੋ ਕਿ ਕਾਨੂੰਨਾਂ ਦੀ ਉਲੰਘਣਾ ਹੈ।

    ਹਾਲ ਹੀ ਦੇ ਸਾਲਾਂ ਵਿੱਚ ਸੰਯੁਕਤ ਰਾਜ ਅਮਰੀਕਾ ਵਿੱਚ ਬੰਗਲਾਦੇਸ਼ੀਆਂ ਦੀ ਗਿਣਤੀ ਤੇਜ਼ੀ ਨਾਲ ਵਧੀ ਹੈ, ਅਤੇ ਨਿਊਯਾਰਕ ਸਿਟੀ ਵਿੱਚ ਬੰਗਲਾਦੇਸ਼ੀ ਭਾਈਚਾਰਾ ਸਭ ਤੋਂ ਤੇਜ਼ੀ ਨਾਲ ਵਧ ਰਹੇ ਏਸ਼ੀਆਈ ਸਮੂਹਾਂ ਵਿੱਚੋਂ ਇੱਕ ਹੈ।