ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਸਰਪ੍ਰਸਤ ਮੁਲਾਇਮ ਸਿੰਘ ਯਾਦਵ ਦਾ ਅੱਜ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਅੱਜ ਸਵੇਰੇ ਕਰੀਬ 8:16 ਵਜੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ 82 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ।ਮੁਲਾਇਮ ਸਿੰਘ ਯਾਦਵ ਦਾ ਜਨਮ 22 ਨਵੰਬਰ 1939 ਨੂੰ ਇਟਾਵਾ ਜ਼ਿਲ੍ਹੇ ਦੇ ਸੈਫ਼ਈ ਵਿੱਚ ਹੋਇਆ ਸੀ। ਉਨ੍ਹਾਂ ਨੇ ਰਾਜਨੀਤੀ ਸ਼ਾਸਤਰ ਵਿੱਚ ਐਮ.ਏ. ਕੀਤੀ ਹੋਈ ਸੀ। ਉਹ 1967 ਵਿੱਚ ਯੂਪੀ ਦੇ ਜਸਵੰਤ ਨਗਰ ਤੋਂ ਵਿਧਾਇਕ ਚੁਣੇ ਜਾਣ ਤੋਂ ਬਾਅਦ ਪਹਿਲੀ ਵਾਰ ਵਿਧਾਨ ਸਭਾ ਵਿੱਚ ਪਹੁੰਚੇ ਅਤੇ ਫਿਰ ਉਨ੍ਹਾਂ ਨੇ ਆਪਣੇ ਸਿਆਸੀ ਜੀਵਨ ਵਿੱਚ ਕਦੇ ਪਿੱਛੇ ਮੁੜ ਕੇ ਨਹੀਂ ਦੇਖਿਆ। ਉਹ ਅੱਠ ਵਾਰ ਵਿਧਾਇਕ ਚੁਣੇ ਗਏ ਅਤੇ ਸੱਤ ਵਾਰ ਚੁਣੇ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਬਣੇ। 1996 ਵਿੱਚ ਉਨ੍ਹਾਂ ਨੂੰ ਸੰਯੁਕਤ ਮੋਰਚੇ ਦੀ ਗੱਠਜੋੜ ਸਰਕਾਰ ਵਿੱਚ ਰੱਖਿਆ ਮੰਤਰੀ ਬਣਨ ਦਾ ਮੌਕਾ ਵੀ ਮਿਲਿਆ।ਯੂਰਿਨ ਇਨਫੈਕਸ਼ਨ ਦੇ ਚੱਲਦਿਆਂ 26 ਸਤੰਬਰ ਨੂੰ ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਅਖਿਲੇਸ਼ ਯਾਦਵ ਨੇ ਸਮਾਜਵਾਦੀ ਪਾਰਟੀ ਦੇ ਟਵਿੱਟਰ ਹੈਂਡਲ ‘ਤੇ ਮੁਲਾਇਮ ਯਾਦਵ ਦੇ ਦਿਹਾਂਤ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ,”ਮੇਰੇ ਪਿਤਾ ਜੀ ਤੇ ਸਭ ਦੇ ਨੇਤਾ ਜੀ ਨਹੀਂ ਰਹੇ।” ਜ਼ਿਕਰਯੋਗ ਹੈ ਕਿ ਮੁਲਾਇਮ ਸਿੰਘ ਯਾਦਵ ਪਿਛਲੇ 2 ਸਾਲਾਂ ਤੋਂ ਬਿਮਾਰ ਚੱਲ ਰਹੇ ਸਨ।