
Skip to content

ਬਦਰੀਨਾਥ ਧਾਮ ‘ਚ ਵਿੱਤੀ ਬੇਨਿਯਮੀਆਂ ਦਾ ਮਾਮਲਾ: ਮੁਅੱਤਲ BKTC ਮੁਲਾਜ਼ਮ ਖ਼ਿਲਾਫ਼ FIR, CM ਧਾਮੀ ਬੋਲੇ- ਦੋਸ਼ੀ ਨਹੀਂ ਬਖ਼ਸ਼ੇ ਜਾਣਗੇ
ਦੇਹਰਾਦੂਨ (ਅਰਸ਼ਦੀਪ ਸਿੰਘ ਕਾਲੜਾ) :- ਉੱਤਰਾਖੰਡ ਦੇ ਪ੍ਰਸਿੱਧ ਬਦਰੀਨਾਥ ਧਾਮ ਵਿੱਚ ਕਥਿਤ ਵਿੱਤੀ ਬੇਨਿਯਮੀਆਂ ਦੇ ਮਾਮਲੇ ਨੇ ਤੂਲ ਫੜ ਲਿਆ ਹੈ। ‘ਸ਼੍ਰੀ ਬਦਰੀਨਾਥ ਕੇਦਾਰਨਾਥ ਮੰਦਰ ਸਮਿਤੀ’ (BKTC) ਦੇ ਮੁਅੱਤਲ ਮੁਲਾਜ਼ਮ ਅਤੇ ਪ੍ਰਧਾਨ ਦੇ ਸਾਬਕਾ ਨਿੱਜੀ ਸਹਾਇਕ ਪ੍ਰਮੋਦ ਨੌਟਿਆਲ ਖ਼ਿਲਾਫ਼ ਪੁਲਿਸ ਨੇ FIR ਦਰਜ ਕਰ ਲਈ ਹੈ।
BKTC ਵੱਲੋਂ ਗਠਿਤ ਚਾਰ ਮੈਂਬਰੀ ਜਾਂਚ ਕਮੇਟੀ ਦੀ ਮੁੱਢਲੀ ਰਿਪੋਰਟ ਵਿੱਚ ਪਹਿਲੀ ਨਜ਼ਰ ਵਿੱਚ ਵਿੱਤੀ ਬੇਨਿਯਮੀਆਂ ਦੇ ਦੋਸ਼ ਸਹੀ ਪਾਏ ਜਾਣ ਤੋਂ ਬਾਅਦ ਮੰਗਲਵਾਰ ਨੂੰ ਨੌਟਿਆਲ ਨੂੰ ਮੁਅੱਤਲ ਕਰ ਦਿੱਤਾ ਗਿਆ। ਇਸ ਤੋਂ ਕੁਝ ਘੰਟਿਆਂ ਬਾਅਦ ਬਦਰੀਨਾਥ ਥਾਣੇ ਵਿੱਚ ਉਸ ਖ਼ਿਲਾਫ਼ ਭਾਰਤੀ ਨਿਆ ਸੰਹਿਤਾ (BNS) ਦੀਆਂ ਧਾਰਾਵਾਂ 306 ਅਤੇ 316(5) ਤਹਿਤ ਮਾਮਲਾ ਦਰਜ ਕੀਤਾ ਗਿਆ।
ਸ਼ਿਕਾਇਤ ਮੁਤਾਬਕ, 2 ਜੁਲਾਈ ਨੂੰ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ ਕਥਿਤ ਬੇਨਿਯਮੀਆਂ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਨੌਟਿਆਲ ਮੰਦਰ ਦਾ ਪੈਸਾ ਆਪਣੇ ਨਾਲ ਲੈ ਗਿਆ ਸੀ।
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਨਿਰਦੇਸ਼ਾਂ ‘ਤੇ ਗੜ੍ਹਵਾਲ ਦੇ ਕਮਿਸ਼ਨਰ ਆਨੰਦ ਸਵਰੂਪ ਦੀ ਅਗਵਾਈ ਹੇਠ ਤਿੰਨ ਮੈਂਬਰੀ ਉੱਚ ਪੱਧਰੀ ਜਾਂਚ ਕਮੇਟੀ ਬਣਾਈ ਗਈ ਹੈ। ਸੈਰ-ਸਪਾਟਾ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਕਮੇਟੀ ਮੰਦਰ ਵਿੱਚ ਮਿਲਣ ਵਾਲੇ ਦਾਨ ਅਤੇ ਚੜ੍ਹਾਵੇ ਨਾਲ ਜੁੜੀਆਂ ਕਥਿਤ ਬੇਨਿਯਮੀਆਂ ਦੀ ਵਿਸਥਾਰ ਨਾਲ ਜਾਂਚ ਕਰਕੇ 15 ਦਿਨਾਂ ਵਿੱਚ ਆਪਣੀ ਰਿਪੋਰਟ ਦੇਵੇਗੀ।
ਹਰਿਦੁਆਰ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਧਾਮੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਇਸ ਘਟਨਾ ਨੂੰ “ਗੋਹਤਿਆ ਵਰਗਾ ਮਹਾਂਪਾਪ” ਕਰਾਰ ਦਿੰਦਿਆਂ ਕਿਹਾ ਕਿ ਕਾਨੂੰਨ ਆਪਣਾ ਕੰਮ ਕਰੇਗਾ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜਾਂਚ ਕਮੇਟੀ ਮੰਦਰ ਦੇ ਪ੍ਰਬੰਧਾਂ ਵਿੱਚ ਸੁਧਾਰ ਲਈ ਵੀ ਆਪਣੀਆਂ ਸਿਫ਼ਾਰਸ਼ਾਂ ਦੇਵੇਗੀ।
ਇਸ ਮਾਮਲੇ ‘ਤੇ ਸਿਆਸਤ ਵੀ ਗਰਮਾ ਗਈ ਹੈ। ਉੱਤਰਾਖੰਡ ਕਾਂਗਰਸ ਦੇ ਪ੍ਰਧਾਨ ਗਣੇਸ਼ ਗੋਦਿਆਲ ਨੇ ਪੂਰੇ ਮਾਮਲੇ ਦੀ ਨਿਆਇਕ ਜਾਂਚ ਜਾਂ ਵਿਧਾਨ ਸਭਾ ਦੀ ਸਾਂਝੀ ਕਮੇਟੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੰਦਰ ਵਿੱਚ ਚੜ੍ਹਾਵੇ, ਗਹਿਣਿਆਂ ਅਤੇ ਕੀਮਤੀ ਰਤਨਾਂ ਨਾਲ ਜੁੜੀਆਂ ਕਥਿਤ ਬੇਨਿਯਮੀਆਂ ਨੇ ਕਰੋੜਾਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਅਤੇ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।

Related