ਬੈਂਕ ਹੜਤਾਲ ਦੇ ਮੱਦੇਨਜ਼ਰ ਸਰਕਾਰੀ ਕਰਮਚਾਰੀਆਂ ਨੂੰ 25 ਸਤੰਬਰ ਨੂੰ ਹੀ ਮਿਲੇਗੀ ਤਨਖਾਹ

ਨਵੀਂ ਦਿੱਲੀ (ਅਰਸ਼ਦੀਪ ਸਿੰਘ ਕਾਲੜਾ) : ਬੈਂਕ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ 28 ਤੋਂ 30 ਸਤੰਬਰ ਤੱਕ ਤਿੰਨ ਦਿਨਾਂ ਦੀ ਹੜਤਾਲ ਦੇ ਸੱਦੇ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਦੀਆਂ ਤਨਖਾਹਾਂ ਪਹਿਲਾਂ ਹੀ ਜਾਰੀ ਕਰਨ ਦਾ ਫੈਸਲਾ ਕੀਤਾ ਹੈ। ਵਿੱਤ ਮੰਤਰਾਲੇ ਨੇ ਸਾਰੇ ਮੰਤਰਾਲਿਆਂ ਅਤੇ ਵਿਭਾਗਾਂ ਨੂੰ ਹਦਾਇਤ ਕੀਤੀ ਹੈ ਕਿ ਕਰਮਚਾਰੀਆਂ ਦੀ ਤਨਖਾਹ 25 ਸਤੰਬਰ ਨੂੰ ਹੀ ਜਾਰੀ ਕਰ ਦਿੱਤੀ ਜਾਵੇ।

‘ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼’ (UFBU) ਵੱਲੋਂ 28 ਤੋਂ 30 ਸਤੰਬਰ ਤੱਕ ਤਿੰਨ ਦਿਨਾਂ ਦੀ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਬੈਂਕ ਯੂਨੀਅਨਾਂ ਦੀਆਂ ਮੁੱਖ ਮੰਗਾਂ ਵਿੱਚ ਹਫ਼ਤੇ ਵਿੱਚ ਪੰਜ ਦਿਨ ਕੰਮ ਕਰਨ ਦੀ ਪ੍ਰਣਾਲੀ ਲਾਗੂ ਕਰਨਾ ਵੀ ਸ਼ਾਮਲ ਹੈ।

ਹੜਤਾਲ ਦੌਰਾਨ ਬੈਂਕਿੰਗ ਸੇਵਾਵਾਂ ਪ੍ਰਭਾਵਿਤ ਹੋਣ ਕਾਰਨ ਸਰਕਾਰੀ ਕਰਮਚਾਰੀਆਂ ਦੀ ਤਨਖਾਹ ਦੀ ਅਦਾਇਗੀ ਵਿੱਚ ਦੇਰੀ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ ਇਹ ਕਦਮ ਚੁੱਕਿਆ ਗਿਆ ਹੈ। ਵਿੱਤ ਮੰਤਰਾਲੇ ਦੇ ਅਧੀਨ ਕੰਟਰੋਲਰ ਜਨਰਲ ਆਫ਼ ਅਕਾਊਂਟਸ (CGA) ਵੱਲੋਂ ਜਾਰੀ ਦਫ਼ਤਰੀ ਮੈਮੋਰੰਡਮ ਵਿੱਚ ਤਨਖਾਹਾਂ 25 ਸਤੰਬਰ ਨੂੰ ਹੀ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸ ਫੈਸਲੇ ਨਾਲ ਬੈਂਕ ਹੜਤਾਲ ਦੇ ਬਾਵਜੂਦ ਸਰਕਾਰੀ ਕਰਮਚਾਰੀਆਂ ਦੀ ਤਨਖਾਹ ਦੀ ਅਦਾਇਗੀ ਸਮੇਂ ਸਿਰ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।

 ,