ਬਰਨਾਲਾ (ਅਰਸ਼ਦੀਪ ਸਿੰਘ ਕਾਲੜਾ) : ਪਾਣੀ ਵਾਲੀ ਟੈਂਕੀ ’ਤੇ ਚੜ੍ਹ ਕੇ ਆਪਣੀਆਂ ਮੰਗਾਂ ਅਤੇ ਸ਼ਿਕਾਇਤਾਂ ਨੂੰ ਲੈ ਕੇ ਰੋਸ ਜ਼ਾਹਰ ਕਰਨ ਵਾਲੀਆਂ ਤਿੰਨ ਪੀੜਤ ਲੜਕੀਆਂ ਦੇ ਮਾਮਲੇ ਵਿੱਚ ਬਰਨਾਲਾ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਐੱਫ.ਆਈ.ਆਰ. ਦਰਜ ਕੀਤੀਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ.ਡੀ. ਸੰਜੀਵ ਗੋਇਲ ਨੇ ਦੱਸਿਆ ਕਿ ਸਵੇਰੇ ਤਿੰਨ ਲੜਕੀਆਂ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਈਆਂ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐੱਸ.ਪੀ. ਰਜਿੰਦਰ ਸਿੰਘ ਮੌਕੇ ’ਤੇ ਪਹੁੰਚੇ ਅਤੇ ਲੜਕੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਅਤੇ ਸ਼ਿਕਾਇਤਾਂ ਸੁਣੀਆਂ।

ਐੱਸ.ਪੀ.ਡੀ. ਗੋਇਲ ਨੇ ਦੱਸਿਆ ਕਿ ਮਾਮਲਾ ਤੁਰੰਤ ਐੱਸ.ਐੱਸ.ਪੀ. ਦੇ ਧਿਆਨ ਵਿੱਚ ਲਿਆਂਦਾ ਗਿਆ। ਲੜਕੀਆਂ ਵੱਲੋਂ ਦਿੱਤੇ ਬਿਆਨਾਂ ਅਤੇ ਉਨ੍ਹਾਂ ਦੀਆਂ ਪੁਰਾਣੀਆਂ ਦਰਖਾਸਤਾਂ ਦੇ ਆਧਾਰ ’ਤੇ ਪੁਲਿਸ ਨੇ ਦਲਵਿੰਦਰ ਸਿੰਘ ਅਤੇ ਇਕਬਾਲ ਸਿੰਘ ਵਾਸੀ ਰਾਏਕੋਟ ਖ਼ਿਲਾਫ਼ ਐੱਫ.ਆਈ.ਆਰ. ਨੰਬਰ 72 ਅਤੇ 73 ਦਰਜ ਕੀਤੀਆਂ ਹਨ। ਇਸ ਤੋਂ ਇਲਾਵਾ ਤੀਜੀ ਲੜਕੀ ਦੀ ਸ਼ਿਕਾਇਤ ’ਤੇ ਬਰਨਾਲਾ ਵਾਸੀ ਪ੍ਰਦੀਪ ਕੁਮਾਰ ਚੌਹਾਨ ਖ਼ਿਲਾਫ਼ ਐੱਫ.ਆਈ.ਆਰ. ਨੰਬਰ 410 ਦਰਜ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਲੜਕੀਆਂ ਦੇ ਅਦਾਲਤ ਵਿੱਚ ਧਾਰਾ 164 ਤਹਿਤ ਬਿਆਨ ਦਰਜ ਕਰਵਾਉਣ ਅਤੇ ਮੈਡੀਕਲ ਜਾਂਚ ਕਰਵਾਉਣ ਲਈ ਵੀ ਪੁਲਿਸ ਵੱਲੋਂ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੇ ਮਾਮਲੇ ਵਿੱਚ ਨਾਮਜ਼ਦ ਵਿਅਕਤੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਅਗਲੀ ਕਾਨੂੰਨੀ ਕਾਰਵਾਈ ਤੇਜ਼ ਕਰ ਦਿੱਤੀ ਹੈ।