ਬਸਤੀ ਸ਼ੇਖ ਇਲਾਕੇ ਵਿੱਚ ਨਵੀਂ ਸੜਕ ਦੇ ਕੰਮ ਦੀ ਸ਼ੁਰੂਆਤ, ਸੀਵਰੇਜ ਸਮੱਸਿਆ ਹੱਲ ਹੋਣ ਮਗਰੋਂ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ

ਜਲੰਧਰ ਦੇ ਬਸਤੀ ਸ਼ੇਖ ਇਲਾਕੇ ਵਿੱਚ ਪਿਛਲੇ ਇੱਕ-ਦੋ ਮਹੀਨਿਆਂ ਤੋਂ ਖਰਾਬ ਪਈ ਸੜਕ ਨੂੰ ਤੋੜ ਕੇ ਨਵੀਂ ਸੜਕ ਬਣਾਉਣ ਦਾ ਕੰਮ ਅੱਜ ਤੋਂ ਸ਼ੁਰੂ ਕਰ ਦਿੱਤਾ ਗਿਆ। ਇਲਾਕਾ ਵਾਸੀਆਂ ਮੁਤਾਬਕ ਸੜਕ ਦੀ ਹਾਲਤ ਇੰਨੀ ਮਾੜੀ ਹੋ ਚੁੱਕੀ ਸੀ ਕਿ ਇੱਥੋਂ ਲੰਘਣ ਵਾਲੇ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਹਰ ਰੋਜ਼ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਕਈ ਲੋਕ ਹਾਦਸਿਆਂ ਦਾ ਸ਼ਿਕਾਰ ਵੀ ਹੋ ਜਾਂਦੇ ਸਨ।

ਦੱਸਿਆ ਜਾ ਰਿਹਾ ਹੈ ਕਿ ਇਲਾਕੇ ਵਿੱਚ ਲੰਬੇ ਸਮੇਂ ਤੋਂ ਚੱਲ ਰਹੀ ਸੀਵਰੇਜ ਦੀ ਸਮੱਸਿਆ ਕਾਰਨ ਸੜਕ ਦਾ ਕੰਮ ਦੇਰੀ ਨਾਲ ਸ਼ੁਰੂ ਹੋਇਆ। ਹੁਣ ਸੀਵਰੇਜ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਸੜਕ ਦੀ ਉਸਾਰੀ ਦਾ ਕੰਮ ਵੀ ਸ਼ੁਰੂ ਕਰਵਾ ਦਿੱਤਾ ਗਿਆ ਹੈ। ਸੜਕ ਦਾ ਕੰਮ ਪੂਰਾ ਹੋਣ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਇਸ ਦੇ ਨਾਲ ਹੀ ਇਲਾਕੇ ਵਿੱਚ ਨਵੀਆਂ ਸਟਰੀਟ ਲਾਈਟਾਂ ਵੀ ਲਗਾਈਆਂ ਜਾਣਗੀਆਂ, ਜਿਸ ਨਾਲ ਰਾਤ ਸਮੇਂ ਆਵਾਜਾਈ ਹੋਰ ਸੁਗਮ ਅਤੇ ਸੁਰੱਖਿਅਤ ਹੋਵੇਗੀ।

ਇਸ ਮੌਕੇ ਇਲਾਕੇ ਦੇ ਕੌਂਸਲਰ ਵੱਲੋਂ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਸਮਾਗਮ ਦੌਰਾਨ ਸ. ਮਨਜੀਤ ਸਿੰਘ ਟੀਟੂ, ਵੈਲਕਮ ਪੰਜਾਬ ਦੇ ਚੀਫ਼ ਸ. ਅਮਰਪ੍ਰੀਤ ਸਿੰਘ, ਪੱਪੂ ਸ਼ਰਮਾ ਜੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਹਾਜ਼ਰ ਰਹੇ। ਸਥਾਨਕ ਲੋਕਾਂ ਨੇ ਸੜਕ ਅਤੇ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਖੁਸ਼ੀ ਜ਼ਾਹਰ ਕਰਦਿਆਂ ਪ੍ਰਸ਼ਾਸਨ ਅਤੇ ਨੁਮਾਇੰਦਿਆਂ ਦਾ ਧੰਨਵਾਦ ਕੀਤਾ।