ਜਲੰਧਰ (ਅਰਸ਼ਦੀਪ ਸਿੰਘ ਕਾਲੜਾ)   :-    ਬਸਤੀ ਸ਼ੇਖ ਇਲਾਕੇ ਵਿੱਚ ਪਿਛਲੇ 6-7 ਮਹੀਨਿਆਂ ਤੋਂ ਟੁੱਟੀ ਪਈ ਸੜਕ ਅਤੇ ਖੜ੍ਹੇ ਗੰਦੇ ਪਾਣੀ ਕਾਰਨ ਲੋਕਾਂ ਦਾ ਗੁੱਸਾ ਫੁੱਟ ਪਿਆ। ਇਲਾਕਾ ਵਾਸੀਆਂ ਦੀਆਂ ਸ਼ਿਕਾਇਤਾਂ ਤੋਂ ਬਾਅਦ ਕੌਂਸਲਰ ਸ. ਮਨਜੀਤ ਸਿੰਘ ਟੀਟੂ ਨੇ ਜਲੰਧਰ ਦੇ ਮੇਅਰ ਨੂੰ ਮੌਕੇ ’ਤੇ ਬੁਲਾ ਕੇ ਹਾਲਾਤਾਂ ਤੋਂ ਜਾਣੂ ਕਰਵਾਇਆ। ਇਸ ਦੌਰਾਨ ਸਬੰਧਤ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਰਹੇ।

ਮੁਹੱਲਾ ਵਾਸੀਆਂ ਨੇ ਦੱਸਿਆ ਕਿ ਸੜਕ ਟੁੱਟੀ ਹੋਣ ਕਾਰਨ ਹਰ ਬਾਰਿਸ਼ ਮਗਰੋਂ ਇੱਥੇ ਗੰਦਾ ਪਾਣੀ ਖੜ੍ਹਾ ਹੋ ਜਾਂਦਾ ਹੈ, ਜਿਸ ਨਾਲ ਮੱਛਰਾਂ ਦੀ ਭਰਮਾਰ ਹੋ ਜਾਂਦੀ ਹੈ ਅਤੇ ਡੇਂਗੂ, ਮਲੇਰੀਆ ਵਰਗੀਆਂ ਬਿਮਾਰੀਆਂ ਦਾ ਖਤਰਾ ਵਧ ਜਾਂਦਾ ਹੈ। ਲੋਕਾਂ ਨੇ ਕਿਹਾ ਕਿ ਗੰਦਾ ਪਾਣੀ ਬਿਮਾਰੀਆਂ ਦਾ ਘਰ ਬਣ ਚੁੱਕਾ ਹੈ ਅਤੇ ਛੋਟੇ ਬੱਚਿਆਂ ਨੂੰ ਸਭ ਤੋਂ ਵੱਧ ਨੁਕਸਾਨ ਝੱਲਣਾ ਪੈ ਰਿਹਾ ਹੈ।

ਇਲਾਕਾ ਵਾਸੀਆਂ ਨੇ ਮੇਅਰ ਸਾਹਮਣੇ ਇਹ ਵੀ ਮੁੱਦਾ ਚੁੱਕਿਆ ਕਿ 30 ਜੂਨ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਪੁਰਬ ਅਤੇ 21 ਜੂਨ ਨੂੰ ਨਗਰ ਕੀਰਤਨ ਕੱਢਿਆ ਜਾਣਾ ਹੈ। ਟੁੱਟੀ ਸੜਕ ਅਤੇ ਵੱਡੇ ਖੱਡਿਆਂ ਕਾਰਨ ਸੰਗਤ ਅਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਕੌਂਸਲਰ ਸ. ਮਨਜੀਤ ਸਿੰਘ ਟੀਟੂ ਨੇ ਮੇਅਰ ਨੂੰ ਕਿਹਾ ਕਿ ਸੜਕ ਦੀ ਖਸਤਾਹਾਲੀ ਕਾਰਨ ਲੋਕ ਡਿੱਗ ਕੇ ਜ਼ਖ਼ਮੀ ਹੋ ਰਹੇ ਹਨ ਅਤੇ ਆਉਣ ਵਾਲੀਆਂ ਧਾਰਮਿਕ ਸਮਾਗਮਾਂ ਦੌਰਾਨ ਇਹ ਸਮੱਸਿਆ ਹੋਰ ਗੰਭੀਰ ਹੋ ਸਕਦੀ ਹੈ। ਉਨ੍ਹਾਂ ਮੰਗ ਕੀਤੀ ਕਿ ਕੰਮ ਨੂੰ ਤੁਰੰਤ ਸ਼ੁਰੂ ਕਰਵਾ ਕੇ ਲੋਕਾਂ ਅਤੇ ਸੰਗਤ ਨੂੰ ਰਾਹਤ ਦਿੱਤੀ ਜਾਵੇ।

ਮੌਕੇ ’ਤੇ ਮੌਜੂਦ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਸੜਕ ਦੀ ਮੁਰੰਮਤ ਦਾ ਕੰਮ ਕੱਲ੍ਹ ਤੋਂ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ’ਤੇ ਸ. ਮਨਜੀਤ ਸਿੰਘ ਟੀਟੂ ਨੇ ਦੁਬਾਰਾ ਜ਼ੋਰ ਦਿੰਦਿਆਂ ਕਿਹਾ ਕਿ ਕੰਮ ਵਿੱਚ ਕੋਈ ਦੇਰੀ ਨਾ ਹੋਵੇ ਤਾਂ ਜੋ ਇਲਾਕਾ ਵਾਸੀਆਂ ਅਤੇ ਸੰਗਤ ਨੂੰ ਹੋਰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।