ਬਠਿੰਡਾ ’ਚ ਕਲੀਨਿਕ ’ਤੇ ਪੈਟਰੋਲ ਬੰਬ ਹਮਲਾ ਮਾਮਲਾ: ਸਿਆਸੀ ਆਗੂਆਂ ਨੇ ਕੀਤੀ ਸਾਂਝੀ ਪ੍ਰੈੱਸ ਕਾਨਫਰੰਸ, ਉੱਚ ਪੱਧਰੀ ਜਾਂਚ ਦੀ ਮੰਗ

ਬਠਿੰਡਾ (ਅਰਸ਼ਦੀਪ ਸਿੰਘ ਕਾਲੜਾ)  :- ਬਠਿੰਡਾ ਦੇ ਮੇਲਾ ਰਾਮ ਹਸਪਤਾਲ ਵਾਰਡ ਨੰਬਰ 47 ਸਥਿਤ ਡਾ. ਤਰਸੇਮ ਗਰਗ ਦੇ ਹੈਨੀਮੈਨ ਹੋਮੀਓ ਕਲੀਨਿਕ ’ਤੇ ਕਥਿਤ ਪੈਟਰੋਲ ਬੰਬ ਹਮਲੇ ਦੇ ਮਾਮਲੇ ਨੇ ਸਿਆਸੀ ਤੂਲ ਪਕੜ ਲਿਆ ਹੈ। ਇਸ ਸਬੰਧੀ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਸਾਂਝੀ ਪ੍ਰੈੱਸ ਕਾਨਫਰੰਸ ਕਰਕੇ ਮਾਮਲੇ ਦੀ ਡੂੰਘੀ ਜਾਂਚ ਦੀ ਮੰਗ ਕੀਤੀ ਗਈ।

ਡਾ. ਤਰਸੇਮ ਗਰਗ ਨੇ ਦੱਸਿਆ ਕਿ ਹਮਲੇ ਤੋਂ ਬਾਅਦ ਉਨ੍ਹਾਂ ਦੀ ਪਤਨੀ ਨੂੰ ਇੱਕ ਅੰਤਰਰਾਸ਼ਟਰੀ ਵਟਸਐਪ ਕਾਲ ਆਈ, ਜਿਸ ਵਿੱਚ ਕਾਲ ਕਰਨ ਵਾਲੇ ਨੇ ਧਮਕੀ ਭਰੇ ਸ਼ਬਦ ਵਰਤਦਿਆਂ ਆਪਣੇ ਆਪ ਨੂੰ “ਸ਼ਹਿਜਾਦ ਭੱਟੀ” ਦੱਸਿਆ। ਉਨ੍ਹਾਂ ਮੁਤਾਬਕ ਇਹ ਮਾਮਲਾ ਪੁਲਿਸ ਨੂੰ ਸੌਂਪ ਦਿੱਤਾ ਗਿਆ ਹੈ ਅਤੇ ਜਾਂਚ ਜਾਰੀ ਹੈ।

ਵਿਧਾਇਕ ਜਗਰੂਪ ਸਿੰਘ ਗਿੱਲ ਨੇ ਘਟਨਾ ਨੂੰ ਗੰਭੀਰ ਦੱਸਦਿਆਂ ਦੋਸ਼ੀਆਂ ਦੀ ਤੁਰੰਤ ਪਛਾਣ ਅਤੇ ਗ੍ਰਿਫ਼ਤਾਰੀ ਦੀ ਮੰਗ ਕੀਤੀ। ਭਾਜਪਾ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਸੀਸੀਟੀਵੀ ਅਤੇ ਸਾਈਬਰ ਜਾਂਚ ਦੇ ਆਧਾਰ ’ਤੇ ਸੱਚਾਈ ਸਾਹਮਣੇ ਲਿਆਉਣ ਦੀ ਗੱਲ ਕੀਤੀ, ਜਦਕਿ ਕਾਂਗਰਸੀ ਆਗੂ ਨਰੇਸ਼ ਗਰਗ ਨੇ ਅਮਨ-ਕਾਨੂੰਨ ਖਰਾਬ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਅਪੀਲ ਕੀਤੀ।

ਸਾਰੇ ਆਗੂਆਂ ਨੇ ਕਿਹਾ ਕਿ ਇਹ ਘਟਨਾ ਸਿਰਫ਼ ਇੱਕ ਵਿਅਕਤੀ ਨਹੀਂ, ਸਗੋਂ ਪੂਰੇ ਸ਼ਹਿਰ ਦੀ ਸੁਰੱਖਿਆ ਨਾਲ ਜੁੜੀ ਹੋਈ ਹੈ ਅਤੇ ਮਾਮਲੇ ਦੀ ਨਿਰਪੱਖ ਤੇ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ।