
Skip to content

ਬਠਿੰਡਾ ’ਚ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਗਲਾ ਘੁੱਟਿਆ, ਖੁਦਕੁਸ਼ੀ ਦਾ ਰਚਿਆ ਡਰਾਮਾ; ਦੋਵੇਂ ਗ੍ਰਿਫ਼ਤਾਰ
ਬਠਿੰਡਾ (ਅਰਸ਼ਦੀਪ ਸਿੰਘ ਕਾਲੜਾ) : ਮੌਰ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਕੋਟਲੀ ਖੁਰਦ ਵਿੱਚ ਇੱਕ ਔਰਤ ਨੇ ਕਥਿਤ ਤੌਰ ’ਤੇ ਆਪਣੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਤਲ ਕਰ ਦਿੱਤਾ ਅਤੇ ਵਾਰਦਾਤ ਨੂੰ ਖੁਦਕੁਸ਼ੀ ਦਾ ਰੂਪ ਦੇਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਮਾਮਲੇ ਵਿੱਚ ਮ੍ਰਿਤਕ ਦੀ ਪਤਨੀ ਕਿਰਨਪਾਲ ਕੌਰ ਅਤੇ ਉਸ ਦੇ ਕਥਿਤ ਪ੍ਰੇਮੀ ਪ੍ਰਭਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵੇਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਚਾਰ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਗਿਆ ਹੈ।
ਮ੍ਰਿਤਕ ਦੀ ਪਛਾਣ ਰਾਜਪਾਲ ਸਿੰਘ (30) ਵਜੋਂ ਹੋਈ ਹੈ। ਪੁਲਿਸ ਕੋਲ ਦਰਜ ਸ਼ਿਕਾਇਤ ਅਨੁਸਾਰ, 29-30 ਸਤੰਬਰ ਦੀ ਰਾਤ ਰਾਜਪਾਲ ਦੀ ਪਤਨੀ ਕਿਰਨਪਾਲ ਕੌਰ ਨੇ ਕਥਿਤ ਤੌਰ ’ਤੇ ਪ੍ਰਭਜੀਤ ਸਿੰਘ ਨਾਲ ਮਿਲ ਕੇ ਉਸ ਦਾ ਗਲਾ ਘੁੱਟ ਦਿੱਤਾ। ਇਸ ਤੋਂ ਬਾਅਦ ਲਾਸ਼ ਨੂੰ ਰਸੋਈ ਵਿੱਚ ਗਾਡਰ ਨਾਲ ਪਰਨੇ ਅਤੇ ਰੱਸੀ ਦੀ ਮਦਦ ਨਾਲ ਲਟਕਾ ਦਿੱਤਾ ਗਿਆ ਤਾਂ ਜੋ ਮਾਮਲਾ ਖੁਦਕੁਸ਼ੀ ਦਾ ਲੱਗੇ।
30 ਸਤੰਬਰ ਦੀ ਸਵੇਰ ਕਿਰਨਪਾਲ ਨੇ ਰੌਲਾ ਪਾ ਕੇ ਪਰਿਵਾਰਕ ਮੈਂਬਰਾਂ ਅਤੇ ਗੁਆਂਢੀਆਂ ਨੂੰ ਦੱਸਿਆ ਕਿ ਰਾਜਪਾਲ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਲੋਕਾਂ ਨੇ ਮੌਕੇ ’ਤੇ ਪਹੁੰਚ ਕੇ ਰਾਜਪਾਲ ਦੀ ਲਾਸ਼ ਹੇਠਾਂ ਉਤਾਰੀ ਤਾਂ ਉਸ ਦੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਦਿਖਾਈ ਦਿੱਤੇ। ਇਸ ਕਾਰਨ ਪਰਿਵਾਰ ਨੂੰ ਮੌਤ ’ਤੇ ਸ਼ੱਕ ਹੋਇਆ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ।
ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਇਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਮ੍ਰਿਤਕ ਦੇ ਭਰਾ ਸਤਪਾਲ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਪਤਨੀ ’ਤੇ ਸ਼ੱਕ ਜ਼ਾਹਰ ਕੀਤਾ ਸੀ। ਪੁਲਿਸ ਵੱਲੋਂ ਪੁੱਛਗਿੱਛ ਦੌਰਾਨ ਕਿਰਨਪਾਲ ਨੇ ਕਥਿਤ ਤੌਰ ’ਤੇ ਕਤਲ ਦੀ ਗੱਲ ਕਬੂਲ ਕੀਤੀ।
ਪੁਲਿਸ ਮੁਤਾਬਕ, ਕਿਰਨਪਾਲ ਦੇ ਪ੍ਰਭਜੀਤ ਸਿੰਘ ਨਾਲ ਕਥਿਤ ਤੌਰ ’ਤੇ ਸਬੰਧ ਸਨ। ਰਾਜਪਾਲ ਨੂੰ ਇਸ ਬਾਰੇ ਪਤਾ ਲੱਗ ਗਿਆ ਸੀ ਅਤੇ ਉਹ ਪਤਨੀ ਨੂੰ ਘਰੋਂ ਕੱਢਣ ਦੀਆਂ ਧਮਕੀਆਂ ਦੇ ਰਿਹਾ ਸੀ। ਪੁਲਿਸ ਦਾ ਕਹਿਣਾ ਹੈ ਕਿ ਇਸੇ ਕਾਰਨ ਦੋਵਾਂ ਨੇ ਰਾਜਪਾਲ ਨੂੰ ਰਸਤੇ ਤੋਂ ਹਟਾਉਣ ਦੀ ਯੋਜਨਾ ਬਣਾਈ।
ਪੁਲਿਸ ਨੇ ਵਾਰਦਾਤ ਵਿੱਚ ਵਰਤੇ ਗਏ ਪਰਨੇ ਅਤੇ ਰੱਸੀ ਨੂੰ ਵੀ ਬਰਾਮਦ ਕਰਕੇ ਕਬਜ਼ੇ ਵਿੱਚ ਲੈ ਲਿਆ ਹੈ। ਫਿਲਹਾਲ ਦੋਵੇਂ ਮੁਲਜ਼ਮ ਪੁਲਿਸ ਰਿਮਾਂਡ ’ਤੇ ਹਨ ਅਤੇ ਉਨ੍ਹਾਂ ਤੋਂ ਪੁੱਛਗਿੱਛ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Related