
Skip to content

ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਵਾਸੀਆਂ ਨੂੰ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵਿਜ਼ਨ (SIR) ਮੁਹਿੰਮ ਤਹਿਤ ਆਪਣਾ ਫਾਰਮ ਲਾਜ਼ਮੀ ਤੌਰ ‘ਤੇ ਭਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਫਾਰਮ ਨਾ ਭਰਨ ਦੀ ਸੂਰਤ ਵਿੱਚ ਨਵੀਂ ਵੋਟਰ ਸੂਚੀ ਵਿੱਚ ਨਾਮ ਦਰਜ ਨਹੀਂ ਹੋ ਸਕੇਗਾ, ਜਿਸ ਕਾਰਨ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਵਿੱਚ ਵੀ ਦਿੱਕਤ ਆ ਸਕਦੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਨਾਲ ਕੀਤਾ ਵਾਅਦਾ ਨਿਭਾਉਂਦੇ ਹੋਏ ਉਨ੍ਹਾਂ ਦੇ ਖਾਤਿਆਂ ਵਿੱਚ ਪੈਸੇ ਭੇਜੇ ਹਨ। ਉਨ੍ਹਾਂ ਕਿਹਾ ਕਿ ਹੁਣ ਦੇਸ਼ ਦੇ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਕੰਮ ਚੱਲ ਰਿਹਾ ਹੈ, ਜਿਸ ਤਹਿਤ ਹਰ ਯੋਗ ਵੋਟਰ ਲਈ SIR ਫਾਰਮ ਭਰਨਾ ਬਹੁਤ ਜ਼ਰੂਰੀ ਹੈ।
ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਇਹ ਫਾਰਮ ਨਹੀਂ ਭਰਦਾ ਤਾਂ ਉਸਦਾ ਨਾਮ ਨਵੀਂ ਵੋਟਰ ਸੂਚੀ ਵਿੱਚ ਦਰਜ ਨਹੀਂ ਹੋਵੇਗਾ। ਇਸ ਕਾਰਨ ਉਹ ਮਾਵਾਂ-ਧੀਆਂ ਸਤਿਕਾਰ ਯੋਜਨਾ ਸਮੇਤ ਹੋਰ ਕਈ ਸਰਕਾਰੀ ਭਲਾਈ ਯੋਜਨਾਵਾਂ ਦੇ ਲਾਭ ਤੋਂ ਵੀ ਵਾਂਝਾ ਰਹਿ ਸਕਦਾ ਹੈ।
ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਦੇਰੀ ਆਪਣੇ SIR ਫਾਰਮ ਭਰਨ ਅਤੇ ਜੇਕਰ ਕਿਸੇ ਨੂੰ ਫਾਰਮ ਭਰਨ ਵਿੱਚ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਆਪਣੇ ਖੇਤਰ ਦੇ ਬੂਥ ਲੈਵਲ ਅਧਿਕਾਰੀ (BLO) ਨਾਲ ਸੰਪਰਕ ਕਰੇ।

Related