ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ) : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਵਿੱਚ ਦਿੱਲੀ ਦੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ ਇੱਕ ਦਿਨ ਦੀ ਪੈਰੋਲ ’ਤੇ ਆਪਣੇ ਪਿੰਡ ਆਉਣ ਲਈ ਸਹਿਮਤ ਹੋ ਗਏ ਹਨ। ਇਸ ਸਬੰਧੀ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ ਉਨ੍ਹਾਂ ਨੂੰ ਅਪੀਲ ਕੀਤੀ ਗਈ ਸੀ। ਹਾਲਾਂਕਿ, ਹਾਲੇ ਤੱਕ ਪੈਰੋਲ ਦੀ ਤਰੀਕ ਤੈਅ ਨਹੀਂ ਹੋਈ ਹੈ।

ਕੌਮੀ ਇਨਸਾਫ਼ ਮੋਰਚੇ ਦੇ ਸਰਪ੍ਰਸਤ ਗੁਰਚਰਨ ਸਿੰਘ ਅਤੇ ਪ੍ਰਮੁੱਖ ਆਗੂ ਗੁਰਦੀਪ ਸਿੰਘ ਬਠਿੰਡਾ ਨੇ ਲਿਖਤੀ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਮੋਰਚੇ ਵੱਲੋਂ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਬੇਨਤੀ ਕੀਤੀ ਗਈ ਸੀ ਕਿ ਜੇਕਰ ਪ੍ਰਸ਼ਾਸਨ ਉਨ੍ਹਾਂ ਨੂੰ ਆਪਣੀ ਮਾਤਾ ਨਾਲ ਮੁਲਾਕਾਤ ਲਈ ਇੱਕ ਦਿਨ ਦੀ ਪੈਰੋਲ ਦਿੰਦਾ ਹੈ ਤਾਂ ਉਹ ਇਸ ਨੂੰ ਸਵੀਕਾਰ ਕਰ ਲੈਣ।

ਮੋਰਚੇ ਦੇ ਆਗੂਆਂ ਅਨੁਸਾਰ, ਜੇਲ੍ਹ ਤਬਦੀਲੀ ਅਤੇ ਪੈਰੋਲ ਸਬੰਧੀ ਅਦਾਲਤ ਵਿੱਚ ਚੱਲ ਰਹੇ ਮਾਮਲੇ ਦੌਰਾਨ ਪ੍ਰਸ਼ਾਸਨ ਵੱਲੋਂ ਇਹ ਕਿਹਾ ਜਾਂਦਾ ਰਿਹਾ ਹੈ ਕਿ ਜਗਤਾਰ ਸਿੰਘ ਹਵਾਰਾ ਆਪਣੀ ਮਾਤਾ ਨੂੰ ਮਿਲਣ ਲਈ ਨਹੀਂ ਆਉਣਾ ਚਾਹੁੰਦੇ। ਇਸ ਸਥਿਤੀ ਨੂੰ ਦੇਖਦਿਆਂ ਮੋਰਚੇ ਵੱਲੋਂ ਉਨ੍ਹਾਂ ਨੂੰ ਪੈਰੋਲ ਸਵੀਕਾਰ ਕਰਨ ਦੀ ਅਪੀਲ ਕੀਤੀ ਗਈ ਸੀ, ਜਿਸ ਨੂੰ ਉਨ੍ਹਾਂ ਨੇ ਮੰਨ ਲਿਆ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮਨੁੱਖੀ ਆਧਾਰ ’ਤੇ ਭਾਈ ਹਵਾਰਾ ਨੂੰ ਪੈਰੋਲ ਦੇਣ ਲਈ ਕੇਂਦਰ ਸਰਕਾਰ ਅੱਗੇ ਅਪੀਲ ਕਰ ਚੁੱਕੇ ਹਨ। ਇਸ ਤੋਂ ਇਲਾਵਾ, ਉਨ੍ਹਾਂ ਨੇ ਰਾਜਪਾਲ ਨਾਲ ਮੁਲਾਕਾਤ ਕਰਕੇ ਵੀ ਇਹ ਮੰਗ ਉਠਾਈ ਸੀ। ਇਸ ਮਾਮਲੇ ਨੂੰ ਲੈ ਕੇ ਚੰਡੀਗੜ੍ਹ ਵਿੱਚ ਵੱਡਾ ਰੋਸ ਮਾਰਚ ਵੀ ਕੱਢਿਆ ਗਿਆ ਸੀ, ਜਿਸ ਦੌਰਾਨ ਪ੍ਰਦਰਸ਼ਨਕਾਰੀ ਰਾਜ ਭਵਨ ਤੱਕ ਪਹੁੰਚ ਗਏ ਸਨ ਅਤੇ ਪੁਲਿਸ ਨਾਲ ਝੜਪਾਂ ਵੀ ਹੋਈਆਂ ਸਨ।

ਪਹਿਲਾਂ ਭਾਈ ਜਗਤਾਰ ਸਿੰਘ ਹਵਾਰਾ ਲਈ ਘੱਟੋ-ਘੱਟ ਇੱਕ ਹਫ਼ਤੇ ਦੀ ਪੈਰੋਲ ਦੀ ਮੰਗ ਕੀਤੀ ਜਾ ਰਹੀ ਸੀ, ਪਰ ਮੌਜੂਦਾ ਹਾਲਾਤ ਨੂੰ ਦੇਖਦਿਆਂ ਕੌਮੀ ਇਨਸਾਫ਼ ਮੋਰਚੇ ਵੱਲੋਂ ਫਿਲਹਾਲ ਇੱਕ ਦਿਨ ਦੀ ਪੈਰੋਲ ਦੀ ਮੰਗ ’ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਹਾਲਾਂਕਿ, ਭਾਈ ਹਵਾਰਾ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਪਹਿਲਾਂ ਵਾਂਗ ਬਰਕਰਾਰ ਹੈ।

ਹੁਣ ਭਾਈ ਹਵਾਰਾ ਦੀ ਸਹਿਮਤੀ ਤੋਂ ਬਾਅਦ ਪੈਰੋਲ ਦੀ ਅਗਲੀ ਕਾਰਵਾਈ ਅਤੇ ਤਰੀਕ ਤੈਅ ਹੋਣ ਦੀ ਉਡੀਕ ਕੀਤੀ ਜਾ ਰਹੀ ਹੈ।