
Skip to content

ਗਰਮੀ ਦੇ ਮੌਸਮ ਦੌਰਾਨ ਪਹਾੜਾਂ ਵਿੱਚ ਪਈ ਬਰਫ਼ ਦੇ ਲਗਾਤਾਰ ਪਿਘਲਣ ਕਾਰਨ ਭਾਖੜਾ ਡੈਮ ਦੇ ਪਿੱਛੇ ਬਣੀ ਗੋਬਿੰਦ ਸਾਗਰ ਝੀਲ ਵਿੱਚ ਪਾਣੀ ਦੀ ਆਮਦ ਵਧ ਰਹੀ ਹੈ। ਇਸ ਦੇ ਨਤੀਜੇ ਵਜੋਂ ਭਾਖੜਾ ਡੈਮ ਦਾ ਜਲ ਪੱਧਰ ਲਗਾਤਾਰ ਉੱਪਰ ਚੜ੍ਹ ਰਿਹਾ ਹੈ, ਜਿਸ ਕਾਰਨ ਬੀਬੀਐਮਬੀ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਸਤਲੁਜ ਦਰਿਆ ਦੇ ਕੰਢੇ ਵਸਦੇ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਗਈ ਹੈ।
ਗਰਮੀ ਦੇ ਸੀਜ਼ਨ ਵਿੱਚ ਪਾਣੀ ਅਤੇ ਬਿਜਲੀ ਦੀ ਮੰਗ ਵਧਣ ਕਾਰਨ ਬੀਬੀਐਮਬੀ ਵੱਲੋਂ ਭਾਖੜਾ ਡੈਮ ਦੇ ਸਾਰੇ ਟਰਬਾਈਨ ਚਲਾਏ ਜਾ ਰਹੇ ਹਨ। ਇਸ ਨਾਲ ਬਿਜਲੀ ਉਤਪਾਦਨ ਵਿੱਚ ਵਾਧਾ ਹੋ ਰਿਹਾ ਹੈ ਅਤੇ ਨਾਲ ਹੀ ਸਹਿਯੋਗੀ ਸੂਬਿਆਂ ਨੂੰ ਸਿੰਚਾਈ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਵੀ ਯਕੀਨੀ ਬਣਾਈ ਜਾ ਰਹੀ ਹੈ। ਪੰਜਾਬ ਵਿੱਚ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਨਾਲ ਪਾਣੀ ਦੀ ਖਪਤ ਹੋਰ ਵਧ ਗਈ ਹੈ।
ਅੱਜ ਸਵੇਰੇ 6 ਵਜੇ ਦੇ ਅੰਕੜਿਆਂ ਅਨੁਸਾਰ ਭਾਖੜਾ ਡੈਮ ਦਾ ਜਲ ਪੱਧਰ 1573.56 ਫੁੱਟ ਦਰਜ ਕੀਤਾ ਗਿਆ। ਗੋਬਿੰਦ ਸਾਗਰ ਝੀਲ ਵਿੱਚ 17,256 ਕਿਊਸਿਕ ਪਾਣੀ ਦੀ ਆਮਦ ਹੋ ਰਹੀ ਹੈ, ਜਦਕਿ ਡੈਮ ਤੋਂ 29,106 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਨੰਗਲ ਡੈਮ ਤੋਂ ਸ੍ਰੀ ਅਨੰਦਪੁਰ ਸਾਹਿਬ ਹਾਈਡਲ ਚੈਨਲ ਵਿੱਚ 10,150 ਕਿਊਸਿਕ ਅਤੇ ਨੰਗਲ ਹਾਈਡਲ ਚੈਨਲ ਵਿੱਚ 12,350 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸਤਲੁਜ ਦਰਿਆ ਵਿੱਚ ਵੀ ਕਰੀਬ 8,000 ਕਿਊਸਿਕ ਪਾਣੀ ਛੱਡਿਆ ਗਿਆ ਹੈ।
ਅਧਿਕਾਰੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਪਾਣੀ ਦੀ ਆਮਦ ਹੋਰ ਵਧਦੀ ਹੈ ਤਾਂ ਵਾਧੂ ਪਾਣੀ ਸਤਲੁਜ ਦਰਿਆ ਵਿੱਚ ਛੱਡਣਾ ਪੈ ਸਕਦਾ ਹੈ। ਇਸ ਲਈ ਦਰਿਆ ਕੰਢੇ ਵਸਦੇ ਲੋਕਾਂ ਨੂੰ ਪਾਣੀ ਦੇ ਨੇੜੇ ਨਾ ਜਾਣ ਅਤੇ ਲੋੜ ਪੈਣ ’ਤੇ ਸੁਰੱਖਿਅਤ ਤੇ ਉੱਚੀਆਂ ਥਾਵਾਂ ’ਤੇ ਰਹਿਣ ਦੀ ਸਲਾਹ ਦਿੱਤੀ ਗਈ ਹੈ।
Related