ਨਵੀਂ ਦਿੱਲੀ- ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਦਾਅਵਾ ਕੀਤਾ ਹੈ ਕਿ ਸਾਡਾ ‘ਭਾਰਤ ਬੰਦ’ ਸਫਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪੂਰੇ ਦੇਸ਼ ਨੂੰ ਸੀਲ ਨਹੀਂ ਕਰ ਸਕਦੇ ਅਤੇ ਇਸੇ ਲਈ ਅਸੀਂ ਲੋਕਾਂ ਦਾ ਜ਼ਰੂਰੀ ਮਾਮਲਿਆਂ ਵਿੱਚ ਆਉਣਾ ਜਾਣਾ ਜਾਰੀ ਰੱਖਿਆ। ਇਸ ਮਾਮਲੇ ਵਿੱਚ ਗੱਲਬਾਤ ਬਾਰੇ ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਨਾਲ ਗੱਲਬਾਤ ਲਈ ਤਿਆਰ ਹਾਂ ਪਰ ਸਰਕਾਰ ਇਸ ਦਿਸ਼ਾ ਵਿੱਚ ਕੋਈ ਕਦਮ ਨਹੀਂ ਚੁੱਕ ਰਹੀ।

     ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਯੂਨੀਅਨਾਂ ਨੇ ਸੋਮਵਾਰ ਨੂੰ ਭਾਰਤ ਬੰਦ ਦਾ ਆਯੋਜਨ ਕੀਤਾ ਸੀ। ਇਸ ਦੌਰਾਨ ਪੰਜਾਬ, ਦਿੱਲੀ-ਐਨਸੀਆਰ, ਬਿਹਾਰ, ਝਾਰਖੰਡ, ਉੱਤਰ ਪ੍ਰਦੇਸ਼ ਅਤੇ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਇਸਦਾ ਪ੍ਰਭਾਵ ਦੇਖਣ ਨੂੰ ਮਿਲਿਆ। ਆਲ ਇੰਡੀਆ ਕਿਸਾਨ ਸਭਾ ਦੇ ਪ੍ਰਧਾਨ ਅਸ਼ੋਕ ਧਾਵਲੇ ਨੇ ਕਿਹਾ ਕਿ ਭਾਰਤ ਬੰਦ ਨੂੰ ਪਿਛਲੇ ਕਈ ਸਾਲਾਂ ਵਿੱਚ ਕਦੇ ਵੀ ਇੰਨਾ ਸਮਰਥਨ ਨਹੀਂ ਮਿਲਿਆ ਸੀ। 25 ਤੋਂ ਵੱਧ ਰਾਜਾਂ ਵਿੱਚ ਭਾਰਤ ਬੰਦ ਸਫਲ ਰਿਹਾ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਜਦੋਂ ਤੱਕ ਕਿਸਾਨ ਵਿਰੋਧੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਅਤੇ ਐਮਐਸਪੀ ਦੀ ਗਰੰਟੀ ਦੇਣ ਵਾਲਾ ਕੇਂਦਰੀ ਕਾਨੂੰਨ ਨਹੀਂ ਬਣਦਾ, ਅਸੀਂ ਲੜਦੇ ਰਹਾਂਗੇ।