ਪੰਜਾਬ ਭਾਜਪਾ ਨੂੰ ਵੱਡਾ ਝਟਕਾ! ਸੂਬਾ ਜਨਰਲ ਸਕੱਤਰ ਜਗਮੋਹਨ ਰਾਜੂ ਨੇ ਅਹੁਦਾ ਛੱਡਣ ਦਾ ਕੀਤਾ ਐਲਾਨ

ਚੰਡੀਗੜ੍ਹ: ਪੰਜਾਬ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਗਠਨ ਨਾਲ ਜੁੜੀ ਇੱਕ ਵੱਡੀ ਸਿਆਸੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਤੇ ਸਾਬਕਾ ਆਈਏਐਸ ਅਧਿਕਾਰੀ Jagmohan Raju ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਸੰਗਠਨਾਤਮਕ ਜ਼ਿੰਮੇਵਾਰੀਆਂ ਤੋਂ ਮੁਕਤ ਕੀਤੇ ਜਾਣ ਦੀ ਇੱਛਾ ਜ਼ਾਹਿਰ ਕਰਦਿਆਂ ਆਪਣਾ ਅਹੁਦਾ ਛੱਡਣ ਦਾ ਐਲਾਨ ਕਰ ਦਿੱਤਾ ਹੈ।

ਜਗਮੋਹਨ ਰਾਜੂ ਨੇ ਕਿਹਾ ਕਿ ਉਹ ਹੁਣ ਸੰਗਠਨ ਵਿੱਚ ਕੋਈ ਵੀ ਅਹੁਦਾ ਨਹੀਂ ਰੱਖਣਾ ਚਾਹੁੰਦੇ ਤਾਂ ਜੋ ਆਪਣਾ ਪੂਰਾ ਸਮਾਂ ਅਤੇ ਊਰਜਾ ਪੰਜਾਬ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਅਤੇ ਲੋਕ-ਹਿਤ ਦੇ ਕੰਮਾਂ ਲਈ ਸਮਰਪਿਤ ਕਰ ਸਕਣ। ਉਨ੍ਹਾਂ ਦੱਸਿਆ ਕਿ ਪੰਜਾਬ ਅਤੇ ਦੇਸ਼ ਨਾਲ ਸਬੰਧਤ ਕਈ ਅਹਿਮ ਵਿਸ਼ਿਆਂ ‘ਤੇ ਲੰਬੇ ਸਮੇਂ ਤੱਕ ਗੰਭੀਰਤਾ ਨਾਲ ਕੰਮ ਕਰਨ ਦੀ ਲੋੜ ਹੈ, ਜਿਸ ਲਈ ਸੰਗਠਨਾਤਮਕ ਜ਼ਿੰਮੇਵਾਰੀਆਂ ਤੋਂ ਮੁਕਤ ਹੋਣਾ ਜ਼ਰੂਰੀ ਹੈ।

ਉਨ੍ਹਾਂ ਦੇ ਮੁਤਾਬਕ, ਉਹ ਗਰੀਬ ਬੱਚਿਆਂ ਦੇ ਸਿੱਖਿਆ ਅਧਿਕਾਰ, ਅਨੁਸੂਚਿਤ ਜਾਤੀਆਂ ਅਤੇ ਸਿੱਖ ਭਾਈਚਾਰੇ ਦੇ ਸੰਵਿਧਾਨਕ ਹੱਕਾਂ, ਪੰਜਾਬ ਵਿੱਚ ਧਰਮ ਪਰਿਵਰਤਨ ਅਤੇ ਨਸ਼ਿਆਂ ਦੀ ਸਮੱਸਿਆ, ਪੰਜਾਬੀ ਭਾਸ਼ਾ ਦੇ ਵਿਕਾਸ, ਦਰਿਆਈ ਪਾਣੀਆਂ ਦੇ ਹੱਕ, ਚੰਡੀਗੜ੍ਹ ਦੇ ਮੁੱਦੇ ਅਤੇ ਅੰਮ੍ਰਿਤਸਰ ਸਮੇਤ ਪੰਜਾਬ ਦੀ ਇਤਿਹਾਸਕ ਵਿਰਾਸਤ ਨਾਲ ਜੁੜੇ ਮਸਲਿਆਂ ‘ਤੇ ਵਿਸ਼ੇਸ਼ ਧਿਆਨ ਦੇਣਾ ਚਾਹੁੰਦੇ ਹਨ।

ਇੱਕ ਤਜਰਬੇਕਾਰ ਪ੍ਰਸ਼ਾਸਨਿਕ ਅਧਿਕਾਰੀ ਅਤੇ ਪ੍ਰਭਾਵਸ਼ਾਲੀ ਸਿਆਸੀ ਆਗੂ ਵੱਲੋਂ ਲਿਆ ਗਿਆ ਇਹ ਫ਼ੈਸਲਾ ਪੰਜਾਬ ਭਾਜਪਾ ਦੇ ਅੰਦਰ ਚਰਚਾ ਦਾ ਵਿਸ਼ਾ ਬਣ ਗਿਆ ਹੈ। ਹੁਣ ਸਭ ਦੀਆਂ ਨਜ਼ਰਾਂ ਪਾਰਟੀ ਦੀ ਸੂਬਾ ਅਤੇ ਕੇਂਦਰੀ ਲੀਡਰਸ਼ਿਪ ‘ਤੇ ਟਿਕੀਆਂ ਹੋਈਆਂ ਹਨ ਕਿ ਉਹ ਜਗਮੋਹਨ ਰਾਜੂ ਦੀ ਇਸ ਅਪੀਲ ‘ਤੇ ਕੀ ਫ਼ੈਸਲਾ ਲੈਂਦੀ ਹੈ।