Skip to content
ਲੋੜਵੰਦ ਪਰਿਵਾਰਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕਰਕੇ ਬੀਬੀ ਪਰਮਜੀਤ ਕੌਰ ਅਤੇ ਸਾਥੀਆਂ ਨੇ ਪੇਸ਼ ਕੀਤੀ ਮਿਸਾਲ
ਨਾਭਾ, 9 ਨਵੰਬਰ (ਅਮਨ ਗਰਗ): ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਪ੍ਰਸਿੱਧ ਸਮਾਜ ਸੇਵਕ ਬੀਬੀ ਪਰਮਜੀਤ ਕੌਰ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਇੱਕ ਸ਼ਲਾਘਾਯੋਗ ਉਪਰਾਲਾ ਕਰਦਿਆਂ ਲੋੜਵੰਦ ਪਰਿਵਾਰਾਂ ਨੂੰ ਮਠਿਆਈਆਂ ਅਤੇ ਤੋਹਫ਼ੇ ਵੰਡ ਕੇ ਉਨ੍ਹਾਂ ਨਾਲ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ।
ਇਸ ਮੌਕੇ ਬੀਬੀ ਪਰਮਜੀਤ ਕੌਰ ਅਤੇ ਉਨ੍ਹਾਂ ਦੇ ਜਥੇ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਪਹੁੰਚ ਕੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਦੀਵਾਲੀ ਦੀਆਂ ਖੁਸ਼ੀਆਂ ਵਿੱਚ ਸ਼ਾਮਲ ਕੀਤਾ ਗਿਆ। ਇਸ ਉਪਰਾਲੇ ਨਾਲ ਲੋੜਵੰਦ ਪਰਿਵਾਰਾਂ ਦੇ ਚਿਹਰਿਆਂ ’ਤੇ ਖੁਸ਼ੀ ਅਤੇ ਮੁਸਕਾਨ ਦੇਖਣ ਨੂੰ ਮਿਲੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਪਰਮਜੀਤ ਕੌਰ ਨੇ ਕਿਹਾ ਕਿ ਤਿਉਹਾਰ ਮਨਾਉਣ ਦਾ ਅਸਲ ਮਕਸਦ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਖੁਸ਼ੀਆਂ ਵੰਡਣਾ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਲੋੜਵੰਦ ਵਰਗ ਦੇ ਚਿਹਰਿਆਂ ’ਤੇ ਮੁਸਕਾਨ ਲਿਆਉਣਾ ਹੀ ਦੀਵਾਲੀ ਮਨਾਉਣ ਦੀ ਅਸਲ ਖੁਸ਼ੀ ਹੈ। ਉਨ੍ਹਾਂ ਸਮਰੱਥ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਰਹਿੰਦੇ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣ, ਤਾਂ ਜੋ ਕੋਈ ਵੀ ਪਰਿਵਾਰ ਤਿਉਹਾਰਾਂ ਦੀਆਂ ਖੁਸ਼ੀਆਂ ਤੋਂ ਵਾਂਝਾ ਨਾ ਰਹੇ।
ਇਸ ਮੌਕੇ ਉਨ੍ਹਾਂ ਦੇ ਸਾਥੀਆਂ ਨੇ ਵੀ ਸਮਾਜ ਸੇਵਾ ਦੇ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਣ ਦਾ ਸੰਕਲਪ ਲਿਆ। ਇਲਾਕਾ ਨਿਵਾਸੀਆਂ ਅਤੇ ਲਾਭਪਾਤਰੀ ਪਰਿਵਾਰਾਂ ਵੱਲੋਂ ਬੀਬੀ ਪਰਮਜੀਤ ਕੌਰ ਅਤੇ ਉਨ੍ਹਾਂ ਦੇ ਸਮੂਹ ਸਾਥੀਆਂ ਦੇ ਇਸ ਨੇਕ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ ਗਿਆ।
Related