ਪਿਛਲੇ ਦਿਨੀਂ ਪੰਜਾਬ ਵਿਚ ਪਏ ਮੀਂਹ ਨੇ ਠੰਢ ਵਧਾ ਦਿਤੀ। ਇਸ ਦੇ ਨਾਲ-ਨਾਲ ਪਹਾੜਾਂ ਵਿਚ ਹੋਈ ਬਰਫ਼ਬਾਰੀ ਕਾਰਨ ਵੀ ਸੂਬੇ ਦੇ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ।

    ਅੱਜ ਪੰਜਾਬ ਦੇ ਕਈ ਇਲਾਕਿਆਂ ਵਿਚ ਧੁੰਦ ਤੇ ਕੋਹਰੇ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ।  ਪਹਾੜਾਂ ‘ਚ ਬਰਫ਼ਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਮੈਦਾਨੀ ਇਲਾਕਿਆਂ ‘ਚ ਠੰਢ ਲਗਾਤਾਰ ਵੱਧ ਰਹੀ ਹੈ। ਸੀਤ ਲਹਿਰ ਦੀ ਚੇਤਾਵਨੀ ਦੇ ਨਾਲ ਹੁਣ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿਚ 1 ਜਨਵਰੀ ਯਾਨੀ ਕਿ ਅੱਜ ਤੋਂ 6 ਜਨਵਰੀ ਦੇ ਵਿਚਕਾਰ ਮੀਂਹ ਪੈਣ ਦੀ ਸੰਭਾਵਨਾ ਹੈ।

    ਇਸ ਵੇਲੇ ਇਕ ਪੱਛਮੀ ਗੜਬੜੀ ਸਰਗਰਮ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ 1 ਤੋਂ 6 ਜਨਵਰੀ ਦੇ ਵਿਚ 2 ਨਵੀਆਂ ਪੱਛਮੀ ਗੜਬੜੀਆਂ ਸਰਗਰਮ ਹੋਣ ਜਾ ਰਹੀਆਂ ਹਨ। ਇਸ ਮਗਰੋਂ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਮੈਦਾਨੀ ਇਲਾਕਿਆਂ ਵਿਚ ਵੀ ਮੀਂਹ ਪੈ ਸਕਦਾ ਹੈ। ਦੂਜੇ ਪਾਸੇ ਪਹਾੜਾਂ ‘ਚ ਬਰਫ਼ਬਾਰੀ ਵੀ ਜਾਰੀ ਹੈ। ਇਸ ਕਾਰਨ ਪੰਜਾਬ ਦਾ ਤਾਪਮਾਨ ਹੋਰ ਘਟੇਗਾ ਤੇ ਸੂਬੇ ਵਿਚ ਕੜਾਕੇ ਦੀ ਠੰਢ ਪਵੇਗੀ।

    ਸੋਮਵਾਰ ਰਾਤ ਤੋਂ ਹੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਦੇਖਣ ਨੂੰ ਮਿਲੀ। ਮੌਸਮ ਵਿਭਾਗ ਮੁਤਾਬਕ ਸੂਬੇ ਵਿਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ‘ਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ ਅਤੇ ਮੁਹਾਲੀ ‘ਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ।

    ਉੱਥੇ ਹੀ ਮੌਸਮ ਵਿਭਾਗ ਅਨੁਸਾਰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ਵਿੱਚ ਸੰਘਣੀ ਧੁੰਦ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਸ਼ਹਿਰਾਂ ਵਿਚ ਸੰਘਣੀ ਧੁੰਦ ਪੈਣ ਕਾਰਨ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਦਰਜ ਕੀਤੀ ਗਈ। ਪਟਿਆਲਾ ਵਿਚ ਵਿਜ਼ੀਬਿਲਟੀ 250 ਮੀਟਰ ਤੇ ਲੁਧਿਆਣਾ ਵਿਚ ਇਹ 500 ਮੀਟਰ ਸੀ।