
Skip to content

ਮਜੀਠੀਆ ਨੂੰ ਅੰਤਰਿਮ ਜ਼ਮਾਨਤ, ਅਕਾਲੀ ਦਲ ਨੇ ਸਰਕਾਰ ‘ਤੇ ਚੁੱਕੇ ਸਵਾਲ
ਅੰਮ੍ਰਿਤਸਰ, 15 ਜੂਨ — ਅੰਮ੍ਰਿਤਸਰ ਦੀ ਇੱਕ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਅੰਤਰਿਮ ਜ਼ਮਾਨਤ ਦੇ ਦਿੱਤੀ। ਮਜੀਠੀਆ ਉੱਤੇ ਥਾਣੇ ਅੰਦਰ ਦਸਤਾਵੇਜ਼ ਫਾੜਣ ਅਤੇ ਆਪਣੇ ਇੱਕ ਸਮਰਥਕ ਨੂੰ ਛੁਡਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਹਨ। ਇਸ ਮਾਮਲੇ ਵਿੱਚ ਪੁਲਿਸ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਦਬਿਸ਼ਾਂ ਦੇ ਰਹੀ ਸੀ।
ਪੁਲਿਸ ਦਾ ਦਾਅਵਾ ਸੀ ਕਿ ਮਜੀਠੀਆ ਨੇ ਥਾਣੇ ਵਿੱਚ ਹਥਿਆਰ ਲਹਿਰਾਏ ਅਤੇ ਕੇਸ ਨਾਲ ਸੰਬੰਧਿਤ ਫਾਈਲਾਂ ਨੂੰ ਨੁਕਸਾਨ ਪਹੁੰਚਾਇਆ। ਇਸੇ ਮਾਮਲੇ ਨੂੰ ਲੈ ਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।
ਦੂਜੇ ਪਾਸੇ, ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਪ੍ਰਵਕਤਾ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਮਜੀਠੀਆ ਖ਼ਿਲਾਫ਼ ਦਰਜ ਕੀਤਾ ਗਿਆ ਕਥਿਤ ਝੂਠਾ ਮਾਮਲਾ ਇੱਕ ਵਾਰ ਫਿਰ ਅਦਾਲਤ ਵਿੱਚ ਟਿਕ ਨਹੀਂ ਸਕਿਆ ਅਤੇ ਉਨ੍ਹਾਂ ਨੂੰ ਰਾਹਤ ਮਿਲ ਗਈ ਹੈ।
ਕਲੇਰ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਸਰਕਾਰ ਅਤੇ ਉਹਨਾਂ ਅਧਿਕਾਰੀਆਂ ਤੋਂ ਜਵਾਬ ਮੰਗਦੇ ਹਨ ਜੋ ਵਿਰੋਧੀ ਆਗੂਆਂ ਦੀ ਆਵਾਜ਼ ਦਬਾਉਣ ਲਈ ਝੂਠੇ ਕੇਸ ਦਰਜ ਕਰਨ ਦੀ ਕੋਸ਼ਿਸ਼ ਕਰਦੇ ਹਨ।
ਉਨ੍ਹਾਂ ਕਿਹਾ ਕਿ ਅਦਾਲਤਾਂ ਵਿੱਚ ਫੈਸਲੇ ਸਬੂਤਾਂ ਦੇ ਆਧਾਰ ‘ਤੇ ਹੁੰਦੇ ਹਨ, ਨਾ ਕਿ ਕਿਸੇ ਮੁੱਖ ਮੰਤਰੀ ਦੇ ਬਿਆਨਾਂ ਦੇ ਆਧਾਰ ‘ਤੇ। ਕਲੇਰ ਨੇ ਦਾਅਵਾ ਕੀਤਾ ਕਿ ਸਰਕਾਰ ਦੇ ਕਈ ਮਾਮਲਿਆਂ ‘ਤੇ ਅਦਾਲਤਾਂ ਵੱਲੋਂ ਸਵਾਲ ਉਠਾਏ ਜਾ ਰਹੇ ਹਨ ਅਤੇ ਪਹਿਲਾਂ ਜੋਬਨਜੀਤ ਦੀ ਗ੍ਰਿਫ਼ਤਾਰੀ ਨੂੰ ਵੀ ਅਦਾਲਤ ਵੱਲੋਂ ਗੈਰ-ਸੰਵਿਧਾਨਕ ਅਤੇ ਗੈਰ-ਨੈਤਿਕ ਕਰਾਰ ਦਿੱਤਾ ਗਿਆ ਸੀ।
ਅਦਾਲਤ ਵੱਲੋਂ ਮਿਲੀ ਅੰਤਰਿਮ ਜ਼ਮਾਨਤ ਨਾਲ ਮਜੀਠੀਆ ਨੂੰ ਫਿਲਹਾਲ ਰਾਹਤ ਮਿਲੀ ਹੈ, ਜਦਕਿ ਮਾਮਲੇ ਦੀ ਅਗਲੀ ਸੁਣਵਾਈ ਦੌਰਾਨ ਅਦਾਲਤ ਵਿੱਚ ਹੋਰ ਕਾਰਵਾਈ ਜਾਰੀ ਰਹੇਗੀ।
Related