ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਇਕੋ ਸਮੇਂ ਕਰਵਾਉਣ ਲਈ ਸੰਵਿਧਾਨਕ ਸੋਧ ਬਿਲ ਮੰਗਲਵਾਰ ਨੂੰ ਲੋਕ ਸਭਾ ’ਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ ਅਤੇ ਫਿਰ ਇਸ ਨੂੰ ਦੋਹਾਂ ਸਦਨਾਂ ਦੀ ਸਾਂਝੀ ਕਮੇਟੀ ਕੋਲ ਭੇਜਿਆ ਜਾ ਸਕਦਾ ਹੈ।
ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਮੰਗਲਵਾਰ ਨੂੰ ਲੋਕ ਸਭਾ ’ਚ ਸੰਵਿਧਾਨ (129ਵੀਂ ਸੋਧ) ਬਿਲ 2024 ਪੇਸ਼ ਕਰ ਸਕਦੇ ਹਨ। ਬਿਲ ਪੇਸ਼ ਕੀਤੇ ਜਾਣ ਤੋਂ ਬਾਅਦ ਮੇਘਵਾਲ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਬੇਨਤੀ ਕਰਨਗੇ ਕਿ ਉਹ ਇਸ ਬਿਲ ਨੂੰ ਵਿਆਪਕ ਵਿਚਾਰ-ਵਟਾਂਦਰੇ ਲਈ ਸੰਸਦ ਦੀ ਸੰਯੁਕਤ ਕਮੇਟੀ ਕੋਲ ਭੇਜਣ। ਸੰਯੁਕਤ ਕਮੇਟੀ ਦਾ ਗਠਨ ਵੱਖ-ਵੱਖ ਪਾਰਟੀਆਂ ਦੇ ਸੰਸਦ ਮੈਂਬਰਾਂ ਦੀ ਗਿਣਤੀ ਦੇ ਅਨੁਸਾਰ ਅਨੁਪਾਤ ਦੇ ਆਧਾਰ ’ਤੇ ਕੀਤਾ ਜਾਵੇਗਾ। ਸੱਭ ਤੋਂ ਵੱਡੀ ਪਾਰਟੀ ਹੋਣ ਦੇ ਨਾਤੇ ਭਾਜਪਾ ਨੂੰ ਕਮੇਟੀ ਦੀ ਪ੍ਰਧਾਨਗੀ ਮਿਲੇਗੀ ਅਤੇ ਇਸ ਦੇ ਕਈ ਮੈਂਬਰ ਇਸ ਦਾ ਹਿੱਸਾ ਹੋਣਗੇ।
ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ਵਾਲੀ ਉੱਚ ਪੱਧਰੀ ਕਮੇਟੀ ਦੇ ਮੈਂਬਰ ਰਹੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਲ ਪੇਸ਼ ਕਰਨ ਸਮੇਂ ਹੇਠਲੇ ਸਦਨ ’ਚ ਮੌਜੂਦ ਰਹਿਣ ਦੀ ਉਮੀਦ ਹੈ। ਇਹ ਬਿਲ ਇਸ ਉੱਚ ਪੱਧਰੀ ਕਮੇਟੀ ਦੀ ਸਿਫਾਰਸ਼ ਦੇ ਆਧਾਰ ’ਤੇ ਲਿਆਂਦਾ ਜਾ ਰਿਹਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ 12 ਦਸੰਬਰ ਨੂੰ ਲੋਕ ਸਭਾ ਅਤੇ ਰਾਜ ਵਿਧਾਨ ਸਭਾਵਾਂ ਦੀਆਂ ਚੋਣਾਂ ਇਕੋ ਸਮੇਂ ਕਰਵਾਉਣ ਦੀ ਧਾਰਨਾ ਨੂੰ ਲਾਗੂ ਕਰਨ ਲਈ ਸੰਵਿਧਾਨਕ ਸੋਧ ਬਿਲ ਨੂੰ ਮਨਜ਼ੂਰੀ ਦੇ ਦਿਤੀ ਸੀ। ਸੰਸਦ ਦਾ ਸਰਦ ਰੁੱਤ ਇਜਲਾਸ 20 ਦਸੰਬਰ ਨੂੰ ਸਮਾਪਤ ਹੋਵੇਗਾ।