ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਵੱਡਾ ਸਿਆਸੀ ਝਟਕਾ, ਤਿੰਨ ਵਿਧਾਇਕ ਭਾਜਪਾ ਵਿੱਚ ਸ਼ਾਮਲ

ਨਵੀਂ ਦਿੱਲੀ (ਅਰਸ਼ਦੀਪ ਸਿੰਘ ਕਾਲੜਾ): ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਸਮੇਂ ਵੱਡਾ ਸਿਆਸੀ ਭੂਚਾਲ ਆ ਗਿਆ, ਜਦੋਂ ਆਮ ਆਦਮੀ ਪਾਰਟੀ ਨੂੰ ਛੱਡਣ ਵਾਲੇ ਤਿੰਨ ਵਿਧਾਇਕਾਂ ਨੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ। ਨਵੀਂ ਦਿੱਲੀ ਵਿਖੇ ਆਯੋਜਿਤ ਇੱਕ ਸਮਾਗਮ ਦੌਰਾਨ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਇਨ੍ਹਾਂ ਤਿੰਨਾਂ ਆਗੂਆਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੀਂ ਹਲਚਲ ਪੈਦਾ ਹੋ ਗਈ ਹੈ।

ਜ਼ਿਕਰਯੋਗ ਹੈ ਕਿ ਇਸ ਸਿਆਸੀ ਘਟਨਾਕ੍ਰਮ ਦੀ ਸ਼ੁਰੂਆਤ ਲੰਘੇ ਕੱਲ੍ਹ ਉਸ ਸਮੇਂ ਹੋਈ ਸੀ, ਜਦੋਂ ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਸਨੌਰ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। ਦੋਵਾਂ ਵਿਧਾਇਕਾਂ ਦੇ ਅਸਤੀਫ਼ਿਆਂ ਤੋਂ ਬਾਅਦ ਹੀ ਪੰਜਾਬ ਦੀ ਸਿਆਸਤ ਵਿੱਚ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਸੀ ਕਿ ਉਹ ਜਲਦ ਹੀ ਕਿਸੇ ਹੋਰ ਸਿਆਸੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।

ਇਸੇ ਕੜੀ ਤਹਿਤ ਅੱਜ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵੀ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਇਹ ਸਿਆਸੀ ਘਟਨਾਕ੍ਰਮ ਹੋਰ ਵੀ ਮਹੱਤਵਪੂਰਨ ਬਣ ਗਿਆ। ਇਸ ਤੋਂ ਬਾਅਦ ਤਿੰਨਾਂ ਵਿਧਾਇਕਾਂ ਨੇ ਨਵੀਂ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ।

ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ। ਭਾਜਪਾ ਆਗੂਆਂ ਵੱਲੋਂ ਤਿੰਨਾਂ ਵਿਧਾਇਕਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਗਿਆ।

ਤਿੰਨ ਵਿਧਾਇਕਾਂ ਦੇ ਇੱਕੋ ਸਮੇਂ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਨੂੰ ਪੰਜਾਬ ਦੀ ਸਿਆਸਤ ਵਿੱਚ ਇੱਕ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ। ਇਸ ਨਾਲ ਜਿੱਥੇ ਆਮ ਆਦਮੀ ਪਾਰਟੀ ਲਈ ਸਿਆਸੀ ਚੁਣੌਤੀਆਂ ਵਧਣ ਦੀ ਚਰਚਾ ਹੈ, ਉੱਥੇ ਹੀ ਭਾਜਪਾ ਨੂੰ ਪੰਜਾਬ ਵਿੱਚ ਆਪਣਾ ਸਿਆਸੀ ਆਧਾਰ ਮਜ਼ਬੂਤ ਕਰਨ ਲਈ ਨਵੇਂ ਚਿਹਰੇ ਮਿਲੇ ਹਨ।

ਹੁਣ ਸਿਆਸੀ ਹਲਕਿਆਂ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹੋਈਆਂ ਹਨ ਕਿ ਇਨ੍ਹਾਂ ਤਿੰਨਾਂ ਵਿਧਾਇਕਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਅੱਗੇ ਕੀ ਨਵਾਂ ਮੋੜ ਆਉਂਦਾ ਹੈ ਅਤੇ ਇਸ ਦਾ ਆਉਣ ਵਾਲੇ ਸਿਆਸੀ ਸਮੀਕਰਨਾਂ ‘ਤੇ ਕੀ ਅਸਰ ਪੈਂਦਾ ਹੈ।