ਜਲੰਧਰ (ਜੀਵਨ ਜਯੋਤੀ ਟੰਡਨ) : ਵਾਰਡ ਨੰਬਰ 50 ਦੇ ਕੌਂਸਲਰ ਅਤੇ ਨਗਰ ਨਿਗਮ ਵਿੱਚ ਵਿਰੋਧੀ ਧਿਰ ਦੇ ਨੇਤਾ ਸ. ਮਨਜੀਤ ਸਿੰਘ ਟੀਟੂ ਦੀ ਅਗਵਾਈ ਹੇਠ ਅੱਜ ਉਨ੍ਹਾਂ ਦੇ ਦਫ਼ਤਰ ਵਿੱਚ ਭਾਰਤੀ ਜਨਤਾ ਪਾਰਟੀ ਦੇ ਕੌਂਸਲਰਾਂ ਦੀ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਸ਼ਹਿਰ ਨਾਲ ਜੁੜੇ ਵਿਕਾਸੀ ਮਸਲਿਆਂ, ਲੋਕਾਂ ਦੀਆਂ ਸਮੱਸਿਆਵਾਂ ਅਤੇ ਨਗਰ ਨਿਗਮ ਵਿੱਚ ਪਿਛਲੇ ਸਮੇਂ ਦੌਰਾਨ ਰਹੇ ਬਕਾਇਆ ਕੰਮਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਮੀਟਿੰਗ ਵਿੱਚ ਬੀਜੇਪੀ ਦੇ ਕੌਂਸਲਰ ਅਮਿਤ ਸੰਧਾ, ਗੁਰਦੀਪ ਸਿੰਘ ਫੌਜੀ, ਮੀਨੂ ਢੰਡ, ਕ੍ਰਿਸ਼ਨਾ ਮੀਨਿਆ, ਕੰਵਰ ਸਰਤਾਜ ਸਿੰਘ, ਦਵਿੰਦਰ ਸਿੰਘ ਸੋਈ, ਰਾਜੀਵ ਢੀਂਗਰਾ ਸਮੇਤ ਹੋਰ ਆਗੂਆਂ ਨੇ ਸ਼ਿਰਕਤ ਕੀਤੀ। ਸਾਰੇ ਕੌਂਸਲਰਾਂ ਵੱਲੋਂ ਆਪਣੇ-ਆਪਣੇ ਵਾਰਡਾਂ ਨਾਲ ਸੰਬੰਧਿਤ ਮੁੱਦੇ ਉਠਾਏ ਗਏ ਅਤੇ ਸ਼ਹਿਰ ਦੇ ਵਿਕਾਸ ਨੂੰ ਲੈ ਕੇ ਸਾਂਝੀ ਰਣਨੀਤੀ ਤਿਆਰ ਕੀਤੀ ਗਈ।ਇਸ ਮੌਕੇ ਸ. ਮਨਜੀਤ ਸਿੰਘ ਟੀਟੂ ਨੇ ਕਿਹਾ ਕਿ ਲੋਕਾਂ ਨੇ ਕੌਂਸਲਰਾਂ ਨੂੰ ਆਪਣੇ ਇਲਾਕਿਆਂ ਦੇ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਲਈ ਚੁਣਿਆ ਹੈ, ਪਰ ਪਿਛਲੇ ਸਮੇਂ ਦੌਰਾਨ ਬੀਜੇਪੀ ਦੇ ਕੌਂਸਲਰਾਂ ਵੱਲੋਂ ਰੱਖੇ ਗਏ ਕਈ ਕੰਮ ਅਜੇ ਤੱਕ ਪੂਰੇ ਨਹੀਂ ਹੋ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮਸਲਿਆਂ ਨੂੰ ਮਜ਼ਬੂਤੀ ਨਾਲ ਉਠਾਉਣ ਅਤੇ ਲੋਕਾਂ ਦੀ ਆਵਾਜ਼ ਬਣਨ ਲਈ ਇਕਜੁੱਟ ਹੋ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਕੱਲ ਸਵੇਰੇ 11 ਵਜੇ ਰੈੱਡ ਕ੍ਰਾਸ ਭਵਨ ਵਿਖੇ ਬੀਜੇਪੀ ਦੇ ਸਮੂਹ ਕੌਂਸਲਰਾਂ ਦੀ ਮੀਟਿੰਗ ਵਿੱਚ ਸਾਥੀ ਦੀ ਆਵਾਜ਼ ਨੂੰ ਦਬਣ ਨਹੀਂ ਦਿੱਤਾ ਜਾਵੇਗਾ। ਜਿਸ ਵਿੱਚ ਪਿਛਲੇ ਸਮੇਂ ਦੌਰਾਨ ਰਹਿ ਗਏ ਵਿਕਾਸੀ ਕੰਮਾਂ ਬਾਰੇ ਵਿਸਥਾਰ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਅੱਗੇ ਦੀ ਰਣਨੀਤੀ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।ਆਗੂਆਂ ਨੇ ਕਿਹਾ ਕਿ ਜੇਕਰ ਲੋਕਾਂ ਦੇ ਹੱਕਾਂ ਅਤੇ ਸ਼ਹਿਰ ਦੇ ਵਿਕਾਸ ਨਾਲ ਕੋਈ ਸਮਝੌਤਾ ਕੀਤਾ ਗਿਆ ਤਾਂ ਬੀਜੇਪੀ ਦੇ ਕੌਂਸਲਰ ਸੜਕ ਤੋਂ ਲੈ ਕੇ ਨਗਰ ਨਿਗਮ ਹਾਊਸ ਤੱਕ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟਣਗੇ। ਮੀਟਿੰਗ ਅੰਤ ਵਿੱਚ ਸਾਰੇ ਆਗੂਆਂ ਨੇ ਇਕਜੁੱਟਤਾ ਦਾ ਸੰਦੇਸ਼ ਦਿੰਦਿਆਂ ਕੱਲ ਦੀ ਮੀਟਿੰਗ ਨੂੰ ਕਾਮਯਾਬ ਬਣਾਉਣ ਲਈ ਤਿਆਰੀਆਂ ਸ਼ੁਰੂ ਕਰਨ ਦਾ ਫੈਸਲਾ ਕੀਤਾ।Related