
Skip to content

ਦੀਪਕ ਬਾਲੀ ਪਹਿਲਾਂ ਮੋਦੀ ਸਰਕਾਰ ਦਾ ਪੰਜਾਬ ਲਈ ਰਿਪੋਰਟ ਕਾਰਡ ਪੜ੍ਹਨ, ਫਿਰ ‘ਕੁਝ ਨਹੀਂ ਕੀਤਾ’ ਵਾਲੀ ਰਾਜਨੀਤੀ ਕਰਨ
ਜਲੰਧਰ, 7 ਸਤੰਬਰ (ਰਿਪੋਰਟ: ਨਵੀਨ ਪੁਰੀ): ਭਾਜਪਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਆਪ ਆਗੂ ਦੀਪਕ ਬਾਲੀ ਵੱਲੋਂ ਭਾਜਪਾ ’ਤੇ ਪੰਜਾਬ ਲਈ “ਕੁਝ ਨਹੀਂ ਕਰਨ” ਸਬੰਧੀ ਦਿੱਤੇ ਬਿਆਨ ਦਾ ਤਿੱਖਾ ਜਵਾਬ ਦਿੰਦਿਆਂ ਕਿਹਾ ਕਿ ਬਿਆਨਬਾਜ਼ੀ ਕਰਨ ਤੋਂ ਪਹਿਲਾਂ ਅੰਕੜਿਆਂ ਅਤੇ ਇਤਿਹਾਸ ਦੀ ਜਾਣਕਾਰੀ ਹਾਸਲ ਕਰਨੀ ਚਾਹੀਦੀ ਹੈ।
ਅਸ਼ੋਕ ਸਰੀਨ ਹਿੱਕੀ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਨਾ ਹੋਣ ਦੇ ਬਾਵਜੂਦ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਅਤੇ ਜਲੰਧਰ ਲਈ ਹਜ਼ਾਰਾਂ ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਦਿੱਤੇ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜਲੰਧਰ ਵਿੱਚ ₹5,470 ਕਰੋੜ ਤੋਂ ਵੱਧ ਦੇ ਰੇਲ ਅਤੇ ਸੜਕ ਪ੍ਰੋਜੈਕਟ ਲਿਆਂਦੇ ਗਏ ਹਨ, ਜਦਕਿ ਪੰਜਾਬ ਲਈ ₹5,421 ਕਰੋੜ ਦਾ ਰੇਲਵੇ ਬਜਟ ਅਤੇ ਲਗਭਗ ₹25,000 ਕਰੋੜ ਦੇ ਰੇਲਵੇ ਪ੍ਰੋਜੈਕਟ ਮਨਜ਼ੂਰ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਕੋਰੀਡੋਰ, ਏਮਜ਼ ਬਠਿੰਡਾ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਅਤੇ ਰਾਸ਼ਟਰੀ ਰਾਜਮਾਰਗਾਂ ਨਾਲ ਸਬੰਧਤ ਪ੍ਰੋਜੈਕਟ ਕੇਂਦਰ ਸਰਕਾਰ ਦੇ ਵਿਕਾਸ ਕਾਰਜਾਂ ਦੇ ਸਪੱਸ਼ਟ ਸਬੂਤ ਹਨ।
ਭਾਜਪਾ ਆਗੂ ਨੇ ਕਿਹਾ ਕਿ ਮੋਦੀ ਸਰਕਾਰ ਨੇ ਸਿਰਫ਼ ਬੁਨਿਆਦੀ ਢਾਂਚੇ ਦੇ ਵਿਕਾਸ ’ਤੇ ਹੀ ਧਿਆਨ ਨਹੀਂ ਦਿੱਤਾ, ਸਗੋਂ ਸਿੱਖ ਧਰਮ ਦੀਆਂ ਭਾਵਨਾਵਾਂ ਅਤੇ ਵਿਰਾਸਤ ਨਾਲ ਜੁੜੇ ਕਈ ਅਹਿਮ ਫ਼ੈਸਲੇ ਵੀ ਕੀਤੇ ਹਨ। ਉਨ੍ਹਾਂ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਨਾਲ ਸਬੰਧਤ ਜੀਐਸਟੀ ਰਿਫੰਡ ਯੋਜਨਾ, ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ਵਿੱਚ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਅਤੇ ਅਫ਼ਗਾਨਿਸਤਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਸਤਿਕਾਰ ਸਹਿਤ ਭਾਰਤ ਲਿਆਉਣ ਦੇ ਮਾਮਲਿਆਂ ਦਾ ਵੀ ਜ਼ਿਕਰ ਕੀਤਾ।
ਅਸ਼ੋਕ ਸਰੀਨ ਹਿੱਕੀ ਨੇ ਕਿਹਾ ਕਿ ਇਹ ਕਦਮ ਸਿਰਫ਼ ਸਰਕਾਰੀ ਕਾਰਵਾਈਆਂ ਨਹੀਂ ਸਨ, ਸਗੋਂ ਸਿੱਖ ਸੰਗਤ ਦੀਆਂ ਭਾਵਨਾਵਾਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਸਤਿਕਾਰ ਨਾਲ ਜੁੜੇ ਹੋਏ ਸਨ।
ਉਨ੍ਹਾਂ ਦੀਪਕ ਬਾਲੀ ਨੂੰ ਸਵਾਲ ਕਰਦਿਆਂ ਕਿਹਾ ਕਿ ਜੇਕਰ ਹਜ਼ਾਰਾਂ ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ, ਕਰਤਾਰਪੁਰ ਸਾਹਿਬ ਕੋਰੀਡੋਰ, ਏਮਜ਼ ਬਠਿੰਡਾ, ‘ਵੀਰ ਬਾਲ ਦਿਵਸ’ ਅਤੇ ਸਿੱਖ ਧਾਰਮਿਕ ਭਾਵਨਾਵਾਂ ਨਾਲ ਜੁੜੇ ਅਹਿਮ ਫ਼ੈਸਲੇ “ਕੁਝ ਨਹੀਂ” ਹਨ ਤਾਂ ਫਿਰ ਕੰਮ ਕਿਸ ਨੂੰ ਕਿਹਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਕੇਂਦਰ ਸਰਕਾਰ ਤੋਂ ਹਿਸਾਬ ਮੰਗਣ ਤੋਂ ਪਹਿਲਾਂ ਪੰਜਾਬ ਵਿੱਚ ਆਪਣੀ ਸਰਕਾਰ ਦਾ ਰਿਪੋਰਟ ਕਾਰਡ ਵੀ ਲੋਕਾਂ ਸਾਹਮਣੇ ਰੱਖਣਾ ਚਾਹੀਦਾ ਹੈ। ਪੰਜਾਬ ਦੀ ਜਨਤਾ ਹੁਣ ਸਿਰਫ਼ ਨਕਾਰਾਤਮਕ ਬਿਆਨਬਾਜ਼ੀ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਹੋਏ ਵਿਕਾਸ ਅਤੇ ਕੰਮ ਦੇ ਸਬੂਤ ਦੇਖਣਾ ਚਾਹੁੰਦੀ ਹੈ।
ਅਸ਼ੋਕ ਸਰੀਨ ਹਿੱਕੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਨਾ ਹੋਣ ਦੇ ਬਾਵਜੂਦ ਵਿਕਾਸ, ਵਿਰਾਸਤ ਅਤੇ ਸਨਮਾਨ—ਤਿੰਨਾਂ ਖੇਤਰਾਂ ਵਿੱਚ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਕੰਮ ਦੀਪਕ ਬਾਲੀ ਨੂੰ ਨਜ਼ਰ ਨਹੀਂ ਆਉਂਦੇ ਤਾਂ ਇਹ ਭਾਜਪਾ ਦੀ ਨਹੀਂ, ਸਗੋਂ ਉਨ੍ਹਾਂ ਦੀ ਰਾਜਨੀਤਿਕ ਸੋਚ ਦੀ ਕਮੀ ਹੈ।
Related