ਨਸ਼ਾ ਖ਼ਤਮ ਕਰਨ ਦੀ ਸਮਾਂ-ਸੀਮਾ ਛੇ ਵਾਰ ਬਦਲ ਚੁੱਕੀ ਪੰਜਾਬ ਸਰਕਾਰ, ਹੁਣ ਲੋਕਾਂ ਨੂੰ ਭਾਜਪਾ ਤੋਂ ਉਮੀਦਾਂ: ਅਸ਼ੋਕ ਸਰੀਨ ਹਿਕੀ

ਗੁਲਜ਼ਾਰ ਸਿੰਘ ਅਤੇ ਬਿਕਰਮਜੀਤ ਸਿੰਘ ਦੇ ਮਾਮਲਿਆਂ ਦੀ ਵੀ ਸੀਬੀਆਈ ਜਾਂਚ ਕਰਵਾਉਣ ਦੀ ਕੀਤੀ ਮੰਗ

ਜਲੰਧਰ (ਅਰਸ਼ਦੀਪ ਸਿੰਘ ਕਾਲੜਾ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਇੱਕ ਦਿਨ ਬਾਅਦ ਭਾਜਪਾ ਦੇ ਜਲੰਧਰ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿਕੀ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਨਸ਼ਿਆਂ ਨੂੰ ਖ਼ਤਮ ਕਰਨ ਲਈ ਤਿੰਨ ਮਹੀਨਿਆਂ ਦੀ ਸਮਾਂ-ਸੀਮਾ ਦੇਣ ਵਾਲੀ ਸਰਕਾਰ ਹੁਣ ਤੱਕ ਛੇ ਵਾਰ ਆਪਣੀ ਸਮਾਂ-ਸੀਮਾ ਬਦਲ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਕਾਰਨ ਲੋਕਾਂ ਦਾ ਸਰਕਾਰ ਤੋਂ ਭਰੋਸਾ ਉੱਠ ਰਿਹਾ ਹੈ ਅਤੇ ਲੋਕ ਹੁਣ ਕੇਂਦਰ ਸਰਕਾਰ ਤੇ ਭਾਜਪਾ ਵੱਲ ਉਮੀਦ ਨਾਲ ਦੇਖ ਰਹੇ ਹਨ।

ਅਸ਼ੋਕ ਸਰੀਨ ਹਿਕੀ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਮਾਮਲੇ ਵਿੱਚ ਸੀਬੀਆਈ ਜਾਂਚ ਸ਼ੁਰੂ ਕਰਵਾਉਣ ਲਈ ਭਾਜਪਾ ਨੇ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਜਾਂਚ ਸ਼ੁਰੂ ਹੋਣ ਤੋਂ ਬਾਅਦ ਮਾਮਲੇ ਦੇ ਦੋਸ਼ੀਆਂ ਨੂੰ ਕਾਨੂੰਨ ਦਾ ਸਾਹਮਣਾ ਕਰਨਾ ਪਵੇਗਾ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਸੰਗਰੂਰ ਵਿੱਚ ਗੁਲਜ਼ਾਰ ਸਿੰਘ ਅਤੇ ਬਟਾਲਾ ਵਿੱਚ ਬਿਕਰਮਜੀਤ ਸਿੰਘ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਵੀ ਸੀਬੀਆਈ ਤੋਂ ਕਰਵਾਈ ਜਾਵੇ।

ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਇਨ੍ਹਾਂ ਮਾਮਲਿਆਂ ਦੀ ਸੀਬੀਆਈ ਜਾਂਚ ਕਰਵਾਉਣ ਲਈ ਕਦਮ ਨਾ ਚੁੱਕੇ ਤਾਂ ਪੰਜਾਬ ਭਾਜਪਾ ਅਦਾਲਤ ਦਾ ਦਰਵਾਜ਼ਾ ਖੜਕਾਏਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਮੁੱਦਾ ਸਿਰਫ਼ ਬਿਆਨਾਂ ਅਤੇ ਅਦਾਲਤੀ ਕਾਰਵਾਈਆਂ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣਾ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

ਭਾਜਪਾ ਆਗੂ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਮਾਨਸਾ, ਸੰਗਰੂਰ ਅਤੇ ਗੁਰਦਾਸਪੁਰ ਵਿੱਚ ਨਸ਼ਿਆਂ ਕਾਰਨ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਮੁੱਦਾ ਕਿਸੇ ਸਿਆਸੀ ਪਾਰਟੀ ਤੱਕ ਸੀਮਤ ਨਹੀਂ, ਸਗੋਂ ਇਹ ਪੰਜਾਬ ਦੇ ਨੌਜਵਾਨਾਂ ਅਤੇ ਸੂਬੇ ਦੇ ਭਵਿੱਖ ਨਾਲ ਜੁੜਿਆ ਹੋਇਆ ਹੈ।

ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਅਸ਼ੋਕ ਸਰੀਨ ਹਿਕੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਬਿਆਨਬਾਜ਼ੀ ਕਰਨ ਜਾਂ ਇੱਕ ਦਿਨ ਵਿੱਚ ਕਈ ਪ੍ਰੈੱਸ ਕਾਨਫਰੰਸਾਂ ਕਰਨ ਨਾਲ ਸੱਚਾਈ ਨਹੀਂ ਬਦਲ ਸਕਦੀ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਮੁੱਖ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਕਰ ਰਹੇ ਹਨ ਅਤੇ ਮੌਜੂਦਾ ਸਰਕਾਰ ਨੂੰ ਆਪਣੇ ਕੰਮਕਾਜ ਸਬੰਧੀ ਜਵਾਬ ਦੇਣਾ ਚਾਹੀਦਾ ਹੈ।

ਅਸ਼ੋਕ ਸਰੀਨ ਹਿਕੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਠੋਸ ਕਦਮ ਚੁੱਕਣ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦੀ ਲੋੜ ਹੈ। ਉਨ੍ਹਾਂ ਦੁਹਰਾਇਆ ਕਿ ਭਾਜਪਾ ਇਸ ਮੁੱਦੇ ਨੂੰ ਲੈ ਕੇ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।