
Skip to content

ਅਮਿਤ ਨਖਵਾਲ:-ਬਠਿੰਡਾ, 23 ਜੂਨ: ਬਠਿੰਡਾ ਦੇ ਭਾਜਪਾ ਆਗੂ ਅਤੇ ਪ੍ਰਸਿੱਧ ਡਾਕਟਰ ਡਾ. ਤਰਸੇਮ ਗਰਗ ਦੇ ਵਿਸ਼ਾਲ ਨਗਰ ਸਥਿਤ ਕਲੀਨਿਕ ਨੂੰ ਸੋਮਵਾਰ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਨਿਸ਼ਾਨਾ ਬਣਾਇਆ ਗਿਆ। ਸ਼ਰਾਰਤੀ ਅਨਸਰਾਂ ਨੇ ਕਲੀਨਿਕ ‘ਤੇ ਅੱਗ ਲਾਉਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਸਥਾਨਕ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਮਿਲੀ ਜਾਣਕਾਰੀ ਅਨੁਸਾਰ, ਅਣਪਛਾਤੇ ਵਿਅਕਤੀ ਕਲੀਨਿਕ ਦੇ ਬਾਹਰ ਪੈਟਰੋਲ ਨਾਲ ਭਰੇ ਪੈਕਟ ਸੁੱਟ ਕੇ ਮੌਕੇ ਤੋਂ ਫ਼ਰਾਰ ਹੋ ਗਏ। ਖੁਸ਼ਕਿਸਮਤੀ ਨਾਲ ਸਮੇਂ ਸਿਰ ਘਟਨਾ ਦਾ ਪਤਾ ਲੱਗ ਜਾਣ ਕਾਰਨ ਕੋਈ ਵੱਡਾ ਨੁਕਸਾਨ ਨਹੀਂ ਹੋਇਆ ਅਤੇ ਵੱਡਾ ਹਾਦਸਾ ਟਲ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਸਥਾਨ ਦਾ ਨਿਰੀਖਣ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਦੀ ਪਛਾਣ ਕੀਤੀ ਜਾ ਸਕੇ।
ਜ਼ਿਕਰਯੋਗ ਹੈ ਕਿ ਡਾ. ਤਰਸੇਮ ਗਰਗ ਨਿਗਮ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ। ਇਸ ਘਟਨਾ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਵੀ ਚਰਚਾ ਛਿੜ ਗਈ ਹੈ। ਫਿਲਹਾਲ ਪੁਲਸ ਮਾਮਲੇ ਦੀ ਹਰ ਪੱਖ ਤੋਂ ਜਾਂਚ ਕਰ ਰਹੀ ਹੈ ਅਤੇ ਦੋਸ਼ੀਆਂ ਦੀ ਭਾਲ ਜਾਰੀ ਹੈ।

Related