ਬੀ.ਕੇ.ਯੂ. ਏਕਤਾ ਆਜ਼ਾਦ ਦੇ ਸੱਦੇ ’ਤੇ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ, ਵਪਾਰੀਆਂ ਨੇ ਦੁਕਾਨਾਂ ਬੰਦ ਰੱਖ ਕੇ ਦਿੱਤਾ ਸਮਰਥਨ

ਨਾਭਾ (ਅਮਨ ਗਰਗ): ਮਾਨਸਾ ਵਿਖੇ ਨਸ਼ਾ ਵਿਰੋਧੀ ਮੁਹਿੰਮ ਦੇ ਮੋਹਰੀ ਆਗੂ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਅੱਜ ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਏਕਤਾ ਆਜ਼ਾਦ ਦੇ ਸੱਦੇ ’ਤੇ ਨਾਭਾ ਸ਼ਹਿਰ ਮੁਕੰਮਲ ਤੌਰ ’ਤੇ ਬੰਦ ਰਿਹਾ। ਇਸ ਦੌਰਾਨ ਯੂਨੀਅਨ ਦੇ ਪ੍ਰਧਾਨ ਗਮਦੂਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਅਤੇ ਇਨਸਾਫ਼ ਪਸੰਦ ਲੋਕਾਂ ਵੱਲੋਂ ਬੋੜਾਗੇਟ ਵਿਖੇ ਵਿਸ਼ਾਲ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਬੰਦ ਨੂੰ ਸ਼ਹਿਰ ਦੇ ਵਪਾਰੀਆਂ ਵੱਲੋਂ ਭਰਵਾਂ ਸਮਰਥਨ ਦਿੱਤਾ ਗਿਆ। ਵਪਾਰੀਆਂ ਨੇ ਆਪਣੀਆਂ ਦੁਕਾਨਾਂ ਅਤੇ ਕਾਰੋਬਾਰੀ ਅਦਾਰੇ ਬੰਦ ਰੱਖ ਕੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿੰਦਾ ਕੀਤੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਬੰਦ ਕਾਰਨ ਸ਼ਹਿਰ ਦੇ ਬਾਜ਼ਾਰਾਂ ਵਿੱਚ ਕਾਰੋਬਾਰ ਪ੍ਰਭਾਵਿਤ ਰਿਹਾ ਅਤੇ ਧਰਨੇ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ।

ਧਰਨੇ ਨੂੰ ਸੰਬੋਧਨ ਕਰਦਿਆਂ ਬੀ.ਕੇ.ਯੂ. ਏਕਤਾ ਆਜ਼ਾਦ ਦੇ ਪ੍ਰਧਾਨ ਗਮਦੂਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦਾ ਕਤਲ ਬੇਹੱਦ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਸੂਬੇ ਵਿੱਚ ਨਸ਼ਿਆਂ ਅਤੇ ਅਪਰਾਧਾਂ ਦੇ ਮੁੱਦੇ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।

ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਤਲ ਕਾਂਡ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ ਅਤੇ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਸਮੇਤ ਕਥਿਤ ਤੌਰ ’ਤੇ ਉਨ੍ਹਾਂ ਦੀ ਮਦਦ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਜਾਰੀ ਰਹੇਗਾ।

ਇਸ ਮੌਕੇ ਕਿਸਾਨ ਆਗੂਆਂ ਨੇ ਬੰਦ ਨੂੰ ਸਫ਼ਲ ਬਣਾਉਣ ਅਤੇ ਇਨਸਾਫ਼ ਦੀ ਮੰਗ ਵਿੱਚ ਸਾਥ ਦੇਣ ਲਈ ਨਾਭਾ ਦੇ ਸਮੂਹ ਦੁਕਾਨਦਾਰਾਂ ਅਤੇ ਵਪਾਰੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਸ ਮੌਕੇ ਗੁਰਪਿਆਰ ਸਿੰਘ, ਜਰਨੈਲ ਸਿੰਘ, ਅਵਤਾਰ ਸਿੰਘ, ਸੁਖਵਿੰਦਰ ਸਿੰਘ, ਰਾਜਪਾਲ ਸਿੰਘ, ਮੱਘਰ ਸਿੰਘ, ਵਿੱਕੀ ਸਿੰਘ, ਕੁਲਵਿੰਦਰ ਸਿੰਘ, ਜਗਰੂਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਸ਼ਹਿਰ ਵਾਸੀ ਹਾਜ਼ਰ ਸਨ।