ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਲਿਆ ਭਾਗ, ਜੇਤੂਆਂ ਨੂੰ ਕੀਤਾ ਸਨਮਾਨਿਤ

ਜਤਿੰਦਰ ਪਿੰਕਲ, ਫ਼ਿਰੋਜ਼ਪੁਰ: ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਸੁਨੀਤਾ ਰਾਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਫ਼ਿਰੋਜ਼ਪੁਰ ਕੋਮਲ ਅਰੋੜਾ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਰੁਕਨਾ ਬੇਗੂ, ਬਲਾਕ ਫ਼ਿਰੋਜ਼ਪੁਰ-1 ਵਿਖੇ ਬਲਾਕ ਪੱਧਰੀ ਵਿੱਦਿਅਕ ਅਤੇ ਸਹਿ-ਵਿੱਦਿਅਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਬਲਾਕ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਲਾ, ਪ੍ਰਤਿਭਾ ਅਤੇ ਸਿਰਜਣਾਤਮਕ ਯੋਗਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਮੁਕਾਬਲਿਆਂ ਦਾ ਪ੍ਰਬੰਧ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ੍ਰੀਮਤੀ ਸੁਮਨਦੀਪ ਕੌਰ ਅਤੇ ਸੀ.ਐੱਚ.ਟੀ. ਰੂਹੀ ਬਜਾਜ, ਪੂਜਾ, ਜਸਵਿੰਦਰ ਕੌਰ, ਗੁਰਬਚਨ ਸਿੰਘ, ਹਰਦੀਪ ਸਿੰਘ ਤੂਰ ਅਤੇ ਰਾਜੇਸ਼ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਰਿਸੋਰਸ ਪਰਸਨ ਸੁਭਾਸ਼ ਚੰਦਰ, ਬੀ.ਆਰ.ਸੀ. ਫ਼ਿਰੋਜ਼ਪੁਰ-2 ਪਰਮਜੀਤ ਸਿੰਘ ਅਤੇ ਬੀ.ਆਰ.ਸੀ. ਘੱਲ ਖੁਰਦ ਜਸਵਿੰਦਰ ਸਿੰਘ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਮੁਕਾਬਲਿਆਂ ਨੂੰ ਵਿਦਿਆਰਥੀਆਂ ਦੀ ਉਮਰ ਅਤੇ ਜਮਾਤਾਂ ਦੇ ਆਧਾਰ ‘ਤੇ ਦੋ ਵਰਗਾਂ ਵਿੱਚ ਵੰਡਿਆ ਗਿਆ। ਪਹਿਲੇ ਵਰਗ ਵਿੱਚ ਪ੍ਰੀ-ਪ੍ਰਾਇਮਰੀ ਤੋਂ ਦੂਜੀ ਜਮਾਤ ਤੱਕ ਅਤੇ ਦੂਜੇ ਵਰਗ ਵਿੱਚ ਤੀਜੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਦੌਰਾਨ ਸੁੰਦਰ ਲਿਖਾਈ, ਪਹਾੜੇ, ਲੋਕ ਗੀਤ, ਕਵਿਤਾ ਗਾਇਨ, ਬਾਲ ਗੀਤ, ਪੇਂਟਿੰਗ ਅਤੇ ਬੈਸਟ ਆਊਟ ਆਫ ਵੇਸਟ ਸਮੇਤ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਆਪਣੀ ਕਲਾਤਮਕ ਸੂਝ, ਯਾਦਦਾਸ਼ਤ, ਭਾਸ਼ਾਈ ਮੁਹਾਰਤ ਅਤੇ ਰਚਨਾਤਮਕ ਸੋਚ ਦਾ ਬਾਖੂਬੀ ਪ੍ਰਗਟਾਵਾ ਕੀਤਾ। ਇਸ ਤੋਂ ਇਲਾਵਾ ਅਧਿਆਪਕਾਂ ਲਈ ਵੀ ਸੁੰਦਰ ਲਿਖਾਈ ਦਾ ਵਿਸ਼ੇਸ਼ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਅਧਿਆਪਕਾਂ ਨੇ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

ਮੁਕਾਬਲਿਆਂ ਦੀ ਸਮਾਪਤੀ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ੍ਰੀਮਤੀ ਸੁਮਨਦੀਪ ਕੌਰ ਵੱਲੋਂ ਵੱਖ-ਵੱਖ ਮੁਕਾਬਲਿਆਂ ਵਿੱਚ ਜੇਤੂ ਰਹੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਮਕਸਦ ਸਿਰਫ਼ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਬੱਚਿਆਂ ਦੀਆਂ ਅੰਦਰੂਨੀ ਪ੍ਰਤਿਭਾਵਾਂ ਦੀ ਪਛਾਣ ਕਰਕੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਕਰਨਾ ਵੀ ਹੈ। ਅਜਿਹੇ ਮੁਕਾਬਲੇ ਬੱਚਿਆਂ ਵਿੱਚ ਆਤਮ-ਵਿਸ਼ਵਾਸ, ਮੁਕਾਬਲੇ ਦੀ ਭਾਵਨਾ ਅਤੇ ਸਿਰਜਣਾਤਮਕ ਸੋਚ ਨੂੰ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਭਵਿੱਖ ਵਿੱਚ ਜ਼ਿਲ੍ਹਾ ਅਤੇ ਸੂਬਾ ਪੱਧਰ ‘ਤੇ ਵੀ ਆਪਣੇ ਸਕੂਲ ਅਤੇ ਬਲਾਕ ਦਾ ਨਾਮ ਰੌਸ਼ਨ ਕਰਨਗੇ।

ਮੁਕਾਬਲਿਆਂ ਦੌਰਾਨ ਜੱਜਾਂ ਵਜੋਂ ਨਿਯੁਕਤ ਅਧਿਆਪਕਾਂ ਨੇ ਪੂਰੀ ਨਿਰਪੱਖਤਾ ਅਤੇ ਪਾਰਦਰਸ਼ਤਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਈ। ਅੰਤ ਵਿੱਚ ਸਮੂਹ ਪ੍ਰਬੰਧਕਾਂ ਵੱਲੋਂ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੇਣ ਵਾਲੇ ਸਾਰੇ ਅਧਿਆਪਕਾਂ ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਅਧਿਆਪਕਾ ਬਲਜਿੰਦਰ ਕੌਰ, ਵੰਦਨਾ ਸ਼ਰਮਾ, ਸਤਵਿੰਦਰ ਸਿੰਘ, ਜਗਮੀਤ ਸਿੰਘ, ਪੂਨਮ, ਸੁਦੇਸ਼ ਰਾਣੀ, ਕਰਨ, ਸ਼ਾਲਿਨੀ, ਵੀਨੂੰ ਬਾਲਾ, ਮਧੂ ਬਾਲਾ, ਹਨੁਤ ਕੁਮਾਰ, ਵਰਿੰਦਰ ਕੌਰ, ਸਲਵਿੰਦਰ ਕੌਰ, ਸਰਵਜੀਤ ਸਿੰਘ, ਮੀਨਾਕਸ਼ੀ, ਸ਼ਰੂਤੀ ਭੰਡਾਰੀ, ਵਿਕਾਸ ਮੈਣੀ, ਜਸਪ੍ਰੀਤ ਕੌਰ, ਦੀਪਕ ਰਾਣੀ, ਗਗਨਦੀਪ ਸਿੰਘ, ਗੁਰਪ੍ਰੀਤ ਕੌਰ, ਪੂਜਾ ਗਰਗ, ਲਖਵਿੰਦਰ ਸਿੰਘ, ਮਨਪ੍ਰੀਤ ਕੌਰ, ਕੁਲਦੀਪ ਸਿੰਘ, ਸੁਰਿੰਦਰ ਕੁਮਾਰ ਨਰੂਲਾ, ਹਰਦੀਪ ਸਿੰਘ, ਨਵਨੀਤਾ, ਦਲੇਰ ਸਿੰਘ, ਸਾਕਸ਼ੀ ਅਤੇ ਬਿਕਰਮਜੀਤ ਸਿੰਘ ਹਾਜ਼ਰ ਸਨ। ਸਰਪੰਚ ਬਲਵਿੰਦਰ ਸਿੰਘ, ਪੰਚਾਇਤੀ ਨੁਮਾਇੰਦਿਆਂ ਅਤੇ ਸਮੂਹ ਅਧਿਆਪਕਾਂ ਦੇ ਸਾਂਝੇ ਯਤਨਾਂ ਅਤੇ ਸਹਿਯੋਗ ਸਦਕਾ ਇਹ ਸਮਾਗਮ ਯਾਦਗਾਰੀ ਹੋ ਨਿਬੜਿਆ।