ਪੰਜਾਬ ਵਿੱਚ ਲਗਾਤਾਰ ਮਿਲ ਰਹੀਆਂ ਬੰਬ ਧਮਕੀਆਂ ਦੇ ਦਰਮਿਆਨ ਹੁਣ ਸੂਬੇ ਦੇ 5 ਪ੍ਰਸਿੱਧ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਤੋਂ ਪਹਿਲਾਂ ਸਕੂਲਾਂ ਅਤੇ ਕੋਰਟ ਕੰਪਲੈਕਸਾਂ ਨੂੰ ਧਮਕੀ ਭਰੇ ਈ-ਮੇਲ ਭੇਜੇ ਜਾ ਰਹੇ ਸਨ, ਪਰ ਹੁਣ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ, ਪਟਿਆਲਾ ਦੇ ਕਾਲੀ ਦੇਵੀ ਮੰਦਰ, ਜਲੰਧਰ ਦੇ ਦੇਵੀ ਤਾਲਾਬ ਮੰਦਰ, ਬਠਿੰਡਾ ਦੇ ਮਾਈਸਰ ਖਾਨਾ ਮੰਦਰ ਅਤੇ ਪਠਾਨਕੋਟ ਦੇ ਮੁਕਤੇਸ਼ਵਰ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।

ਈ-ਮੇਲ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਦੁਪਹਿਰ 1:11 ਵਜੇ ਤੋਂ 3:11 ਵਜੇ ਦੇ ਵਿਚਕਾਰ ਮੰਦਰਾਂ ਵਿੱਚ ਧਮਾਕੇ ਹੋਣਗੇ। ਨਾਲ ਹੀ ਇਹ ਵੀ ਲਿਖਿਆ ਗਿਆ ਹੈ ਕਿ ਇਹ ਧਮਾਕੇ 6 ਜੂਨ 1984 ਨੂੰ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਫੌਜੀ ਆਪ੍ਰੇਸ਼ਨ ਦਾ ਬਦਲਾ ਹਨ।

ਜ਼ਿਕਰਯੋਗ ਹੈ ਕਿ ਜਲੰਧਰ ਵਿੱਚ ਇੱਕ ਹਫ਼ਤੇ ਦੇ ਅੰਦਰ ਇਹ ਦੂਜੀ ਅਜਿਹੀ ਧਮਕੀ ਹੈ। ਕੁਝ ਦਿਨ ਪਹਿਲਾਂ ਜ਼ਿਲ੍ਹਾ ਕੋਰਟ ਕੰਪਲੈਕਸ ਵਿੱਚ ਬੰਬ ਰੱਖੇ ਜਾਣ ਦੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਸੀ, ਪਰ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ ਸੀ।

ਉੱਧਰ ਚੰਡੀਗੜ੍ਹ ਸਥਿਤ ਜਾਬ ਸਿਵਲ ਸਕੱਤਰੇਤ ਨੂੰ ਵੀ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੂਚਨਾ ਮਿਲਦੇ ਹੀ ਪੁਲਿਸ, ਬੰਬ ਨਿਰੋਧਕ ਦਸਤੇ ਅਤੇ ਹੋਰ ਸੁਰੱਖਿਆ ਏਜੰਸੀਆਂ ਮੌਕੇ ’ਤੇ ਪਹੁੰਚ ਗਈਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ। ਈ-ਮੇਲ ਵਿੱਚ ਅੰਬਾਲਾ-ਦਿੱਲੀ ਰੂਟ ’ਤੇ 5 ਅਤੇ 6 ਜੂਨ ਨੂੰ ਯਾਤਰਾ ਨਾ ਕਰਨ ਅਤੇ ਬੱਚਿਆਂ ਨੂੰ ਸੁਰੱਖਿਅਤ ਰੱਖਣ ਦੀ ਵੀ ਚੇਤਾਵਨੀ ਦਿੱਤੀ ਗਈ ਹੈ।

ਫਿਲਹਾਲ ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਧਮਕੀ ਭੇਜਣ ਵਾਲਿਆਂ ਦੀ ਪਛਾਣ ਕਰਨ ਦੇ ਯਤਨ ਜਾਰੀ ਹਨ। :::

Edit