ਜਲੰਧਰ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੂਰੀ ਇਮਾਰਤ ਕਰਵਾਈ ਖਾਲੀ

ਜਲੰਧਰ ਕੋਰਟ ਕੰਪਲੈਕਸ ਵਿੱਚ ਸੋਮਵਾਰ ਨੂੰ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਸੂਚਨਾ ਸਾਹਮਣੇ ਆਈ। ਧਮਕੀ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ।

ਸੁਰੱਖਿਆ ਦੇ ਮੱਦੇਨਜ਼ਰ ਕੋਰਟ ਕੰਪਲੈਕਸ ਵਿੱਚ ਮੌਜੂਦ ਸਾਰੇ ਜੱਜਾਂ, ਵਕੀਲਾਂ, ਅਦਾਲਤੀ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਤੁਰੰਤ ਇਮਾਰਤ ਵਿੱਚੋਂ ਬਾਹਰ ਕੱਢ ਦਿੱਤਾ ਗਿਆ। ਪੁਲਿਸ ਵੱਲੋਂ ਪੂਰੀ ਬਿਲਡਿੰਗ ਨੂੰ ਖਾਲੀ ਕਰਵਾ ਕੇ ਆਪਣੇ ਘੇਰੇ ਵਿੱਚ ਲੈ ਲਿਆ ਗਿਆ ਹੈ ਅਤੇ ਸਾਰੇ ਐਂਟਰੀ ਪੁਆਇੰਟ ਸੀਲ ਕਰ ਦਿੱਤੇ ਗਏ ਹਨ।

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਬੰਬ ਸਕੁਐਡ ਅਤੇ ਡੌਗ ਸਕੁਐਡ ਦੀਆਂ ਵਿਸ਼ੇਸ਼ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਹਨ। ਟੀਮਾਂ ਵੱਲੋਂ ਕੋਰਟ ਕੰਪਲੈਕਸ ਦੇ ਹਰ ਕੋਨੇ, ਪਾਰਕਿੰਗ ਏਰੀਆ ਅਤੇ ਕਮਰਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ।

ਪੁਲਿਸ ਦੇ ਉੱਚ ਅਧਿਕਾਰੀਆਂ ਨੇ ਦੱਸਿਆ ਕਿ ਧਮਕੀ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਨਾਲ ਹੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਧਮਕੀ ਕਿਸ ਰਾਹੀਂ ਅਤੇ ਕਿੱਥੋਂ ਦਿੱਤੀ ਗਈ ਸੀ। ਫਿਲਹਾਲ ਕੋਰਟ ਕੰਪਲੈਕਸ ਵਿੱਚ ਸਰਚ ਆਪਰੇਸ਼ਨ ਜਾਰੀ ਹੈ ਅਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।