ਰਾਜਪੁਰਾ ਦੇ ਨਜ਼ਦੀਕੀ ਪਿੰਡ ਮੰਡੋਲੀ ਕੋਲੋਂ ਲੰਘਦੀ ਖੇੜੀ ਗੰਡਿਆਂ ਨਹਿਰ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਲਾਂਡਰਾ ਨਿਵਾਸੀ ਇੱਕੋ ਪਰਿਵਾਰ ਦੇ 5 ਮੈਂਬਰਾਂ ਨੇ ਮੋਟਰਸਾਈਕਲ ਸਮੇਤ ਨਹਿਰ ਵਿੱਚ ਛਾਲ ਮਾਰ ਕੇ ਕਥਿਤ ਤੌਰ ‘ਤੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਇਸ ਦਰਦਨਾਕ ਘਟਨਾ ਦੌਰਾਨ ਪਤੀ-ਪਤਨੀ ਨੂੰ ਤਾਂ ਪਿੰਡ ਵਾਸੀਆਂ ਅਤੇ ਗੋਤਾਖੋਰਾਂ ਨੇ ਸੁਰੱਖਿਅਤ ਬਚਾ ਲਿਆ, ਪਰ ਤਿੰਨ ਮਾਸੂਮ ਬੱਚਿਆਂ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਪਰਿਵਾਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਨਹਿਰ ਕੋਲ ਪਹੁੰਚਿਆ ਅਤੇ ਅਚਾਨਕ ਮੋਟਰਸਾਈਕਲ ਸਮੇਤ ਨਹਿਰ ਵਿੱਚ ਛਾਲ ਮਾਰ ਦਿੱਤੀ। ਘਟਨਾ ਨੂੰ ਦੇਖ ਕੇ ਇਲਾਕਾ ਵਾਸੀਆਂ ਨੇ ਤੁਰੰਤ ਰੌਲਾ ਪਾਇਆ, ਜਿਸ ਤੋਂ ਬਾਅਦ ਗੋਤਾਖੋਰਾਂ ਅਤੇ ਲੋਕਾਂ ਨੇ ਨਹਿਰ ਵਿੱਚ ਛਾਲ ਮਾਰ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।

ਕਾਫੀ ਮੁਸ਼ੱਕਤ ਤੋਂ ਬਾਅਦ ਪਤੀ-ਪਤਨੀ ਨੂੰ ਜ਼ਿੰਦਾ ਬਾਹਰ ਕੱਢ ਲਿਆ ਗਿਆ, ਪਰ ਪਾਣੀ ਦੇ ਤੇਜ਼ ਬਹਾਅ ਕਾਰਨ ਤਿੰਨੋਂ ਬੱਚਿਆਂ ਨੂੰ ਬਚਾਇਆ ਨਹੀਂ ਜਾ ਸਕਿਆ। ਮ੍ਰਿਤਕ ਬੱਚਿਆਂ ਦੀ ਪਛਾਣ ਏਕਮ (14), ਮੁਸਕਾਨ (12) ਅਤੇ ਰਾਜਵੀਰ ਕੌਰ (8) ਵਜੋਂ ਹੋਈ ਹੈ। ਤਿੰਨੋਂ ਬੱਚਿਆਂ ਦੀਆਂ ਲਾਸ਼ਾਂ ਨਹਿਰ ਵਿੱਚੋਂ ਬਰਾਮਦ ਕਰਕੇ ਪੋਸਟਮਾਰਟਮ ਲਈ ਰਾਜਪੁਰਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਈਆਂ ਗਈਆਂ ਹਨ।

ਹਸਪਤਾਲ ਦੀ ਡਾਕਟਰ ਤਰਨਜੀਤ ਕੌਰ ਨੇ ਦੱਸਿਆ ਕਿ ਨਹਿਰ ਵਿੱਚੋਂ ਤਿੰਨ ਬੱਚਿਆਂ ਦੀਆਂ ਲਾਸ਼ਾਂ ਲਿਆਂਦੀਆਂ ਗਈਆਂ ਹਨ ਅਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉੱਥੇ ਹੀ ਗੋਤਾਖੋਰ ਰਾਜੀਵ ਕੁਮਾਰ ਨੇ ਦੱਸਿਆ ਕਿ ਪਰਿਵਾਰ ਨੇ ਮੋਟਰਸਾਈਕਲ ਸਮੇਤ ਨਹਿਰ ਵਿੱਚ ਛਾਲ ਮਾਰੀ ਸੀ। ਮੌਕੇ ‘ਤੇ ਪਹੁੰਚ ਕੇ ਪਤੀ-ਪਤਨੀ ਨੂੰ ਬਚਾ ਲਿਆ ਗਿਆ, ਪਰ ਬੱਚੇ ਪਾਣੀ ਦੇ ਤੇਜ਼ ਬਹਾਅ ਵਿੱਚ ਵਹਿ ਗਏ।

ਇਸ ਮਨਹੂਸ ਘਟਨਾ ਤੋਂ ਬਾਅਦ ਹਸਪਤਾਲ ਦੇ ਬਾਹਰ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ, ਜਦਕਿ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।