ਬੇਅਦਬੀ ਵਿਰੋਧੀ ਕਾਨੂੰਨ ਦੀ ਬਾਬਾ ਬਲਬੀਰ ਸਿੰਘ ਨੇ ਕੀਤੀ ਸ਼ਲਾਘਾ, ਕਿਹਾ- ਸਿੱਖ ਸੰਗਤ ਦੇ ਸੁਝਾਅ ਵੀ ਕੀਤੇ ਜਾਣ ਸ਼ਾਮਲ

ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ): ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਬੇਅਦਬੀ ਵਿਰੋਧੀ ਕਾਨੂੰਨ ਦਾ ਸਵਾਗਤ ਕਰਦਿਆਂ ਇਸ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨੂੰ ਰੋਕਣ ਲਈ ਇਹ ਕਾਨੂੰਨ ਇੱਕ ਮਹੱਤਵਪੂਰਨ ਕਦਮ ਹੈ ਅਤੇ ਇਸ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਰੱਖਿਆ ਹੋਵੇਗੀ।

ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਕਾਨੂੰਨ ਬਣਾ ਕੇ ਇੱਕ ਚੰਗਾ ਉਪਰਾਲਾ ਕੀਤਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਕਾਨੂੰਨ ਲਾਗੂ ਹੋਣ ਤੋਂ ਬਾਅਦ ਬੇਅਦਬੀ ਦੀਆਂ ਘਟਨਾਵਾਂ ਕਰਨ ਵਾਲੇ ਅਨਸਰਾਂ ਵਿੱਚ ਡਰ ਪੈਦਾ ਹੋਇਆ ਹੈ ਅਤੇ ਅਜਿਹੀਆਂ ਘਟਨਾਵਾਂ ‘ਤੇ ਕਾਫ਼ੀ ਹੱਦ ਤੱਕ ਰੋਕ ਲੱਗੀ ਹੈ।

ਉਨ੍ਹਾਂ ਇਹ ਵੀ ਸੁਝਾਅ ਦਿੱਤਾ ਕਿ ਇਸ ਕਾਨੂੰਨ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਮਜ਼ਬੂਤ ਬਣਾਉਣ ਲਈ ਸਿੱਖ ਸੰਗਤਾਂ, ਧਾਰਮਿਕ ਜਥੇਬੰਦੀਆਂ ਅਤੇ ਵਿਦਵਾਨਾਂ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੰਗਤ ਦੀ ਰਾਇ ਨੂੰ ਤਰਜੀਹ ਦਿੱਤੀ ਜਾਵੇ ਤਾਂ ਇਹ ਕਾਨੂੰਨ ਹੋਰ ਵੀ ਬਿਹਤਰ ਢੰਗ ਨਾਲ ਆਪਣੇ ਮਕਸਦ ਨੂੰ ਪੂਰਾ ਕਰ ਸਕੇਗਾ।

ਬਾਬਾ ਬਲਬੀਰ ਸਿੰਘ ਨੇ ਆਸ ਪ੍ਰਗਟਾਈ ਕਿ ਸਰਕਾਰ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਸ ਕਾਨੂੰਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਾਰੇ ਪੱਖਾਂ ਨਾਲ ਵਿਚਾਰ-ਵਟਾਂਦਰਾ ਕਰੇਗੀ, ਤਾਂ ਜੋ ਭਵਿੱਖ ਵਿੱਚ ਬੇਅਦਬੀ ਵਰਗੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਰੋਕਿਆ ਜਾ ਸਕੇ।