ਪਾਕਿਸਤਾਨ ਵਿੱਚ ਉੱਤਰ-ਪੱਛਮੀ ’ਚ ਸਵੇਰੇ ਸ਼ੁੱਕਰਵਾਰ ਦਰਦਨਾਕ ਹਾਦਸੇ ’ਚ ਯਾਤਰੀਆਂ ਨਾਲ ਭਰੀ ਇਕ ਬੱਸ ਫਿਸਲ ਕੇ ਡੂੰਘੀ ਖੱਡ ‘ਚ ਡਿੱਗ ਗਈ। ਇਸ ਹਾਦਸੇ ’ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਇਸ ਹਾਦਸੇ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਗਿਲਗਿਤ-ਬਾਲਟਿਸਤਾਨ ਖੇਤਰ ਦੇ ਦਿਆਮੇਰ ਜ਼ਿਲ੍ਹੇ ਵਿਚ ਕਾਰਾਕੋਰਮ ਹਾਈਵੇਅ ‘ਤੇ ਵਾਪਰੀ ਹੈ। ਬੱਸ ਘੱਟੋ-ਘੱਟ 30 ਯਾਤਰੀਆਂ ਨੂੰ ਲੈ ਕੇ ਰਾਵਲਪਿੰਡੀ ਤੋਂ ਗਿਲਗਿਤ ਜਾ ਰਹੀ ਸੀ। ਉਨ੍ਹਾਂ ਨੇ ਕਿਹਾ ਕਿ ਬਚਾਅ ਕਾਰਜ ਜਾਰੀ ਹਨ ਅਤੇ ਜ਼ਖ਼ਮੀਆਂ ਅਤੇ ਲਾਸ਼ਾਂ ਨੂੰ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ।
ਅਧਿਕਾਰੀ ਨੇ ਕਿਹਾ ਕਿ ਇਹ ਸਪੱਸ਼ਟ ਨਹੀਂ ਹੈ ਕਿ ਬੱਸ ’ਚ ਕਿੰਨੇ ਯਾਤਰੀ ਸਨ। ਅਧਿਕਾਰੀ ਨੇ ਦੱਸਿਆ ਕਿ ਘਟਨਾ ‘ਚ ਜ਼ਖਮੀ ਹੋਏ ਘੱਟੋ-ਘੱਟ 15 ਲੋਕਾਂ ਨੂੰ ਚਿਲਾਸ ਦੇ ਇਕ ਹਸਪਤਾਲ ‘ਚ ਲਿਜਾਇਆ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਬਚਾਅ ਕਾਰਜ ਜਾਰੀ ਹਨ ਅਤੇ ਲਾਸ਼ਾਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਹਸਪਤਾਲ ਦੇ ਇੱਕ ਸੂਤਰ ਨੇ ਦੱਸਿਆ ਕਿ ਮਰਨ ਵਾਲਿਆਂ ’ਚ ਤਿੰਨ ਔਰਤਾਂ ਵੀ ਸ਼ਾਮਲ ਹਨ।
ਸੂਤਰਾਂ ਦੇ ਹਵਾਲੇ ਤੋਂ ਕਿਹਾ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ ਕਿਉਂਕਿ ਕਈ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਗਿਲਗਿਤ ਬਾਲਟਿਸਤਾਨ ਦੇ ਮੁੱਖ ਮੰਤਰੀ ਹਾਜੀ ਗੁਲਬਰ ਖਾਨ ਨੇ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਪ੍ਰਸ਼ਾਸਨ ਨੂੰ ਜ਼ਖਮੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਗਿਲਗਿਤ-ਬਾਲਟਿਸਤਾਨ ਸਰਕਾਰ ਦੇ ਬੁਲਾਰੇ ਫੈਜ਼ੁੱਲਾ ਫਾਰਕ ਨੇ ਕਿਹਾ ਕਿ ਹਾਦਸੇ ਤੋਂ ਬਾਅਦ ਚਿਲਾਸ ਹਸਪਤਾਲ ‘ਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ।