(ਅਮਿਤ ਨਖਵਾਲ) ਅੰਮ੍ਰਿਤਸਰ: ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਵਿੱਚ ਬੀਤੀ ਦੇਰ ਰਾਤ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਗੁਰਅਵਤਾਰ ਸਿੰਘ ਵਜੋਂ ਹੋਈ ਹੈ, ਜੋ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਦਰਦਨਾਕ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਅਤੇ ਦਹਿਸ਼ਤ ਦਾ ਮਾਹੌਲ ਹੈ, ਜਦਕਿ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਮ੍ਰਿਤਕ ਦੇ ਪਿਤਾ ਲਹੌਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦੀ ਪਿੰਡ ਦੇ ਹੀ ਗੁਰਜੰਟ ਸਿੰਘ, ਹਨੀ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਉਨ੍ਹਾਂ ਦੇ ਮੁਤਾਬਕ, ਬੀਤੀ ਰਾਤ ਮੁਲਜ਼ਮ ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ ਉਨ੍ਹਾਂ ਦੇ ਫਾਰਮਹਾਊਸ ‘ਤੇ ਪਹੁੰਚੇ ਅਤੇ ਗੁਰਅਵਤਾਰ ਸਿੰਘ ਨੂੰ ਬਾਹਰ ਆਉਣ ਲਈ ਆਵਾਜ਼ ਮਾਰੀ। ਜਿਵੇਂ ਹੀ ਉਹ ਬਾਹਰ ਆਇਆ ਤਾਂ ਦੋਵਾਂ ਧਿਰਾਂ ਵਿਚਾਲੇ ਤਕਰਾਰ ਹੋ ਗਈ।

ਪਰਿਵਾਰ ਨੇ ਦੋਸ਼ ਲਾਇਆ ਕਿ ਝਗੜਾ ਵਧਣ ‘ਤੇ ਗੁਰਜੰਟ ਸਿੰਘ ਅਤੇ ਹਨੀ ਨੇ ਕਥਿਤ ਤੌਰ ‘ਤੇ ਪਿਸਤੌਲ ਕੱਢ ਕੇ ਗੁਰਅਵਤਾਰ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲੈ ਕੇ ਗਏ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸਬੂਤ ਇਕੱਠੇ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਫ਼ਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਹਰ ਪੱਖੋਂ ਜਾਂਚ ਜਾਰੀ ਹੈ।