ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਖੁਲਾਸਾ: BJP ’ਚ 4 ਸਾਲ ਬਾਅਦ ਵੀ ਕੁਝ ਹਾਸਲ ਨਹੀਂ ਹੋਇਆ, ਕਿਹਾ—ਕਾਂਗਰਸ ’ਚ ਵਾਪਸੀ ਦੀ ਕੋਈ ਯੋਜਨਾ ਨਹੀਂ

ਚੰਡੀਗੜ੍ਹ, 25 ਸਤੰਬਰ (ਅਰਸ਼ਦੀਪ ਸਿੰਘ ਕਾਲੜਾ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਨਿੱਜੀ ਮੀਡੀਆ ਅਦਾਰੇ ਨਾਲ ਇੰਟਰਵਿਊ ਦੌਰਾਨ ਭਾਜਪਾ ਵਿੱਚ ਆਪਣੇ ਚਾਰ ਸਾਲ ਦੇ ਸਿਆਸੀ ਸਫ਼ਰ ਬਾਰੇ ਖੁੱਲ੍ਹ ਕੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੂੰ “ਕੁਝ ਵੀ ਹਾਸਲ ਨਹੀਂ ਹੋਇਆ” ਅਤੇ ਪੰਜਾਬ ਨਾਲ ਸਬੰਧਤ ਨੀਤੀਆਂ ਜਾਂ ਸਿਆਸੀ ਮਾਮਲਿਆਂ ਬਾਰੇ ਪਾਰਟੀ ਵੱਲੋਂ ਉਨ੍ਹਾਂ ਨਾਲ ਕੋਈ ਵਿਸ਼ੇਸ਼ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ।

ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਕਾਂਗਰਸ ਵਿੱਚ ਵਾਪਸੀ ਦੀ ਕੋਈ ਯੋਜਨਾ ਨਹੀਂ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਨਿੱਜੀ ਸਬੰਧ ਅਜੇ ਵੀ ਕਾਇਮ ਹਨ।

2027 ਚੋਣਾਂ ਬਾਰੇ ਕੈਪਟਨ ਦਾ ਦਾਅਵਾ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਕੈਪਟਨ ਨੇ ਕਿਹਾ ਕਿ ਇਸ ਸਮੇਂ ਸਿਆਸੀ ਤਸਵੀਰ ਸਪੱਸ਼ਟ ਨਹੀਂ ਹੈ ਅਤੇ ਕਿਸੇ ਪਾਰਟੀ ਦੀ ਸਥਿਤੀ ਬਾਰੇ ਪੱਕਾ ਕਹਿਣਾ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕੋਲ ਇਸ ਵੇਲੇ ਪੰਜਾਬ ਵਿੱਚ ਲੋੜੀਂਦਾ ਜ਼ਮੀਨੀ ਸਮਰਥਨ ਨਹੀਂ ਹੈ।

ਉਨ੍ਹਾਂ ਭਾਜਪਾ-ਸ਼੍ਰੋਮਣੀ ਅਕਾਲੀ ਦਲ ਗੱਠਜੋੜ ਦੀ ਵਕਾਲਤ ਕਰਦਿਆਂ ਕਿਹਾ ਕਿ ਜੇ ਭਾਜਪਾ ਪੰਜਾਬ ਵਿੱਚ ਸਰਕਾਰ ਬਣਾਉਣਾ ਚਾਹੁੰਦੀ ਹੈ ਤਾਂ ਅਕਾਲੀ ਦਲ ਨਾਲ ਗੱਠਜੋੜ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਪਹਿਲਾਂ ਵੀ ਇਕੱਠੇ ਹੋ ਕੇ ਸਰਕਾਰਾਂ ਬਣਾ ਚੁੱਕੀਆਂ ਹਨ ਅਤੇ ਹੁਣ ਇਹ ਸਾਂਝ ਕਿਉਂ ਨਹੀਂ ਹੋ ਸਕਦੀ, ਇਹ ਸਮਝ ਤੋਂ ਪਰੇ ਹੈ।

ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਹਮਾਇਤ

ਇੰਟਰਵਿਊ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਵੀ ਹਮਾਇਤ ਕੀਤੀ। ਉਨ੍ਹਾਂ ਕਿਹਾ ਕਿ ਜੇ ਕਿਸੇ ਵਿਅਕਤੀ ਨੇ ਕੋਈ ਗਲਤੀ ਕੀਤੀ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ, ਪਰ ਲੰਬੇ ਸਮੇਂ ਤੱਕ ਜੇਲ੍ਹ ਵਿੱਚ ਰੱਖਣ ਬਾਰੇ ਵੀ ਸਵਾਲ ਉੱਠਦੇ ਹਨ।

ਇਸੇ ਦੌਰਾਨ ਉਨ੍ਹਾਂ ਬੇਅੰਤ ਸਿੰਘ ਹੱਤਿਆ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਦਾ ਵੀ ਜ਼ਿਕਰ ਕੀਤਾ ਅਤੇ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੇ ਮਾਮਲੇ ’ਤੇ ਆਪਣੀ ਰਾਏ ਰੱਖੀ।

ਕੈਪਟਨ ਦੇ ਇਨ੍ਹਾਂ ਬਿਆਨਾਂ ਨਾਲ ਪੰਜਾਬ ਦੀ 2027 ਦੀ ਸਿਆਸਤ ਵਿੱਚ ਭਾਜਪਾ-ਅਕਾਲੀ ਦਲ ਗੱਠਜੋੜ ਅਤੇ ਉਨ੍ਹਾਂ ਦੀ ਆਪਣੀ ਸਿਆਸੀ ਭੂਮਿਕਾ ਨੂੰ ਲੈ ਕੇ ਚਰਚਾ ਮੁੜ ਤੇਜ਼ ਹੋ ਗਈ ਹੈ।