ਕਿਆਸਾਂ ਦੇ ਲੰਬੇ ਸਿਲਸਿਲੇ ਤੋਂ ਬਾਅਦ ਆਖਰਕਾਰ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਅੱਜ ਭਾਜਪਾ ਵਿੱਚ ਸ਼ਾਮਿਲ ਹੋਣਗੇ। ਉਨ੍ਹਾਂ ਨੇ ਕਈ ਸਟੇਜਾਂ ਉਤੋਂ ਆਪਣੇ ਭਾਸ਼ਣਾਂ ਦੌਰਾਨ ਭਾਜਪਾ ਦੀ ਹਮਾਇਤ ਕੀਤੀ ਸੀ, ਜਿਸ ਤੋਂ ਉਨ੍ਹਾਂ ਦੇ ਬੀਜੇਪੀ ਵਿੱਚ ਸ਼ਾਮਲ ਹੋਣ ਦੀਆਂ ਕਿਆਸਆਰੀਆਂ ਲਗਾਈਆਂ ਜਾ ਰਹੀਆਂ ਸਨ, ਉਨ੍ਹਾਂ ਦਾ ਪਰਿਵਾਰ ਯਾਨਿ ਕੈਪਟਨ ਅਮਰਿੰਦਰ ਸਿੰਘ ਅਤੇ ਬੇਟਾ ਰਣਇੰਦਰ ਸਿੰਘ ਬੇਟੀ ਜੈਇੰਦਰ ਕੌਰ ਦਸੰਬਰ 2022 ‘ਚ ਬੀਜੇਪੀ ਵਿੱਚ ਸ਼ਾਮਿਲ ਹੋ ਚੁੱਕੇ ਹਨ।
ਸੂਤਰਾਂ ਮੁਤਾਬਕ ਕਾਂਗਰਸ ਤੋਂ ਮੁਅੱਤਲ ਪ੍ਰਨੀਤ ਕੌਰ ਭਾਜਪਾ ਦੀ ਟਿਕਟ ‘ਤੇ ਪਟਿਆਲਾ ਤੋਂ ਚੋਣ ਲੜਨਗੇ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਲ ਹੀ ਵਿੱਚ ਦਿੱਲੀ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੀ ਮੀਟਿੰਗ ਵਿੱਚ ਅਕਾਲੀ ਦਲ ਨਾਲ ਗਠਜੋੜ ਬਾਰੇ ਵੀ ਚਰਚਾ ਕੀਤੀ ਗਈ।
ਇਸ ਦੌਰਾਨ ਕੈਪਟਨ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਗਠਜੋੜ ਨੂੰ ਬਿਹਤਰ ਦੱਸਿਆ। ਕੈਪਟਨ ਦੀ ਮੀਟਿੰਗ ਦਾ ਮਕਸਦ ਆਪਣੀ ਪਤਨੀ ਪ੍ਰਨੀਤ ਕੌਰ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਉਣਾ ਸੀ। ਸੂਤਰਾਂ ਅਨੁਸਾਰ ਦਿੱਲੀ ਵਿੱਚ ਪ੍ਰਨੀਤ ਕੌਰ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ ਹਰੀ ਝੰਡੀ ਦੇ ਦਿੱਤੀ ਗਈ ਹੈ। ਰਸਮੀ ਐਲਾਨ ਹੋਣਾ ਬਾਕੀ ਹੈ।
ਕਿਉਂਕਿ ਚੋਣ ਜ਼ਾਬਤਾ ਕਿਸੇ ਵੇਲੇ ਵੀ ਲਾਗੂ ਹੋ ਸਕਦਾ ਹੈ, ਇਸ ਲਈ ਮੰਨਿਆ ਜਾ ਰਿਹਾ ਹੈ ਕਿ ਪ੍ਰਨੀਤ ਕੌਰ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਉਨ੍ਹਾਂ ਦੀ ਸੀਟ ਵੀ ਤੈਅ ਹੋ ਜਾਵੇਗੀ। ਇਸ ਦੇ ਨਾਲ ਹੀ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਵੀ ਪ੍ਰਨੀਤ ਕੌਰ ਜਲਦੀ ਹੀ ਭਾਜਪਾ ਵਿੱਚ ਸ਼ਾਮਲ ਹੋਣ ਦੀ ਗੱਲ ਕਹੀ ਹੈ।