
Skip to content

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸੀਬੀਐਸਈ (CBSE) ਵੱਲੋਂ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਤ੍ਰਿਭਾਸ਼ਾ ਫਾਰਮੂਲਾ ਲਾਗੂ ਕਰਨ ਸਬੰਧੀ ਜਾਰੀ ਕੀਤੇ ਨਿਰਦੇਸ਼ਾਂ ‘ਤੇ ਫਿਲਹਾਲ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਲਈ ਸਹਿਮਤੀ ਦਿੰਦਿਆਂ ਕੇਂਦਰ ਸਰਕਾਰ, CBSE ਅਤੇ NCERT ਨੂੰ ਨੋਟਿਸ ਜਾਰੀ ਕਰਕੇ ਦੋ ਹਫ਼ਤਿਆਂ ਵਿੱਚ ਜਵਾਬ ਮੰਗਿਆ ਹੈ।
ਚੀਫ਼ ਜਸਟਿਸ ਸੂਰਿਆਕਾਂਤ ਦੀ ਅਗਵਾਈ ਵਾਲੀ ਬੈਂਚ ਨੇ ਮਾਮਲੇ ਦੀ ਅਗਲੀ ਸੁਣਵਾਈ ਜੁਲਾਈ ਦੇ ਦੂਜੇ ਹਫ਼ਤੇ ਲਈ ਨਿਰਧਾਰਤ ਕੀਤੀ ਹੈ। ਅਦਾਲਤ ਨੇ ਐਡੀਸ਼ਨਲ ਸਾਲਿਸਟਰ ਜਨਰਲ ਐਸ਼ਵਰਿਆ ਭਾਟੀ ਨੂੰ ਤ੍ਰਿਭਾਸ਼ਾ ਫਾਰਮੂਲੇ ਨੂੰ ਲਾਗੂ ਕਰਨ ਲਈ CBSE ਦੀਆਂ ਤਿਆਰੀਆਂ ਬਾਰੇ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ ਹੈ।
ਪਟੀਸ਼ਨਕਰਤਾਵਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਅਤੇ ਕਪਿਲ ਸਿੱਬਲ ਨੇ ਦਲੀਲ ਦਿੱਤੀ ਕਿ ਭਾਸ਼ਾ ਵਿਦਿਆਰਥੀਆਂ ਦੀ ਚੋਣ ਦਾ ਵਿਸ਼ਾ ਹੈ ਅਤੇ ਇਸ ਨੂੰ ਜ਼ਬਰਦਸਤੀ ਲਾਗੂ ਨਹੀਂ ਕੀਤਾ ਜਾ ਸਕਦਾ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕਿਹਾ ਕਿ ਇਸ ਮੌਕੇ ‘ਤੇ ਕੋਈ ਅੰਤਰਿਮ ਹੁਕਮ ਜਾਰੀ ਨਹੀਂ ਕੀਤਾ ਜਾ ਸਕਦਾ।
ਜ਼ਿਕਰਯੋਗ ਹੈ ਕਿ CBSE ਨੇ ਹਾਲ ਹੀ ਵਿੱਚ ਜਾਰੀ ਸਰਕੂਲਰ ਵਿੱਚ ਐਲਾਨ ਕੀਤਾ ਹੈ ਕਿ 1 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਨਵੇਂ ਸੈਸ਼ਨ ਤੋਂ 9ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਤਿੰਨ ਭਾਸ਼ਾਵਾਂ ਦੀ ਪੜ੍ਹਾਈ ਲਾਜ਼ਮੀ ਹੋਵੇਗੀ, ਜਿਨ੍ਹਾਂ ਵਿੱਚੋਂ ਦੋ ਭਾਰਤੀ ਮੂਲ ਦੀਆਂ ਭਾਸ਼ਾਵਾਂ ਹੋਣੀਆਂ ਜ਼ਰੂਰੀ ਹਨ।
ਨਵੀਂ ਸਿੱਖਿਆ ਨੀਤੀ (NEP) ਦੇ ਤਹਿਤ ਲਿਆਂਦੇ ਗਏ ਇਸ ਫੈਸਲੇ ਅਨੁਸਾਰ ਵਿਦਿਆਰਥੀ ਵਿਦੇਸ਼ੀ ਭਾਸ਼ਾ ਨੂੰ ਤੀਜੀ ਜਾਂ ਵਾਧੂ ਚੌਥੀ ਭਾਸ਼ਾ ਵਜੋਂ ਹੀ ਚੁਣ ਸਕਣਗੇ। ਇਸ ਮਾਮਲੇ ‘ਤੇ ਹੁਣ ਸਭ ਦੀਆਂ ਨਜ਼ਰਾਂ ਜੁਲਾਈ ਵਿੱਚ ਹੋਣ ਵਾਲੀ ਸੁਪਰੀਮ ਕੋਰਟ ਦੀ ਅਗਲੀ ਸੁਣਵਾਈ ‘ਤੇ ਟਿਕੀਆਂ ਹੋਈਆਂ ਹਨ।
Related