2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਕੇਸ਼ ਰਾਠੌਰ ਨੇ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਤੇਜ਼ ਕੀਤਾ ਜਨਸੰਪਰਕ ਅਭਿਆਨ

ਸੂਰਿਆ ਐਨਕਲੇਵ, ਗੁਰੂ ਗੋਬਿੰਦ ਸਿੰਘ ਐਵੇਨਿਊ ਅਤੇ ਗੁਰੂ ਨਾਨਕ ਪੁਰਾ ਵਿਖੇ ਹੋਈਆਂ ਮੀਟਿੰਗਾਂ, ਮੋਦੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਪ੍ਰਾਪਤੀਆਂ ਘਰ-ਘਰ ਪਹੁੰਚਾਉਣ ਦਾ ਲਿਆ ਸੰਕਲਪ

ਜਲੰਧਰ (ਨਵੀਨ ਪੁਰੀ) : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਅਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ ਵੱਲੋਂ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਪਾਰਟੀ ਦੀਆਂ ਸਰਗਰਮੀਆਂ ਅਤੇ ਜਨਸੰਪਰਕ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਇਸੇ ਤਹਿਤ ਵੱਖ-ਵੱਖ ਇਲਾਕਿਆਂ ਵਿੱਚ ਲੋਕਾਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਕੇਂਦਰ ਸਰਕਾਰ ਦੀਆਂ ਨੀਤੀਆਂ, ਪ੍ਰਾਪਤੀਆਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।

ਇਸੇ ਲੜੀ ਤਹਿਤ ਅੱਜ ਕੇਂਦਰੀ ਵਿਧਾਨ ਸਭਾ ਹਲਕੇ ਦੇ ਵਾਰਡ ਨੰਬਰ 22 ਦੇ ਸੂਰਿਆ ਐਨਕਲੇਵ ਵਿਖੇ ਸੁਤੰਤਰ ਤਿਵਾੜੀ, ਗੁਰੂ ਗੋਬਿੰਦ ਸਿੰਘ ਐਵੇਨਿਊ ਵਿਖੇ ਸਰਦਾਰ ਕਮਲਜੀਤ ਸਿੰਘ ਅਤੇ ਵਾਰਡ ਨੰਬਰ 20 ਦੇ ਗੁਰੂ ਨਾਨਕ ਪੁਰਾ ਵਿਖੇ ਅਸ਼ੋਕ ਕੁਮਾਰ ਦੇ ਨਿਵਾਸ ਸਥਾਨ ’ਤੇ ਵਿਸ਼ੇਸ਼ ਮੀਟਿੰਗਾਂ ਕੀਤੀਆਂ ਗਈਆਂ।

ਇਨ੍ਹਾਂ ਮੀਟਿੰਗਾਂ ਦੌਰਾਨ ਰਾਕੇਸ਼ ਰਾਠੌਰ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਵਿਕਾਸ, ਗਰੀਬਾਂ ਦੀ ਭਲਾਈ, ਮਹਿਲਾ ਸਸ਼ਕਤੀਕਰਨ, ਨੌਜਵਾਨਾਂ ਦੇ ਰੁਜ਼ਗਾਰ, ਕਿਸਾਨਾਂ ਦੇ ਹਿੱਤਾਂ ਅਤੇ ਆਮ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਰਾਕੇਸ਼ ਰਾਠੌਰ ਨੇ ਕਿਹਾ ਕਿ ਭਾਜਪਾ ਦੀ ਰਾਜਨੀਤੀ ਦਾ ਮੁੱਖ ਆਧਾਰ ਰਾਸ਼ਟਰ ਸੇਵਾ, ਵਿਕਾਸ ਅਤੇ ਲੋਕ ਭਲਾਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਤੱਕ ਵਿਕਾਸ ਦਾ ਲਾਭ ਪਹੁੰਚਾਉਣ ਲਈ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵਰਕਰਾਂ ਦੀ ਜ਼ਿੰਮੇਵਾਰੀ ਹੈ ਕਿ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਯੋਜਨਾਵਾਂ ਦੀ ਸਹੀ ਜਾਣਕਾਰੀ ਸਮਾਜ ਦੇ ਹਰ ਵਰਗ ਤੱਕ ਪਹੁੰਚਾਈ ਜਾਵੇ।

ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਜਨਤਾ ਦਾ ਵਿਸ਼ਵਾਸ ਅਤੇ ਸਮਰਥਨ ਕਿਸੇ ਵੀ ਸਿਆਸੀ ਸੰਗਠਨ ਦੀ ਅਹਿਮ ਤਾਕਤ ਹੁੰਦਾ ਹੈ। ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਲੋਕਾਂ ਨਾਲ ਲਗਾਤਾਰ ਹੋ ਰਿਹਾ ਸੰਵਾਦ ਅਤੇ ਮੀਟਿੰਗਾਂ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਲੋਕਾਂ ਦੇ ਮੁੱਦਿਆਂ ਅਤੇ ਸੁਝਾਵਾਂ ਨੂੰ ਸਮਝਣ ਦਾ ਮੌਕਾ ਪ੍ਰਦਾਨ ਕਰ ਰਹੀ ਹੈ।

ਰਾਕੇਸ਼ ਰਾਠੌਰ ਨੇ ਕਿਹਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਜਨਸੰਪਰਕ ਮੁਹਿੰਮ ਅਤੇ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ, ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰ ਪਹੁੰਚਾਏ ਜਾ ਸਕਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਸੁਝਾਵਾਂ ਨੂੰ ਵੀ ਸੁਣਿਆ ਜਾ ਸਕੇ।

ਇਸ ਮੌਕੇ ਭਾਜਪਾ ਜ਼ਿਲ੍ਹਾ ਜਲੰਧਰ ਦੇ ਸਾਬਕਾ ਪ੍ਰਧਾਨ ਰਮਨ ਪੱਬੀ, ਸੁਰੇਸ਼ ਸ਼ਰਮਾ, ਸਨੀ ਸ਼ਰਮਾ, ਜ਼ਿਲ੍ਹਾ ਮੀਤ ਪ੍ਰਧਾਨ ਮਨੀਸ਼ ਵਿਜ, ਯੁਵਾ ਮੋਰਚਾ ਇੰਚਾਰਜ ਸੰਜੀਵ ਸ਼ਰਮਾ ਮਨੀ, ਹਰਜਿੰਦਰ ਸਿੰਘ ਬਾਬੂ ਅਰੋੜਾ, ਰਾਜੀਵ ਤਿਵਾੜੀ, ਅਨੂਪ ਤਿਵਾੜੀ, ਕੁਲਦੀਪ ਭਾਟੀਆ, ਕਪਿਲ ਮਲਹੋਤਰਾ, ਸੋਨੂੰ, ਰੋਮੀ ਵਰਮਾ, ਬਵਲੇਸ਼ ਗੁਪਤਾ, ਲੂਥਰਾ, ਦੀਪਕ ਸ਼ਰਮਾ ਅਤੇ ਰਾਜਿੰਦਰ ਸ਼ਰਮਾ ਸਮੇਤ ਹੋਰ ਪਤਵੰਤੇ ਸੱਜਣ ਮੌਜੂਦ ਸਨ।