ਫਿਰੋਜ਼ਪੁਰ, ਜਤਿੰਦਰ ਪਿੰਕਲ: ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਕਿਸਾਨਾਂ ਦੀਆਂ ਹੱਕੀ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਮੋਰਚਾ ਲਾਇਆ ਜਾ ਰਿਹਾ ਹੈ। ਇਸ ਮੋਰਚੇ ਦੀਆਂ ਤਿਆਰੀਆਂ ਨੂੰ ਲੈ ਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ।

    ਮੀਟਿੰਗ ਦੌਰਾਨ ਨਵੇਂ ਸ਼ਾਮਲ ਹੋਏ ਆਗੂ ਜਗਜੀਤ ਸਿੰਘ ਕਾਦਾਬੋੜਾ ਨੂੰ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰੈਸ ਸਕੱਤਰ ਨਿਯੁਕਤ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਮੌਜੂਦਾ ਸਮੇਂ ਕਿਸਾਨ ਕਰਜ਼ੇ, ਵਧ ਰਹੀਆਂ ਖੇਤੀ ਲਾਗਤਾਂ, ਫ਼ਸਲਾਂ ਦੇ ਵਾਜਬ ਭਾਅ ਅਤੇ ਪਾਣੀਆਂ ਨਾਲ ਜੁੜੀਆਂ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ।

    ਆਗੂਆਂ ਨੇ ਕਿਹਾ ਕਿ ਸਰਕਾਰਾਂ ਵੱਲੋਂ ਵਾਰ-ਵਾਰ ਕੀਤੇ ਵਾਅਦਿਆਂ ਦੇ ਬਾਵਜੂਦ ਕਿਸਾਨਾਂ ਦੀਆਂ ਮੁੱਖ ਮੰਗਾਂ ਦਾ ਸਥਾਈ ਹੱਲ ਨਹੀਂ ਹੋ ਸਕਿਆ। ਮੋਰਚੇ ਦੀਆਂ ਪ੍ਰਮੁੱਖ ਮੰਗਾਂ ਵਿੱਚ ਕਿਸਾਨਾਂ ਦੇ ਸਮੁੱਚੇ ਕਰਜ਼ੇ ’ਤੇ ਰਾਹਤ ਜਾਂ ਮੁਆਫ਼ੀ, ਸਾਰੀਆਂ ਫ਼ਸਲਾਂ ਲਈ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ, ਕਿਸਾਨ ਵਿਰੋਧੀ ਟਰੇਡ ਡੀਲਾਂ ਰੱਦ ਕਰਨਾ, ਖੇਤੀ ਲਾਗਤਾਂ ਘਟਾਉਣਾ ਅਤੇ ਫ਼ਸਲਾਂ ਦੇ ਲਾਹੇਵੰਦ ਭਾਅ ਯਕੀਨੀ ਬਣਾਉਣਾ ਸ਼ਾਮਲ ਹੈ।

    ਇਸ ਤੋਂ ਇਲਾਵਾ ਪੰਜਾਬ ਦੇ ਦਰਿਆਈ ਪਾਣੀਆਂ, ਧਰਤੀ ਹੇਠਲੇ ਪਾਣੀ ਅਤੇ ਸਿੰਚਾਈ ਨਾਲ ਸਬੰਧਤ ਮਸਲਿਆਂ ਦਾ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸਥਾਈ ਹੱਲ ਕਰਨ ਦੀ ਮੰਗ ਵੀ ਮੋਰਚੇ ਦੌਰਾਨ ਜ਼ੋਰਦਾਰ ਢੰਗ ਨਾਲ ਉਠਾਈ ਜਾਵੇਗੀ।

    ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਕਿਸਾਨਾਂ, ਮਜ਼ਦੂਰਾਂ ਅਤੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਲੱਗਣ ਵਾਲੇ ਮੋਰਚੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋ ਕੇ ਕਿਸਾਨੀ ਅਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ।

    ਇਸ ਮੌਕੇ ਸੂਬਾ ਸਕੱਤਰ ਦਲਵਿੰਦਰ ਸਿੰਘ ਸ਼ੇਰਖਾਂ, ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਸੁਰਸਿੰਘ ਵਾਲਾ, ਜ਼ਿਲ੍ਹਾ ਖ਼ਜ਼ਾਨਚੀ ਰਣਜੀਤ ਸਿੰਘ ਝੋਕ ਸਮੇਤ ਗੁਰਜੱਜ ਸਿੰਘ, ਸਾਂਦੇ ਹਾਸ਼ਮ, ਵਿਕਰਮ ਬਾਰੇਕੇ, ਬਖ਼ਸ਼ੀਸ਼ ਨੰਬਰਦਾਰ, ਗੁਰਸੇਵਕ ਸਿੰਘ ਸੁਰਸਿੰਘ, ਜਸਵੀਰ ਸਿੰਘ ਮਲਵਾਲ, ਗੁਰਮੁਖ ਸਿੰਘ ਯਾਰੇਸ਼ਾਹ, ਗੁਰਬਖ਼ਸ਼ ਸਿੰਘ ਬਾਜ਼ੀਦਪੁਰ, ਸੁਖਦੇਵ ਸਿੰਘ ਮੱਲਵਾਲ, ਨਛੱਤਰ ਸਿੰਘ ਧੱਲੇਕੇ, ਹਰਪ੍ਰੀਤ ਸਿੰਘ ਯਾਰੇਸ਼ਾਹ, ਕੁਲਵੰਤ ਸਿੰਘ ਕਾਦਾਬੋੜਾ ਆਦਿ ਆਗੂ ਹਾਜ਼ਰ ਸਨ।