Skip to content
10 ਅਤੇ 11 ਨਵੰਬਰ ਨੂੰ ਕੁਝ ਥਾਵਾਂ ’ਤੇ ਹਲਕੀ ਬਾਰਿਸ਼ ਦੀ ਸੰਭਾਵਨਾ, ਚੰਡੀਗੜ੍ਹ ਵਿੱਚ ਪੰਜ ਦਿਨ ਰਹੇਗਾ ਮੌਸਮ ਖੁਸ਼ਕ
ਅਮਿਤ ਨੱਖਵਾਲ | ਚੰਡੀਗੜ੍ਹ : ਨਵੰਬਰ ਮਹੀਨੇ ਦਾ ਪਹਿਲਾ ਹਫ਼ਤਾ ਬੀਤਣ ਦੇ ਬਾਵਜੂਦ ਪੰਜਾਬ ਅਤੇ ਚੰਡੀਗੜ੍ਹ ਵਿੱਚ ਦਿਨ ਵੇਲੇ ਗਰਮੀ ਦਾ ਅਹਿਸਾਸ ਬਣਿਆ ਹੋਇਆ ਹੈ, ਜਦਕਿ ਰਾਤ ਅਤੇ ਸਵੇਰ ਦੇ ਸਮੇਂ ਹਲਕੀ ਠੰਢ ਮਹਿਸੂਸ ਹੋਣ ਲੱਗੀ ਹੈ। ਮੌਸਮ ਵਿਭਾਗ ਅਨੁਸਾਰ 6 ਨਵੰਬਰ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ ਅਤੇ ਆਉਣ ਵਾਲੇ ਕੁਝ ਦਿਨਾਂ ਦੌਰਾਨ ਵੀ ਮੌਸਮ ਮੁੱਖ ਤੌਰ ’ਤੇ ਖੁਸ਼ਕ ਰਹੇਗਾ।
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ ਖੇਤਰ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਕਾਰਨ ਤਾਪਮਾਨ ਆਮ ਨਾਲੋਂ ਉੱਪਰ ਪਹੁੰਚ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ 32.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ, ਜਦਕਿ ਪਟਿਆਲਾ ਅਤੇ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 32.4 ਡਿਗਰੀ ਰਿਹਾ। ਪਿਛਲੇ ਦਿਨਾਂ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਕਿਤੇ ਵੀ ਮੀਂਹ ਦਰਜ ਨਹੀਂ ਕੀਤਾ ਗਿਆ।
ਰਾਤ ਦੇ ਤਾਪਮਾਨ ਵਿੱਚ ਗਿਰਾਵਟ ਕਾਰਨ ਸਵੇਰੇ ਅਤੇ ਰਾਤ ਨੂੰ ਠੰਢ ਵਧਣ ਲੱਗੀ ਹੈ। ਪਠਾਨਕੋਟ ਅਤੇ ਹੁਸ਼ਿਆਰਪੁਰ ਵਿੱਚ ਸਭ ਤੋਂ ਘੱਟ 13.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 13.6 ਡਿਗਰੀ, ਚੰਡੀਗੜ੍ਹ ਵਿੱਚ 13.7 ਡਿਗਰੀ, ਫਰੀਦਕੋਟ ਵਿੱਚ 14 ਡਿਗਰੀ ਅਤੇ ਗੁਰਦਾਸਪੁਰ ਵਿੱਚ 14.2 ਡਿਗਰੀ ਰਿਹਾ। ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ 15.2 ਡਿਗਰੀ, ਲੁਧਿਆਣਾ ਵਿੱਚ 15.4 ਡਿਗਰੀ ਅਤੇ ਪਟਿਆਲਾ ਵਿੱਚ 15 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
ਮੌਸਮ ਵਿਭਾਗ ਮੁਤਾਬਕ ਫਿਲਹਾਲ ਪਹਾੜੀ ਇਲਾਕਿਆਂ ਵਿੱਚ ਵੈਸਟਰਨ ਡਿਸਟਰਬੈਂਸ ਦਾ ਪ੍ਰਭਾਵ ਕਮਜ਼ੋਰ ਹੈ, ਪਰ 10 ਅਤੇ 11 ਨਵੰਬਰ ਨੂੰ ਇੱਕ ਨਵੀਂ ਪੱਛਮੀ ਗੜਬੜੀ ਪੱਛਮੀ ਹਿਮਾਲਿਆ ਖੇਤਰ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਸ ਦੇ ਚਲਦਿਆਂ ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦਾ ਅਸਰ ਪੰਜਾਬ ’ਤੇ ਵੀ ਪੈ ਸਕਦਾ ਹੈ ਅਤੇ 10 ਤੇ 11 ਨਵੰਬਰ ਨੂੰ ਸੂਬੇ ਦੇ ਕੁਝ ਸਥਾਨਾਂ ’ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਉੱਧਰ, ਚੰਡੀਗੜ੍ਹ ਵਿੱਚ 11 ਨਵੰਬਰ ਤੱਕ ਮੌਸਮ ਸਾਫ਼ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਦੂਜੇ ਪਾਸੇ ਤੇਜ਼ ਹਵਾਵਾਂ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਪ੍ਰਦੂਸ਼ਣ ਦੇ ਪੱਧਰ ਤੋਂ ਕੁਝ ਰਾਹਤ ਮਿਲੀ ਹੈ। ਹਾਲਾਂਕਿ ਮੌਸਮ ਵਿਭਾਗ ਦੇ ਅਨੁਮਾਨ ਅਨੁਸਾਰ 8 ਨਵੰਬਰ ਦੇ ਆਸ-ਪਾਸ ਹਵਾ ਦੀ ਰਫ਼ਤਾਰ ਘਟ ਸਕਦੀ ਹੈ, ਜਿਸ ਕਾਰਨ ਪ੍ਰਦੂਸ਼ਣ ਦਾ ਪੱਧਰ ਮੁੜ ਵਧਣ ਦਾ ਖ਼ਦਸ਼ਾ ਹੈ। ਇਸ ਦਾ ਅਸਰ ਪੰਜਾਬ ਦੇ ਨਾਲ-ਨਾਲ ਦਿੱਲੀ-ਐਨਸੀਆਰ ਖੇਤਰ ਵਿੱਚ ਵੀ ਦੇਖਣ ਨੂੰ ਮਿਲ ਸਕਦਾ ਹੈ।
ਰਿਪੋਰਟ: ਅਮਿਤ ਨੱਖਵਾਲ
Related