ਚੰਨੀ ਦੇ ਬਾਗ਼ੀ ਤੇਵਰਾਂ ਮਗਰੋਂ ਕਾਂਗਰਸ ਹਾਈਕਮਾਨ ਸਰਗਰਮ, ਦਿੱਲੀ ਤੋਂ ਆਈ ਕਾਲ; ਵੱਡਾ ਫ਼ੈਸਲਾ ਨਾ ਲੈਣ ਦੀ ਸਲਾਹ

ਚੰਡੀਗੜ੍ਹ (ਅਰਸ਼ਦੀਪ ਸਿੰਘ ਕਾਲੜਾ)  :- ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਪੰਜਾਬ ਕਾਂਗਰਸ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਬਾਗ਼ੀ ਰੁਖ਼ ਤੋਂ ਬਾਅਦ ਕਾਂਗਰਸ ਹਾਈਕਮਾਨ ਹਰਕਤ ਵਿੱਚ ਆ ਗਿਆ ਹੈ। ਸੂਤਰਾਂ ਮੁਤਾਬਕ ਦਿੱਲੀ ਦੇ ਇੱਕ ਸੀਨੀਅਰ ਕਾਂਗਰਸੀ ਆਗੂ ਨੇ ਚੰਨੀ ਨਾਲ ਫ਼ੋਨ ‘ਤੇ ਗੱਲ ਕਰਕੇ ਉਨ੍ਹਾਂ ਨੂੰ ਕੋਈ ਵੀ ਵੱਡਾ ਸਿਆਸੀ ਕਦਮ ਨਾ ਚੁੱਕਣ ਦੀ ਸਲਾਹ ਦਿੱਤੀ ਹੈ।

ਚੰਨੀ ਦੇ ਨਜ਼ਦੀਕੀ ਸੂਤਰਾਂ ਅਨੁਸਾਰ, ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਰਾਹੁਲ ਗਾਂਧੀ 7 ਜੁਲਾਈ ਨੂੰ ਵਿਦੇਸ਼ ਦੌਰੇ ਤੋਂ ਵਾਪਸ ਆਉਣ ਤੋਂ ਬਾਅਦ ਉਨ੍ਹਾਂ ਨਾਲ ਮੁਲਾਕਾਤ ਕਰਵਾਈ ਜਾਵੇਗੀ, ਜਿਸ ਦੌਰਾਨ ਉਨ੍ਹਾਂ ਦੀਆਂ ਸਾਰੀਆਂ ਚਿੰਤਾਵਾਂ ਅਤੇ ਇਤਰਾਜ਼ ਸੁਣੇ ਜਾਣਗੇ।

ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਵੀ ਸਰਗਰਮ ਹੋ ਗਏ ਹਨ। ਉਮੀਦ ਹੈ ਕਿ ਉਹ ਅੱਜ ਜਾਂ ਆਉਣ ਵਾਲੇ ਕੁਝ ਦਿਨਾਂ ਵਿੱਚ ਚੰਡੀਗੜ੍ਹ ਪਹੁੰਚ ਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਚਰਨਜੀਤ ਸਿੰਘ ਚੰਨੀ ਨਾਲ ਵੱਖ-ਵੱਖ ਮੀਟਿੰਗਾਂ ਕਰਨਗੇ, ਤਾਂ ਜੋ ਪਾਰਟੀ ਅੰਦਰ ਪੈਦਾ ਹੋਏ ਵਿਵਾਦ ਨੂੰ ਸੁਲਝਾਇਆ ਜਾ ਸਕੇ।

ਸ਼ੁੱਕਰਵਾਰ ਨੂੰ ਚੰਨੀ ਨੇ ਆਪਣੇ ਮੋਰਿੰਡਾ ਸਥਿਤ ਨਿਵਾਸ ‘ਤੇ 50 ਤੋਂ ਵੱਧ ਆਗੂਆਂ ਦੀ ਮੀਟਿੰਗ ਬੁਲਾਈ ਸੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਕਾਂਗਰਸ ਦੀ ਅਗਵਾਈ ਨੂੰ ਲੈ ਕੇ ਹਾਈਕਮਾਨ ਦੇ ਫ਼ੈਸਲੇ ‘ਤੇ ਸਵਾਲ ਚੁੱਕਦੇ ਹੋਏ ਤਿੱਖੀ ਨਾਰਾਜ਼ਗੀ ਜ਼ਾਹਿਰ ਕੀਤੀ।

ਚੰਨੀ ਧੜੇ ਨੇ ਐਲਾਨ ਕੀਤਾ ਹੈ ਕਿ ਉਹ ਇੱਕ ਹਫ਼ਤੇ ਦੇ ਅੰਦਰ ਕਾਂਗਰਸ ਹਾਈਕਮਾਨ ਨਾਲ ਮੁਲਾਕਾਤ ਕਰਕੇ ਆਪਣਾ ਪੱਖ ਰੱਖੇਗਾ। ਸਿਆਸੀ ਹਲਕਿਆਂ ਵਿੱਚ ਇਸ ਘਟਨਾਕ੍ਰਮ ਨੂੰ 2021 ਦੇ ਉਸ ਦੌਰ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ, ਜਦੋਂ ਨਵਜੋਤ ਸਿੰਘ ਸਿੱਧੂ ਦੇ ਦਬਾਅ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦਾ ਅਹੁਦਾ ਛੱਡਿਆ ਸੀ ਅਤੇ ਬਾਅਦ ਵਿੱਚ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਸੀ। ਹੁਣ ਇੱਕ ਵਾਰ ਫਿਰ ਚੰਨੀ ਦੇ ਰੁਖ਼ ਨੇ ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਨੂੰ ਗਰਮਾ ਦਿੱਤਾ ਹੈ।