ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਹਿਮ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਨੇ ਸ਼ੂਗਰਕੇਨ ਕੰਟਰੋਲ ਬੋਰਡ ਦੀ ਮੀਟਿੰਗ ਸੱਦੀ ਹੈ। ਇਸ ਮੀਟਿੰਗ ਵਿੱਚ ਗੰਨੇ ਨੇ ਭਾਅ ਨੂੰ ਲੈਕੇ ਚਰਚਾ ਹੋਵੇਗੀ। ਇਸ ਮੀਟਿੰਗ ਵਿੱਚ ਸ਼ੂਗਰ ਮਿੱਲ ਮਾਲਕ ਵੀ ਮੀਟਿੰਗ ‘ਚ ਸੱਦੇ ਹਨ। ਇਹ ਮੀਟਿੰਗ ਸਵੇਰੇ 11 ਵਜੇ ਮੁੱਖ ਮੰਤਰੀ ਰਿਹਾਇਸ਼ ਤੇ ਹੋਵੇਗੀ। ਬੀਤੇ ਦਿਨ ਹੋਈ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਸੀ ।
ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਭਾਅ ਦੇਣਾ ਜਾਰੀ ਰੱਖੇਗੀ, ਕਿਸਾਨ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰੇ ਮਗਰੋਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਗੰਨਾ ਕਾਸ਼ਤਕਾਰਾਂ ਨੂੰ ਵੱਧ ਕੀਮਤ ਦੇਣ ਵਿੱਚ ਹਮੇਸ਼ਾ ਪਹਿਲੇ ਨੰਬਰ ਉਤੇ ਰਹੀ ਹੈ ਅਤੇ ਹੁਣ ਵੀ ਇਹੀ ਰੁਝਾਨ ਜਾਰੀ ਰਹੇਗਾ। ਸੂਬਾ ਸਰਕਾਰ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ.) ਤਹਿਤ ਗੰਨੇ ਦਾ ਭਾਅ 380 ਰੁਪਏ ਪ੍ਰਤੀ ਕੁਇੰਟਲ ਦੇ ਰਹੀ ਸੀ, ਜਿਹੜਾ ਦੇਸ਼ ਵਿੱਚ ਹੁਣ ਤੱਕ ਸਭ ਤੋਂ ਵੱਧ ਸੀ ਪਰ ਹਰਿਆਣਾ ਨੇ ਹਾਲ ਹੀ ਵਿੱਚ ਇਹ ਭਾਅ ਵਧਾ ਕੇ 386 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਦਫ਼ਾ ਸਾਡੀ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਦੇ ਪਿਛਲੀਆਂ ਸਰਕਾਰਾਂ ਵੱਲੋਂ ਛੱਡੇ ਸਾਰੇ ਬਕਾਇਆ ਦਾ ਭੁਗਤਾਨ ਕਰ ਦਿੱਤਾ ਹੈ। ਸੂਬੇ ਵਿੱਚ 16 ਖੰਡ ਮਿੱਲਾਂ ਹਨ, ਜਿਨ੍ਹਾਂ ਵਿੱਚੋਂ ਨੌਂ ਸਹਿਕਾਰੀ ਖ਼ੇਤਰ ਦੀਆਂ ਹਨ ਅਤੇ ਬਾਕੀ ਪ੍ਰਾਈਵੇਟ ਖ਼ੇਤਰ ਨਾਲ ਸਬੰਧਤ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਰਫ਼ ਫਗਵਾੜਾ ਤੇ ਧੂਰੀ ਦੀਆਂ ਦੋ ਪ੍ਰਾਈਵੇਟ ਮਿੱਲਾਂ ਦੀ ਅਦਾਇਗੀ ਬਕਾਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਿੱਲਾਂ ਤੋਂ ਪੈਸੇ ਦੀ ਰਿਕਵਰੀ ਲਈ ਕਾਰਵਾਈ ਚੱਲ ਰਹੀ ਹੈ ਅਤੇ ਇਨ੍ਹਾਂ ਮਿੱਲਾਂ ਦੀਆਂ ਜਾਇਦਾਦਾਂ ਵੇਚਣ ਤੋਂ ਬਾਅਦ ਕਿਸਾਨਾਂ ਨੂੰ ਅਦਾਇਗੀ ਕੀਤੀ ਜਾਵੇਗੀ।