ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਦੇ IVF ਰਾਹੀਂ ਬੱਚੇ ਨੂੰ ਜਨਮ ਦੇਣ ‘ਤੇ ਕੇਂਦਰ ਸਰਕਾਰ ਨੇ ਇਕ ਨੋਟਿਸ ਜਾਰੀ ਕਰ ਕੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਕੇਂਦਰ ਸਰਕਾਰ ਮੁਤਾਬਕ Assisted Reproductive Technology (regulation) act 2021 ਦੇ ਸੈਕਸ਼ਨ 21 (ਜੀ) (ਆਈ) ਅਨੁਸਾਰ, ART ਸਰਵਿਸ ਲੈਣ ਲਈ ਉਮਰ ਦੀ ਸੀਮਾਂ 21 ਤੋਂ 50 ਸਾਲ ਤੱਕ ਹੈ।ਇਸ ਚਿੱਠੀ ਰਾਹੀਂ ਉਨ੍ਹਾਂ ਕਿਹਾ ਕਿ ਸਬੰਧਿਤ ਵਿਭਾਗ ਇਸ ਮਾਮਲੇ ਦੀ ਜਾਂਚ ਕਰਕੇ ਅਤੇ ਇਸ ਮਾਮਲੇ ‘ਚ ਕੀ ਐਕਸ਼ਨ ਲਿਆ ਹੈ ਉਸ ਦੀ ਰਿਪੋਰਟ ਕੇਂਦਰ ਸਰਕਾਰ ਦੇ ਪਰਿਵਾਰ ਭਲਾਈ ਵਿਭਾਗ ਨੂੰ ਭੇਜੇ। ਇਸ ਬਾਰੇ ਆਮ ਆਦਮੀ ਪਾਰਟੀ ਪੰਜਾਬ ਵਲੋਂ ਸੋਸ਼ਲ ਮੀਡੀਆ ਰਾਹੀਂ ਸਪਸ਼ਟੀਕਰਨ ਦਿੱਤਾ ਗਿਆ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਦੇ ਆਈ.ਵੀ.ਐਫ਼. ਇਲਾਜ ਦੀ ਰਿਪੋਰਟ ਮੰਗੀ ਹੈ।ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀਆਂ ਦੀਆਂ ਭਾਵਨਾਵਾਂ, ਉਨ੍ਹਾਂ ਦੇ ਜਜ਼ਬਾਤਾਂ ਦਾ ਦਿਲੋਂ ਸਨਮਾਨ ਕਰਦੇ ਹਨ, ਪਰ ਇਨ੍ਹਾਂ ਕਾਗ਼ਜ਼ਾਤਾਂ ਦੀ ਮੰਗ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਹੈ। ਸਮੂਹ ਪੰਜਾਬੀਆਂ ਅਤੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੇ ਸ਼ੁਭਚਿੰਤਕਾਂ ਨੂੰ ਅਪੀਲ ਹੈ ਕਿ ਉਹ ਅਫ਼ਵਾਹਾਂ ਤੋਂ ਸੁਚੇਤ ਰਹਿਣ। ਇਸ ਦੇ ਨਾਲ ਹੀ ਕੇਂਦਰ ਵਲੋਂ ਜਾਰੀ ਪੱਤਰ ਵੀ ਸਾਂਝਾ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਸਿਹਤ ਮੰਤਰੀ ਬਲਬੀਰ ਸਿੰਘ ਦਾ ਬਿਆਨ ਵੀ ਸਾਹਮਣੇ ਆਇਆ ਹੈ। ਸਿਹਤ ਮੰਤਰੀ ਨੇ ਬਲਕੌਰ ਸਿੰਘ ਅਤੇ ਚਰਨ ਕੌਰ ਨੂੰ ਲੱਖ-ਲੱਖ ਵਧਾਈਆਂ ਦਿੰਦਿਆਂ ਕਿਹਾ ਹੈ ਕਿ ਸਾਡੇ ਵੱਲੋਂ ਉਨ੍ਹਾਂ ਨੂੰ ਬਿਲਕੁੱਲ ਪਰੇਸ਼ਾਨ ਨਹੀਂ ਕੀਤਾ ਗਿਆ ਤੇ ਨਾ ਹੀ ਕੀਤਾ ਜਾਵੇਗਾ। ਉਕਤ ਚਿੱਠੀ ਕੇਂਦਰ ਸਰਕਾਰ ਨੇ ਭੇਜੀ ਹੈ। ਕੇਂਦਰ ਸਰਕਾਰ ਲੂੰਬੜ ਚਾਲਾਂ ਚੱਲ ਰਹੀ ਹੈ, ਉਨ੍ਹਾਂ ਦੀ ਸੋਚ ਘਟੀਆ ਹੈ। ਉਨ੍ਹਾਂ ਭਰੋਸਾ ਦਵਾਇਆ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਬਿਲਕੁੱਲ ਵੀ ਪਰੇਸ਼ਾਨ ਨਹੀਂ ਕੀਤਾ ਜਾਵੇਗਾ।